
ਅਮਰੀਕਾ ਨੇ ਧਾਰਮਕ ਆਜ਼ਾਦੀ ਦੀ ਸਥਿਤੀ ਨੂੰ ਲੈ ਕੇ ਭਾਰਤ ਤੋਂ ਇਲਾਵਾ ਰੂਸ, ਚੀਨ ਅਤੇ ਸਾਊਦੀ ਅਰਬ ਸਮੇਤ ਕਈ ਦੇਸ਼ਾਂ ਨੂੰ ਨਿਸ਼ਾਨਾ ਬਣਾਇਆ ਹੈ
ਵਾਸ਼ਿੰਗਟਨ : ਵਿਦੇਸ਼ ਮੰਤਰਾਲੇ ਨੇ ਭਾਰਤ ਵਿਚ ਘੱਟ ਗਿਣਤੀਆਂ ਨਾਲ ਵਿਤਕਰੇ ਬਾਰੇ ਅਮਰੀਕੀ ਰਿਪੋਰਟ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਕੁਝ ਅਮਰੀਕੀ ਅਧਿਕਾਰੀਆਂ ਦੁਆਰਾ ਪ੍ਰੇਰਿਤ ਅਤੇ ਪੱਖਪਾਤੀ ਟਿੱਪਣੀਆਂ ਇਨ੍ਹਾਂ ਰਿਪੋਰਟਾਂ ਦੀ ਭਰੋਸੇਯੋਗਤਾ ਨੂੰ ਕਮਜ਼ੋਰ ਕਰਨ ਦਾ ਕੰਮ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਅਮਰੀਕਾ ਦੇ ਇੰਟਰਨੈਸ਼ਨਲ ਰਿਲੀਜੀਅਸ ਫਰੀਡਮ ਕਮਿਸ਼ਨ ਦੀ ਸਾਲਾਨਾ ਰਿਪੋਰਟ ਵਿਚ ਭਾਰਤ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਸਚਾਈ ਤੋਂ ਪਰੇ ਹਨ। ਬਾਗਚੀ ਨੇ ਕਿਹਾ ਕਿ ਇਹ ਅਫਸੋਸਜਨਕ ਹੈ ਕਿ ਅਜਿਹੀਆਂ ਰਿਪੋਰਟਾਂ ਗਲਤ ਜਾਣਕਾਰੀ ਅਤੇ ਗਲਤ ਸਮਝ 'ਤੇ ਆਧਾਰਿਤ ਹਨ।
ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ 'ਤੇ ਅਮਰੀਕੀ ਵਿਦੇਸ਼ ਵਿਭਾਗ ਦੁਆਰਾ ਜਾਰੀ ਕੀਤੀ ਗਈ ਸਾਲਾਨਾ ਰਿਪੋਰਟ ਦਾ ਹਵਾਲਾ ਦਿੰਦੇ ਹੋਏ, ਇਕ ਸੀਨੀਅਰ ਅਮਰੀਕੀ ਅਧਿਕਾਰੀ ਨੇ ਇਕ ਵਾਰ ਫਿਰ ਭਾਰਤ ਵਿਰੁੱਧ ਜ਼ਹਿਰ ਉਗਲਿਆ ਹੈ। ਅਮਰੀਕਾ ਦੇ ਦੋਗਲੇਪਣ ਦਾ ਪ੍ਰਗਟਾਵਾ ਕਰਦੇ ਹੋਏ ਅਧਿਕਾਰੀ ਨੇ ਦਾਅਵਾ ਕੀਤਾ ਕਿ ਭਾਰਤ ਵਿਚ ਘੱਟ ਗਿਣਤੀਆਂ ਨਾਲ ਵਿਤਕਰਾ ਅਜੇ ਵੀ ਜਾਰੀ ਹੈ। ਅਮਰੀਕਾ ਨੇ ਧਾਰਮਕ ਆਜ਼ਾਦੀ ਦੀ ਸਥਿਤੀ ਨੂੰ ਲੈ ਕੇ ਭਾਰਤ ਤੋਂ ਇਲਾਵਾ ਰੂਸ, ਚੀਨ ਅਤੇ ਸਾਊਦੀ ਅਰਬ ਸਮੇਤ ਕਈ ਦੇਸ਼ਾਂ ਨੂੰ ਨਿਸ਼ਾਨਾ ਬਣਾਇਆ ਹੈ।
ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿਚ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ, ਅੰਤਰਰਾਸ਼ਟਰੀ ਧਾਰਮਕ ਆਜ਼ਾਦੀ ਦਫਤਰ ਵਿਚ ਅਮਰੀਕੀ ਰਾਜਦੂਤ ਰਸ਼ਾਦ ਹੁਸੈਨ ਨੇ ਦੋਸ਼ ਲਗਾਇਆ ਕਿ ਭਾਰਤ ਸਮੇਤ ਦੁਨੀਆਂ ਦੇ ਕਈ ਦੇਸ਼ਾਂ ਵਿਚ ਘੱਟ ਗਿਣਤੀ ਸਮੂਹਾਂ ਨੂੰ ਅਜੇ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਅਮਰੀਕਾ ਦੇ ਵਿਦੇਸ਼ ਮੰਤਰੀ ਐਂਥਨੀ ਬਲਿੰਕਨ ਵਲੋਂ ਜਾਰੀ ਰਿਪੋਰਟ ਬਾਰੇ ਉਨ੍ਹਾਂ ਦਾਅਵਾ ਕੀਤਾ ਕਿ ਇਸ ਵਿਚ ਤਕਰੀਬਨ 200 ਦੇਸ਼ਾਂ ਵਿਚ ਧਾਰਮਕ ਆਜ਼ਾਦੀ ਦੀ ਸਥਿਤੀ ਬਾਰੇ ਤਥ ਆਧਾਰਿਤ ਜਾਣਕਾਰੀ ਹੈ। ਇਸ ਦੇ ਨਾਲ ਹੀ ਇੰਟਰਨੈਸ਼ਨਲ ਰਿਲੀਜੀਅਸ ਫਰੀਡਮ ਕਮਿਸ਼ਨ ਦੀ ਪ੍ਰਧਾਨ ਨੂਰੀ ਟਾਕੇਲ ਨੇ ਕਿਹਾ ਕਿ ਇਸ ਰਿਪੋਰਟ ਦਾ ਮਕਸਦ ਪੂਰੀ ਦੁਨੀਆਂ 'ਚ ਧਾਰਮਕ ਆਜ਼ਾਦੀ ਦੇ ਅਧਿਕਾਰ ਨੂੰ ਉਤਸ਼ਾਹਿਤ ਕਰਨਾ ਹੈ।