
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੇ ਕਿਹਾ ਕਿ ਉਹ ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਨਾਲ ਕੰਮ ਕਰਨ ਲਈ ਉਤਸੁਕ ਹਨ।
ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੇ ਕਿਹਾ ਕਿ ਉਹ ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਨਾਲ ਕੰਮ ਕਰਨ ਲਈ ਉਤਸੁਕ ਹਨ। ਬਾਇਡਨ ਪ੍ਰਸ਼ਾਸਨ ਨੇ ਪਾਕਿਸਤਾਨ ਵਿਚ ਸੱਤਾ ਤਬਦੀਲੀ ਵਿਚ ਅਮਰੀਕਾ ਦੀ ਭੂਮਿਕਾ ਹੋਣ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਹਨਾਂ ਦੇ ਸਮਰਥਕਾਂ ਦੇ ਇਲਜ਼ਾਮਾਂ ਨੂੰ ਇਕ ਵਾਰ ਫਿਰ ਰੱਦ ਕਰ ਦਿੱਤਾ ਹੈ।
ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਆਪਣੀ ਰੋਜ਼ਾਨਾ ਪ੍ਰੈੱਸ ਕਾਨਫਰੰਸ 'ਚ ਕਿਹਾ, ''ਅਸੀਂ ਪਾਕਿਸਤਾਨੀ ਸੰਸਦ ਵੱਲੋਂ ਦੇਸ਼ ਦਾ ਨਵਾਂ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਸ਼ਾਹਬਾਜ਼ ਸ਼ਰੀਫ ਨੂੰ ਵਧਾਈ ਦਿੰਦੇ ਹਾਂ। ਅਸੀਂ ਉਹਨਾਂ ਅਤੇ ਉਹਨਾਂ ਦੀ ਸਰਕਾਰ ਨਾਲ ਕੰਮ ਕਰਨ ਲਈ ਉਤਸੁਕ ਹਾਂ”। ਪ੍ਰਾਈਸ ਨੇ ਕਿਹਾ ਕਿ ਅਮਰੀਕਾ ਅਤੇ ਪਾਕਿਸਤਾਨ ਦਾ ਕਰੀਬ 75 ਸਾਲਾਂ ਤੋਂ ਮਹੱਤਵਪੂਰਨ ਸਬੰਧ ਰਿਹਾ ਹੈ। ਉਹਨਾਂ ਕਿਹਾ, "ਅਸੀਂ ਪਾਕਿਸਤਾਨ ਅਤੇ ਵਿਆਪਕ ਖੇਤਰ ਵਿਚ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਲਈ ਪਾਕਿਸਤਾਨ ਸਰਕਾਰ ਨਾਲ ਇਸ ਕੰਮ ਨੂੰ ਜਾਰੀ ਰੱਖਣ ਦੀ ਉਮੀਦ ਕਰਦੇ ਹਾਂ"।
ਇਕ ਦਿਨ ਪਹਿਲਾਂ ਇਮਰਾਨ ਖਾਨ ਦੇ ਸਮਰਥਕਾਂ ਨੇ ਪਾਕਿਸਤਾਨ ਦੇ ਸੱਤਾ ਪਰਿਵਰਤਨ ਵਿਚ ਅਮਰੀਕਾ ਦੀ ਭੂਮਿਕਾ ਦਾ ਇਲਜ਼ਾਮ ਲਗਾਉਂਦੇ ਹੋਏ ਅਮਰੀਕਾ ਵਿਰੋਧੀ ਪ੍ਰਦਰਸ਼ਨ ਕੀਤੇ ਸੀ। ਪ੍ਰਾਈਸ ਨੇ ਕਿਹਾ, “ਸਾਡਾ ਸੰਦੇਸ਼ ਬਹੁਤ ਸਪੱਸ਼ਟ ਅਤੇ ਅਟੱਲ ਰਿਹਾ ਹੈ। ਜੋ ਵੀ ਦੋਸ਼ ਲਾਏ ਗਏ ਹਨ, ਉਹਨਾਂ ਵਿਚ ਕੋਈ ਸੱਚਾਈ ਨਹੀਂ ਹੈ। ਅਸੀਂ ਮਨੁੱਖੀ ਅਧਿਕਾਰਾਂ ਦੇ ਸਨਮਾਨ ਸਮੇਤ ਸੰਵਿਧਾਨਕ ਅਤੇ ਲੋਕਤੰਤਰੀ ਸਿਧਾਂਤਾਂ ਦੀ ਸ਼ਾਂਤੀਪੂਰਨ ਪਾਲਣਾ ਦਾ ਸਮਰਥਨ ਕਰਦੇ ਹਾਂ”।
ਉਹਨਾਂ ਕਿਹਾ, “ਅਸੀਂ ਪਾਕਿਸਤਾਨ ਜਾਂ ਦੁਨੀਆਂ ਵਿਚ ਕਿਤੇ ਵੀ ਕਿਸੇ ਇਕ ਸਿਆਸੀ ਪਾਰਟੀ ਦਾ ਸਮਰਥਨ ਨਹੀਂ ਕਰਦੇ। ਅਸੀਂ ਹੋਰ ਵਿਆਪਕ ਸਿਧਾਂਤਾਂ ਦੇ ਨਾਲ-ਨਾਲ ਕਾਨੂੰਨ ਦੇ ਰਾਜ ਅਤੇ ਕਾਨੂੰਨ ਦੇ ਅਧੀਨ ਬਰਾਬਰ ਨਿਆਂ ਦਾ ਸਮਰਥਨ ਕਰਦੇ ਹਾਂ।" ਪ੍ਰਾਈਸ ਨੇ ਕਿਹਾ ਕਿ ਅਮਰੀਕਾ ਪਾਕਿਸਤਾਨ ਦੇ ਫੌਜੀ ਬੁਲਾਰੇ ਦੇ ਮੁਲਾਂਕਣ ਨਾਲ ਸਹਿਮਤ ਹੈ ਕਿ ਪਾਕਿਸਤਾਨ ਕੋਲ ਇਹ ਸਾਬਤ ਕਰਨ ਲਈ ਕੋਈ ਸਬੂਤ ਨਹੀਂ ਹੈ ਕਿ ਬਾਇਡਨ ਪ੍ਰਸ਼ਾਸਨ ਨੇ ਇਮਰਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਡੇਗਣ ਦੀ ਧਮਕੀ ਦਿੱਤੀ ਸੀ ਜਾਂ ਉਸ ਦੀ ਸਾਜ਼ਿਸ਼ ਵਿਚ ਸ਼ਾਮਲ ਸੀ।