
ਯਾਤਰੀਆਂ ਨੂੰ ਸੁਰੱਖਿਅਤ ਉਤਾਰ ਲਿਆ ਗਿਆ ਸੀ
ਨਵੀਂ ਦਿੱਲੀ - ਸ਼ਨੀਵਾਰ ਨੂੰ ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਦੇ ਦੁਬਈ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ, ਉਸ ਦੇ ਕਾਰਗੋ ਹੋਲਡ ਵਿਚ ਸੱਪ ਮਿਲਿਆ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਵਾਬਾਜ਼ੀ ਰੈਗੂਲੇਟਰ ਡੀ.ਜੀ.ਸੀ.ਏ. ਇਸ ਘਟਨਾ ਦੀ ਜਾਂਚ ਕਰ ਰਿਹਾ ਹੈ।
ਬੀ737-800 ਜਹਾਜ਼ ਕਾਲੀਕਟ, ਕੇਰਲ ਤੋਂ ਆਇਆ ਸੀ ਅਤੇ ਯਾਤਰੀਆਂ ਨੂੰ ਸੁਰੱਖਿਅਤ ਉਤਾਰ ਲਿਆ ਗਿਆ ਸੀ।
ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ.ਸੀ.ਏ.) ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਦੁਬਈ ਹਵਾਈ ਅੱਡੇ 'ਤੇ ਪਹੁੰਚਣ 'ਤੇ ਜਹਾਜ਼ ਦੇ ਕਾਰਗੋ ਹੋਲਡ ਵਿੱਚ ਇੱਕ ਸੱਪ ਮਿਲਿਆ ਸੀ, ਅਤੇ ਹਵਾਈ ਅੱਡੇ ਦੀ ਫ਼ਾਇਰ ਸਰਵਿਸਿਜ਼ ਨੂੰ ਵੀ ਸੂਚਿਤ ਕੀਤਾ ਗਿਆ ਸੀ।
ਇਹ ਮੁਢਲੇ ਰੱਖ-ਰਖਾਅ 'ਚ ਕਮੀ ਦਾ ਨਤੀਜਾ ਹੈ। ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾਵੇਗੀ ਅਤੇ ਢੁਕਵੀਂ ਕਾਰਵਾਈ ਕੀਤੀ ਜਾਵੇਗੀ।
ਇਸ ਸੰਬੰਧੀ ਟਿੱਪਣੀ ਵਾਸਤੇ ਏਅਰ ਇੰਡੀਆ ਐਕਸਪ੍ਰੈਸ ਦੇ ਬੁਲਾਰੇ ਨਾਲ ਸੰਪਰਕ ਨਹੀਂ ਹੋ ਸਕਿਆ। ਯਾਤਰੀਆਂ ਦੀ ਗਿਣਤੀ ਬਾਰੇ ਵੇਰਵਿਆਂ ਦਾ ਵੀ ਤੁਰੰਤ ਪਤਾ ਨਹੀਂ ਲੱਗ ਸਕਿਆ।