
ਲਹਿੰਦੇ ਪੰਜਾਬ ਦੇ ਸੀਐੱਮ ਸਰਦਾਰ ਉਸਮਾਨ ਬੁਜ਼ਦਰ ਨੇ ਰੱਖਿਆ ਯੂਨੀਵਰਸਿਟੀ ਦਾ ਨੀਂਹ ਪੱਥਰ
ਨਨਕਾਣਾ ਸਾਹਿਬ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ 600 ਕਰੋੜ ਰੁਪਏ ਦੀ ਲਾਗਤ ਨਾਲ 10 ਏਕੜ ਜ਼ਮੀਨ ਵਿਚ ਬਾਬਾ ਨਾਨਕ ਇੰਟਰਨੈਸ਼ਨਲ ਯੂਨੀਵਰਸਿਟੀ ਬਣਨ ਜਾ ਰਹੀ ਹੈ। ਜਿਸ ਦਾ ਗ਼ੈਰ ਰਸਮੀ ਨੀਂਹ ਪੱਥਰ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਉਸਮਾਨ ਬੁਜ਼ਦਰ ਵੱਲੋਂ ਰੱਖਿਆ ਗਿਆ ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ੍ਰੀ ਨਨਕਾਣਾ ਸਾਹਿਬ 'ਚ ਲਹਿੰਦੇ ਪੰਜਾਬ ਦੇ ਪਹਿਲੇ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਮੌਟਲ ਦਾ ਵੀ ਉਦਘਾਟਨ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਟਲ ਜ਼ਿਲ੍ਹੇ ਵਿਚ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ 13 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਆਉਣ ਵਾਲੀ ਸੰਗਤ ਲਈ ਅਜਿਹੀਆਂ ਕਈ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
Mr. Usman Buzardar
ਇਸ ਦੇ ਨਾਲ ਹੀ ਉਨ੍ਹਾਂ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਨੂੰ ਨਨਕਾਣਾ-ਵਾਰਬਰਟਨ ਸੜਕ ਨਾਲ ਜੋੜਨ ਵਾਲੀ ਸੜਕ ਨੂੰ ਵੀ ਉਸਾਰਨ ਦੀ ਗੱਲ ਆਖੀ। ਉਨ੍ਹਾਂ ਇਹ ਵੀ ਆਖਿਆ ਕਿ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ 'ਤੇ ਉਸਾਰੀ ਜਾਣ ਵਾਲੀ ਇਸ ਯੂਨੀਵਰਸਿਟੀ ਵਿਚ ਇਕੱਲੇ ਪਾਕਿਸਤਾਨ ਦੇ ਹੀ ਨਹੀਂ, ਸਗੋਂ ਦੁਨੀਆ ਭਰ ਦੇ ਸਿੱਖ ਵਿਦਿਆਰਥੀ ਪੜ੍ਹਾਈ ਕਰ ਸਕਣਗੇ।
ਦੱਸ ਦਈਏ ਕਿ ਪਾਕਿਸਤਾਨ ਸਮੇਤ ਹੋਰ ਦੇਸ਼ਾਂ ਵਿਚ ਰਹਿੰਦੇ ਸਿੱਖਾਂ ਵੱਲੋਂ ਲੰਬੇ ਸਮੇਂ ਤੋਂ ਪਾਕਿਸਤਾਨ ਸਰਕਾਰ ਕੋਲ ਇਹ ਮੰਗ ਉਠਾਈ ਜਾ ਰਹੀ ਸੀ ਜਿਸ ਨੂੰ ਹੁਣ ਪੂਰਾ ਕਰ ਦਿੱਤਾ ਗਿਆ ਹੈ। ਸਿੱਖਾਂ ਦੀ ਇਸ ਚਿਰੋਕਣੀ ਮੰਗ ਨੂੰ ਪੂਰਾ ਕਰਕੇ ਪਾਕਿਸਤਾਨ ਸਰਕਾਰ ਨੇ ਬਾਬਾ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ।