
ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨੀ ਪੰਜਾਬ ਵਿਚ ਸਥਿਤ ਹੈ। ਇਸ ਦਾ ਨਾਮ ਸਿੱਖਾਂ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਪਿਆ ਹੈ ।
ਲਾਹੌਰ(ਬਾਬਰ ਜਲੰਧਰੀ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪਾਕਿਸਤਾਨ ਸਥਿਤ ਬਾਬਾ ਨਾਨਕ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਪਵਿੱਤਰ ਸਰੋਵਰ ਦੀ ਕਾਰਸੇਵਾ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਗਤ ਵਲੋਂ ਸਰੋਵਰ ਵਿਚੋਂ ਗਾਰ ਕੱਢਣ ਦੀ ਸੇਵਾ ਕੀਤੀ ਜਾ ਰਹੀ ਹੈ।
Sarovar seva at Nankana sahib
ਇਹ ਕਾਰ ਸੇਵਾ ਬਾਬਾ ਜਗਤਾਰ ਸਿੰਘ ਅਤੇ ਬਾਬਾ ਗੁਰਮੀਤ ਸਿੰਘ ਤਰਨ ਤਾਰਨ ਵਾਲਿਆਂ ਦੀ ਅਗਵਾਈ ਵਿਚ ਕਰਵਾਈ ਜਾ ਰਹੀ ਹੈ। ਇਸ ਮੌਕੇ 'ਤੇ ਖ਼ੁਦ ਕਾਰ ਸੇਵਾ ਵਾਲੇ ਬਾਬਿਆਂ ਨੇ ਸੰਗਤ ਨਾਲ ਮਿਲ ਕੇ ਸਰੋਵਰ ਵਿਚੋਂ ਗਾਰ ਕੱਢਣ ਦੀ ਸੇਵਾ ਨਿਭਾਈ।
Sarovar seva
ਦਸ ਦਈਏ ਕਿ ਸਿੱਖਾਂ ਦੇ ਮੱਕੇ ਵਜੋਂ ਜਾਣਿਆ ਜਾਂਦਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨੀ ਪੰਜਾਬ ਵਿਚ ਸਥਿਤ ਹੈ। ਇਸ ਦਾ ਨਾਮ ਸਿੱਖਾਂ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਪਿਆ ਹੈ ਜਦਕਿ ਇਸ ਦਾ ਪੁਰਾਣਾ ਨਾਮ ਰਾਇ ਭੋਇ ਦੀ ਤਲਵੰਡੀ ਸੀ। ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੇ ਇਸ ਗੁਰਦੁਆਰਾ ਸਾਹਿਬ ਦਾ ਨਿਰਮਾਣ ਕਰਵਾਇਆ ਸੀ।
ਇਸ ਪਵਿੱਤਰ ਅਸਥਾਨ 'ਤੇ ਦੇਸ਼ਾਂ-ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਆਉਂਦੀ ਹੈ ਅਤੇ ਇੱਥੇ ਬਣੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਨਾ ਅਪਣਾ ਸੌਭਾਗ ਸਮਝਦੀ ਹੈ। ਨਵੰਬਰ ਮਹੀਨੇ ਇਸ ਪਵਿੱਤਰ ਅਸਥਾਨ 'ਤੇ ਬਾਬੇ ਨਾਨਕ ਦਾ 550ਵਾਂ ਪ੍ਰਕਾਸ਼ ਪੁਰਬ ਵਿਆਪਕ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਜਿਸਦੇ ਲਈ ਪਾਕਿਸਤਾਨ ਸਰਕਾਰ ਵਲੋਂ ਵੀ ਵੱਡੀ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।