
ਤਹਿਰਾਨ ਦੀ ਅਦਾਲਤ ਨੇ ਸੁਣਾਇਆ ਫੈਸਲਾ
ਈਰਾਨ: 16 ਸਤੰਬਰ 2022 ਨੂੰ ਸ਼ੁਰੂ ਹੋਇਆ ਹਿਜਾਬ ਵਿਰੋਧੀ ਪ੍ਰਦਰਸ਼ਨ ਅਜੇ ਵੀ ਈਰਾਨ ਵਿਚ ਜਾਰੀ ਹਨ। ਇਸ ਦੌਰਾਨ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪਹਿਲੀ ਵਾਰ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਲਾਵਾ 5 ਲੋਕਾਂ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਹੈ।
ਤਹਿਰਾਨ ਦੀ ਅਦਾਲਤ ਨੇ ਜਿਸ ਵਿਅਕਤੀ ਨੂੰ ਇਹ ਸਜ਼ਾ ਸੁਣਾਈ ਹੈ ਉਸ 'ਤੇ ਸਰਕਾਰੀ ਇਮਾਰਤਾਂ ਨੂੰ ਅੱਗ ਲਾਉਣ, ਦੰਗੇ ਭੜਕਾਉਣ ਅਤੇ ਰਾਸ਼ਟਰੀ ਸੁਰੱਖਿਆ ਵਿਰੁੱਧ ਸਾਜ਼ਿਸ਼ ਰਚਣ ਦਾ ਦੋਸ਼ ਹੈ। ਰਿਪੋਰਟਾਂ ਵਿੱਚ ਕਿਹਾ ਜਾ ਰਿਹਾ ਹੈ ਕਿ ਜਿਨ੍ਹਾਂ ਨੂੰ ਸਜ਼ਾ ਸੁਣਾਈ ਗਈ ਹੈ, ਉਹ ਸਾਰੇ ਅਦਾਲਤ ਵਿੱਚ ਚੁਣੌਤੀ ਦੇ ਸਕਦੇ ਹਨ।
ਅੰਕੜਿਆਂ ਮੁਤਾਬਕ ਐਤਵਾਰ ਦੇ ਪ੍ਰਦਰਸ਼ਨ 'ਚ ਸ਼ਾਮਲ ਤਿੰਨ ਸੂਬਿਆਂ ਦੇ 750 ਤੋਂ ਵੱਧ ਲੋਕਾਂ 'ਤੇ ਦੋਸ਼ ਆਇਦ ਕੀਤੇ ਗਏ ਹਨ। ਇਸ ਤੋਂ ਪਹਿਲਾਂ ਸਤੰਬਰ 'ਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਬਾਅਦ ਰਾਜਧਾਨੀ ਤਹਿਰਾਨ 'ਚ 2,000 ਤੋਂ ਜ਼ਿਆਦਾ ਲੋਕਾਂ 'ਤੇ ਦੋਸ਼ ਲਗਾਏ ਜਾ ਚੁੱਕੇ ਹਨ।
ਦੱਖਣੀ ਸੂਬੇ ਹਰਮੋਜ਼ਗਨ ਦੇ ਨਿਆਂਇਕ ਮੁਖੀ ਮੋਜਤਬਾ ਘਰੇਮਾਨੀ ਨੇ ਕਿਹਾ ਕਿ ਹਾਲ ਹੀ ਦੇ ਦੰਗਿਆਂ ਤੋਂ ਬਾਅਦ 164 ਲੋਕਾਂ 'ਤੇ ਦੋਸ਼ ਲਾਏ ਗਏ ਸਨ। ਉਨ੍ਹਾਂ ਉੱਤੇ ਹੱਤਿਆ ਲਈ ਉਕਸਾਉਣ, ਸੁਰੱਖਿਆ ਬਲਾਂ ਨੂੰ ਨੁਕਸਾਨ ਪਹੁੰਚਾਉਣ, ਸ਼ਾਸਨ ਵਿਰੁੱਧ ਪ੍ਰਚਾਰ ਕਰਨ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲਾਏ ਗਏ ਸਨ।
16 ਸਤੰਬਰ ਨੂੰ ਪੁਲਿਸ ਹਿਰਾਸਤ 'ਚ 22 ਸਾਲਾ ਮਾਹਸਾ ਅਮੀਨੀ ਦੀ ਮੌਤ ਤੋਂ ਬਾਅਦ ਲੋਕ ਸੜਕਾਂ 'ਤੇ ਉਤਰ ਆਏ ਸਨ। ਦਰਅਸਲ, 13 ਸਤੰਬਰ ਨੂੰ ਮਹਸਾ ਆਪਣੇ ਪਰਿਵਾਰ ਨੂੰ ਮਿਲਣ ਤਹਿਰਾਨ ਆਈ ਸੀ। ਉਸ ਨੇ ਹਿਜਾਬ ਨਹੀਂ ਪਾਇਆ ਹੋਇਆ ਸੀ। ਪੁਲਿਸ ਨੇ ਤੁਰੰਤ ਮਹਸਾ ਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰੀ ਦੇ 3 ਦਿਨ ਬਾਅਦ ਉਸ ਦੀ ਮੌਤ ਹੋ ਗਈ।
ਅਮੀਨੀ ਦੀ ਮੌਤ ਦਾ ਕਾਰਨ ਸਿਰ 'ਚ ਸੱਟ ਲੱਗਣ ਕਾਰਨ ਦੱਸਿਆ ਜਾ ਰਿਹਾ ਹੈ ਪਰ ਉਸ ਦੇ ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਉਸ ਨੂੰ ਪਹਿਲਾਂ ਤੋਂ ਕੋਈ ਬੀਮਾਰੀ ਨਹੀਂ ਸੀ। ਮਹਿਸਾ ਦੇ ਥਾਣੇ ਪਹੁੰਚਣ ਅਤੇ ਹਸਪਤਾਲ ਜਾਣ ਵਿਚਕਾਰ ਕੀ ਹੋਇਆ, ਇਹ ਅਜੇ ਸਪੱਸ਼ਟ ਨਹੀਂ ਹੈ। ਉਦੋਂ ਤੋਂ ਇਹ ਮਾਮਲਾ ਸੁਰਖੀਆਂ ਵਿੱਚ ਆਇਆ ਅਤੇ ਲੋਕਾਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।