Canada News: ਅਧਿਕਾਰਤ ਅੰਕੜਿਆਂ ਮੁਤਾਬਕ ਕੈਨੇਡਾ ਵਿਚ ਇਸ ਵੇਲੇ 4 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਪੜ੍ਹਾਈ ਕਰ ਰਹੇ ਹਨ।
Canada News: ਪਿਛਲੇ ਹਫ਼ਤੇ ਕੈਨੇਡਾ ਵਿਚ 3 ਭਾਰਤੀ ਵਿਦਿਆਰਥੀਆਂ ਦੇ ਕਤਲ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਇਕ ਐਡਵਾਈਜ਼ਰੀ ਵਿਚ ਕੈਨੇਡਾ ਰਹਿੰਦੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਨੂੰ ਵਧੇਰੇ ਚੌਕਸੀ ਰਹਿਣ ਦੀ ਸਲਾਹ ਦਿੱਤੀ ਹੈ।
ਮੰਤਰਾਲੇ ਨੇ ਕਿਹਾ ਕਿ ਕੈਨੇਡਾ ਵਿਚ ਨਫ਼ਰਤੀ ਅਪਰਾਧ ਤੇ ਅਪਰਾਧਿਕ ਹਿੰਸਾ ਦੀਆਂ ਵਧਦੀਆਂ ਘਟਨਾਵਾਂ ਕਰਕੇ ਨਿੱਘਰਦੇ ਸੁਰੱਖਿਆ ਹਾਲਾਤ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਤੇ ਵਿਦਿਆਰਥੀ ਚੌਕਸ ਰਹਿਣ।
ਅਧਿਕਾਰਤ ਅੰਕੜਿਆਂ ਮੁਤਾਬਕ ਕੈਨੇਡਾ ਵਿਚ ਇਸ ਵੇਲੇ 4 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਪੜ੍ਹਾਈ ਕਰ ਰਹੇ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਿਛਲੇ ਹਫ਼ਤੇ ਕੈਨੇਡਾ ਵਿਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਹੱਤਿਆ ਮਗਰੋਂ ਓਟਵਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਕੈਨੇਡੀਅਨ ਅਥਾਰਿਟੀਜ਼ ਕੋਲ ਭਾਰਤੀਆਂ ਦੀ ਸੁਰੱਖਿਆ ਦਾ ਮੁੱਦਾ ਰੱਖਿਆ ਹੈ।
ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ ਕਿ ਉਨ੍ਹਾਂ ਲਈ ਕੈਨੇਡਾ ਵਿਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਤੇ ਭਲਾਈ ਸਭ ਤੋਂ ਉੱਤੇ ਹੈ। ਜੈਸਵਾਲ ਨੇ ਕਿਹਾ, ‘‘ਪਿਛਲੇ ਹਫ਼ਤੇ ਤਿੰਨ ਮੰਦਭਾਗੀਆਂ ਘਟਨਾਵਾਂ ਵਾਪਰੀਆਂ। ਤਿੰਨ ਭਾਰਤੀ ਵਿਦਿਆਰਥੀ ਕਤਲ ਕਰ ਦਿੱਤੇ ਗਏ। ਅਸੀਂ ਇਸ ਭਿਆਨਕ ਦੁਖਾਂਤ ਤੋਂ ਗ਼ਮਗੀਨ ਹਾਂ ਜਦੋਂ ਕੈਨੇਡਾ ਵਿਚ ਸਾਡੇ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਗਿਆ।’’
ਤਰਜਮਾਨ ਨੇ ਕਿਹਾ, ‘‘ਅਸੀਂ ਪੀੜਤ ਪਰਿਵਾਰਾਂ ਨਾਲ ਸੰਵੇਦਨਾਵਾਂ ਜ਼ਾਹਿਰ ਕਰਦੇ ਹਾਂ। ਟੋਰਾਂਟੋ ਤੇ ਵੈਨਕੂਵਰ ਵਿਚਲੇ ਸਾਡੇ ਹਾਈ ਕਮਿਸ਼ਨ ਤੇ ਕੌਂਸੁਲੇਟ ਇਸ ਮਾਮਲੇ ਵਿਚ ਹਰ ਸੰਭਵ ਮਦਦ ਕਰ ਰਹੇ ਹਨ।’’ ਜੈਸਵਾਲ ਨੇ ਕਿਹਾ ਕਿ ਕੈਨੇਡਾ ਵਿਚ ਭਾਰਤੀ ਮਿਸ਼ਨ ਇਨ੍ਹਾਂ ਮਾਮਲਿਆਂ ਦੀ ਮੁਕੰਮਲ ਜਾਂਚ ਲਈ ਮੁਕਾਮੀ ਅਥਾਰਿਟੀਜ਼ ਦੇ ਸੰਪਰਕ ਵਿਚ ਹਨ।