
ਕੈਨੇਡਾ ਤੋਂ ਦੇਸ਼ ਨਿਕਾਲੇ ਦਾ ਸਾਹਮਣਾ ਕਰ ਵਿਦਿਆਰਥੀ ਧੋਖਾਧੜੀ ਦਾ ਸ਼ਿਕਾਰ : ਕੈਨੇਡੀਆਈ ਮੰਤਰੀ
ਟੋਰੰਟੋ: ਕੈਨੇਡਾ ਨੇ ਮੰਨ ਲਿਆ ਹੈ ਕਿ ਜਾਅਲੀ ਦਸਤਾਵੇਜ਼ਾਂ ਦੇ ਮਾਮਲੇ ਵਿਚ ਕੈਨੇਡਾ ਤੋਂ ਦੇਸ਼ ਨਿਕਾਲੇ ਦਾ ਸਾਹਮਣਾ ਕਰ ਵਿਦਿਆਰਥੀ ਧੋਖਾਧੜੀ ਦਾ ਸ਼ਿਕਾਰ ਹਨ। ਦੇਸ਼ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਕਿਹਾ ਕਿ ਉਹ ਇਕ ਪ੍ਰਕਿਰਿਆ ਸ਼ੁਰੂ ਕਰਨਗੇ ਤਾਂ ਜੋ ਉਹ ਸਾਬਤ ਕਰ ਸਕਣ ਕਿ ਉਨ੍ਹਾਂ ਦਾ ਫਾਇਦਾ ਉਠਾਇਆ ਗਿਆ ਸੀ ਅਤੇ ਉਨ੍ਹਾਂ ਲਈ ਢੁਕਵਾਂ ਹਲ ਮੁਹਈਆ ਕਰਵਾਇਆ ਜਾਵੇਗਾ।
ਕੈਨੇਡਾ ਦੇ ਅਧਿਕਾਰੀਆਂ ਨੇ ਵੇਖਿਆ ਸੀ ਕਿ ਵਿਦਿਅਕ ਸੰਸਥਾਨਾਂ ’ਚ ਜਮ੍ਹਾਂ ਭਾਰਤੀ ਵਿਦਿਆਰਥੀਆਂ ਦੇ ਦਾਖ਼ਲਾ ਪੱਤਰ ਫ਼ਰਜ਼ੀ ਹਨ, ਜਿਸ ਤੋਂ ਬਾਅਦ ਉਨ੍ਹਾਂ ’ਤੇ ਡੀਪੋਰਟ ਹੋਣ ਦਾ ਖ਼ਤਰਾ ਮੰਡਰਾ ਰਿਹਾ ਹੈ। ਇਨ੍ਹਾਂ ’ਚੋਂ ਜ਼ਿਆਦਾਤਰ ਵਿਦਿਆਰਥੀ ਪੰਜਾਬ ਤੋਂ ਹਨ। ਇਹ ਮਾਮਲਾ ਮਾਰਚ ’ਚ ਸਾਹਮਣੇ ਆਇਆ ਸੀ, ਜਦੋਂ ਇਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ’ਚ ਪੱਕੀ ਰਿਹਾਇਸ਼ ਲਈ ਬਿਨੈ ਕੀਤਾ ਸੀ।
ਸੋਮਵਾਰ ਨੂੰ ਹਾਊਸ ਆਫ ਕਾਮਨਜ਼ ਵਿਚ ਪ੍ਰਸ਼ਨ ਕਾਲ ਦੌਰਾਨ, ਫਰੇਜ਼ਰ ਨੇ ਦੁਹਰਾਇਆ ਕਿ ਉਹ ਨਿਰਦੋਸ਼ ਵਿਦਿਆਰਥੀਆਂ ਦੀ ਮਦਦ ਕਰਨ ਲਈ ਕੰਮ ਕਰ ਰਹੇ ਹਨ।
ਵਿਰੋਧੀ ਨਿਊ ਡੈਮੋਕਰੇਟਿਕ ਪਾਰਟੀ ਦੀ ਮੈਂਬਰ ਜੈਨੀ ਕਵਾਨ ਦੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਉਨ੍ਹਾਂ ਕਿਹਾ, ‘‘ਮੈਨੂੰ ਇਹ ਸਾਂਝਾ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਸੀਂ ਇਕ ਹਫ਼ਤਾ ਪਹਿਲਾਂ ਚਰਚਾ ਕੀਤੀ ਸੀ ਕਿ ਅਸੀਂ ਇਸ ਮਸਲੇ ਦੇ ਹੱਲ ਲਈ ਸਖ਼ਤ ਮਿਹਨਤ ਕਰ ਰਹੇ ਹਾਂ। ਅਸੀਂ ਇਹ ਯਕੀਨੀ ਬਣਾਉਣ ਲਈ ਇਕ ਪ੍ਰਕਿਰਿਆ ਵਿਕਸਿਤ ਕਰਨ ਲਈ ਕੰਮ ਕਰ ਰਹੇ ਹਾਂ ਕਿ ਧੋਖਾਧੜੀ ਦਾ ਸ਼ਿਕਾਰ ਹੋਏ ਮਾਸੂਮ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਰਹਿਣ ਦਾ ਮੌਕਾ ਮਿਲੇ।’’
ਫਰੇਜ਼ਰ ਨੇ ਕਿਹਾ ਕਿ ਜਿਨ੍ਹਾਂ ਨੇ ਜਾਣਬੁੱਝ ਕੇ ਧੋਖਾਧੜੀ ਕੀਤੀ ਜਾਂ ਧੋਖਾਧੜੀ ਵਾਲੀ ਸਕੀਮ ਵਿਚ ਸ਼ਾਮਲ ਸਨ, ਉਨ੍ਹਾਂ ਨੂੰ ਕੈਨੇਡੀਅਨ ਕਾਨੂੰਨਾਂ ਦੀ ਪਾਲਣਾ ਨਾ ਕਰਨ ਦੇ ਨਤੀਜੇ ਭੁਗਤਣਗੇ।
ਪ੍ਰਭਾਵਿਤ ਵਿਦਿਆਰਥੀਆਂ ਦੀਆਂ ਮਾਨਸਿਕ ਸਿਹਤ ਚਿੰਤਾਵਾਂ ਨੂੰ ਸਵੀਕਾਰ ਕਰਦੇ ਹੋਏ ਜਿਸ ਦਾ ਉਹ ਸਾਹਮਣਾ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਉਹ ਇਕ ਪ੍ਰਕਿਰਿਆ ਸ਼ੁਰੂ ਕਰਨਗੇ ਤਾਂ ਜੋ ਉਹ ਸਾਬਤ ਕਰ ਸਕਣ ਕਿ ਉਨ੍ਹਾਂ ਦਾ ਫਾਇਦਾ ਉਠਾਇਆ ਗਿਆ ਸੀ ਅਤੇ ਉਨ੍ਹਾਂ ਲਈ ਇਕ ਉਪਾਅ ਮੁਹੱਈਆ ਕਰਵਾਇਆ ਜਾਵੇਗਾ।
ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐੱਸ.ਏ.) ਨੇ ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦੇ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਦੇ ਵਿਦਿਅਕ ਅਦਾਰਿਆਂ ਦੇ ਦਾਖਲੇ ਦੇ ਪੇਸ਼ਕਸ਼ ਪੱਤਰ ਜਾਅਲੀ ਪਾਏ ਗਏ ਸਨ।
ਸੂਤਰਾਂ ਨੇ ਕਿਹਾ ਕਿ ਕੈਨੇਡਾ ਤੋਂ ਡੀਪੋਰਟ ਕੀਤੇ ਜਾਣ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਦੀ ਅਸਲ ਗਿਣਤੀ 700 ਤੋਂ ਬਹੁਤ ਘੱਟ ਹੈ।