
ਬਾਈਡਨ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਸਬੰਧੀ ਚੁਕਿਆ ਇਕ ਹੋਰ ਢੁਕਵਾਂ ਕਦਮ
ਵਾਸ਼ਿੰਗਟਨ : ਬਾਈਡਨ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਸਬੰਧੀ ਇਕ ਹੋਰ ਢੁਕਵਾਂ ਕਦਮ ਚੁਕਿਆ ਹੈ। ਇਸ ਦੇ ਤਹਿਤ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀ ਲਈ ਕੰਮ ਕਰਨ ਦੇ ਅਧਿਕਾਰ ਨੂੰ ਸਵੈ ਮਨਜ਼ੂਰੀ ਦੇਣ ਲਈ ਸਹਿਮਤੀ ਦਿਤੀ ਹੈ। ਇਸ ਕਦਮ ਨਾਲ ਹਜ਼ਾਰਾਂ ਭਾਰਤੀ-ਅਮਰੀਕੀ ਔਰਤਾਂ ਨੂੰ ਵੀ ਫ਼ਾਇਦਾ ਹੋਵੇਗਾ। ਐਚ-1ਬੀ ਵੀਜ਼ਾ ਧਾਰਕਾਂ ਵਿਚ ਵੱਡੀ ਗਿਣਤੀ ਭਾਰਤੀ ਆਈਟੀ ਪੇਸ਼ੇਵਰਾਂ ਦੀ ਹੈ।
Joe Biden
ਐਚ-4 ਵੀਜ਼ਾ ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ ਦੁਆਰਾ ਐਚ-1ਬੀ ਵੀਜ਼ਾ ਧਾਰਕਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ (ਪਤਨੀ ਅਤੇ 21 ਸਾਲ ਤੋਂ ਘਟ ਉਮਰ ਦੇ ਬੱਚਿਆਂ) ਨੂੰ ਜਾਰੀ ਕੀਤਾ ਜਾਂਦਾ ਹੈ। ਇਹ ਵੀਜ਼ਾ ਆਮ ਤੌਰ ’ਤੇ ਉਨ੍ਹਾਂ ਲੋਕਾਂ ਨੂੰ ਜਾਰੀ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਪਹਿਲਾਂ ਹੀ ਅਮਰੀਕਾ ਵਿਚ ਰੁਜ਼ਗਾਰ-ਅਧਾਰਤ ਕਾਨੂੰਨੀ ਸਥਾਈ ਨਿਵਾਸੀ ਦਰਜੇ ਦੀ ਪ੍ਰਕਿਰਿਆ ਸ਼ੁਰੂ ਕਰ ਚੁਕੇ ਹਨ।
H1B visa
ਐਚ-1ਬੀ ਵੀਜ਼ਾ ਇਕ ਗ਼ੈਰ-ਇਮੀਗ੍ਰੇਸ਼ਨ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਕਰਮਚਾਰੀਆਂ ਨੂੰ ਨੌਕਰੀ ਦੇਣ ਦੀ ਇਜਾਜ਼ਤ ਦਿੰਦਾ ਹੈ। ਇਸ ਕਾਰਨ ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਲੋਕਾਂ ਨੂੰ ਨੌਕਰੀ ’ਤੇ ਰਖਦੀਆਂ ਹਨ। ਅਮਰੀਕਨ ਇਮੀਗ੍ਰੇਸ਼ਨ ਲਾਇਰਜ਼ ਐਸੋਸੀਏਸ਼ਨ ਨੇ ਕੁਝ ਮਹੀਨੇ ਪਹਿਲਾਂ ਪ੍ਰਵਾਸੀਆਂ ਦੇ ਜੀਵਨ ਸਾਥੀ ਵਲੋਂ ਮੁਕੱਦਮਾ ਦਾਇਰ ਕੀਤਾ ਸੀ, ਜਿਸ ਤੋਂ ਬਾਅਦ ਹੋਮਲੈਂਡ ਸਕਿਊਰਿਟੀ ਵਿਭਾਗ ਇਸ ਸਮਝੌਤਾ ’ਤੇ ਪਹੁੰਚਿਆ ਸੀ।