
ਕਿਹਾ : ਗੁਰਪੁਰਬ ਤੇ ਹੋਰ ਧਾਰਮਿਕ ਤਿਉਹਾਰ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਮਨਾਏ ਜਾਣਗੇ
ਅੰਮ੍ਰਿਤਸਰ : ਪਾਕਿਸਤਾਨ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਜਾਣ ਵਾਲੇ ਸਿੱਖ ਜਥਿਆਂ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਭੇਜਣ ਦੀ ਅਪੀਲ ਕੀਤੀ ਹੈ। ਪਾਕਿਸਤਾਨ ਨੇ ਸਪੱਸ਼ਟ ਕੀਤਾ ਹੈ ਕਿ ਗੁਰਪੁਰਬ ਸਮਾਗਮਾਂ ਸਮੇਤ ਹੋਰ ਧਾਰਮਿਕ ਤਿਉਹਾਰ ਮੂਲ ਨਾਨਕਸ਼ਾਹੀ ਕੈਲੰਡਰ ਦੀ ਤਰੀਕਾਂ ਅਨੁਸਾਰ ਹੀ ਮਨਾਏ ਜਾਣਗੇ। ਇਸਦੇ ਉਲਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਵੱਲੋਂ ਨਵੇਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਜਥਾ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਐਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਫ਼ ਕੀਤਾ ਕਿ ਸੰਗਤਾਂ ਦੀ ਸਹੂਲਤ ਅਤੇ ਪੰਥਕ ਇਕਜੁਟਤਾ ਨੂੰ ਧਿਆਨ ਵਿੱਚ ਰੱਖਦਿਆਂ ਉਹ ਆਪਣੇ ਤੈਅ ਕੀਤੇ ਕੈਲੰਡਰ ਅਨੁਸਾਰ ਹੀ ਤਾਰੀਖਾਂ ਨੂੰ ਮੰਨਣਗੇ। ਇਸ ਮਾਮਲੇ ਕਾਰਨ ਸਿੱਖ ਭਾਈਚਾਰੇ ਵਿੱਚ ਇੱਕ ਵਾਰ ਫਿਰ ਕੈਲੰਡਰ ਵਿਵਾਦ ਚਰਚਾ ਵਿੱਚ ਆ ਗਿਆ ਹੈ। ਕਈ ਵਿਦਵਾਨਾਂ ਦਾ ਮੰਨਣਾ ਹੈ ਕਿ ਮੂਲ ਨਾਨਕਸ਼ਾਹੀ ਕੈਲੰਡਰ ਸਿੱਖ ਧਰਮ ਦੇ ਸਿਧਾਂਤਾਂ ਅਨੁਸਾਰ ਵਧੇਰੇ ਪ੍ਰਮਾਣਿਕ ਹੈ, ਜਦਕਿ ਐਸ.ਜੀ.ਪੀ.ਸੀ. ਦਾ ਨਵਾਂ ਕੈਲੰਡਰ ਜ਼ਿਆਦਾਤਰ ਸੰਗਤਾਂ ਵੱਲੋਂ ਵਰਤਿਆ ਜਾ ਰਿਹਾ ਹੈ।
ਪਾਕਿਸਤਾਨ ਵੱਲੋਂ ਕੀਤੀ ਗਈ ਇਸ ਅਪੀਲ ਨਾਲ ਆਉਣ ਵਾਲੇ ਗੁਰਪੁਰਬ ਸਮਾਗਮਾਂ ਨੂੰ ਲੈ ਕੇ ਦੁਚਿੱਤੀ ਪਾਈ ਜਾ ਰਹੀ ਹੈ। ਭਾਰਤ ਤੋਂ ਜਾਣ ਵਾਲੇ ਸਿੱਖ ਜਥੇ ਇਸ ਗੱਲ ਨੂੰ ਲੈ ਕੇ ਦੁਚਿੱਤੀ ਵਿੱਚ ਹਨ ਕਿ ਉਹ ਕਿਹੜੇ ਕੈਲੰਡਰ ਅਨੁਸਾਰ ਯਾਤਰਾ ਕਰਨ। ਹਾਲਾਂਕਿ ਸਿੱਖ ਆਗੂਆਂ ਦਾ ਕਹਿਣਾ ਹੈ ਕਿ ਸਾਰੀਆਂ ਉਲਝਣਾਂ ਨੂੰ ਗੱਲਬਾਤ ਰਾਹੀਂ ਸੁਲਝਾ ਲਿਆ ਜਾਵੇਗਾ ਅਤੇ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।