
ਟਰੰਪ ਦੇ ਸਹੁੰ ਚੁੱਕਣ ਤੋਂ ਤੁਰਤ ਬਾਅਦ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਯੋਜਨਾ ਬਣਾਈ ਹੈ
ਵਾਸ਼ਿੰਗਟਨ : ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਟਰੰਪ ਦੇ ਸਹੁੰ ਚੁੱਕਣ ਤੋਂ ਤੁਰਤ ਬਾਅਦ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਯੋਜਨਾ ਬਣਾਈ ਹੈ। ਇਸ ਵਿਚ ਇਕ ਵੱਡਾ ਇਮੀਗ੍ਰੇਸ਼ਨ ਛਾਪਾ ਵੀ ਸ਼ਾਮਲ ਹੈ, ਜੋ ਟਰੰਪ ਦੇ ਸਹੁੰ ਚੁੱਕਣ ਦੇ ਦੂਜੇ ਦਿਨ ਮੰਗਲਵਾਰ ਨੂੰ ਸ਼ਿਕਾਗੋ ਤੋਂ ਸ਼ੁਰੂ ਹੋਵੇਗਾ। ਇਹ ਆਪਰੇਸ਼ਨ ਪੂਰਾ ਹਫ਼ਤਾ ਚੱਲੇਗਾ ਅਤੇ ਇਸ ਸਕੀਮ ਲਈ 100 ਤੋਂ 200 ਅਧਿਕਾਰੀ ਤਾਇਨਾਤ ਰਹਿਣਗੇ।
ਇਹ ਕਦਮ ਟਰੰਪ ਦੇ ਚੋਣ ਪ੍ਰਚਾਰ ਦੌਰਾਨ ਕੀਤੇ ਵਾਅਦਿਆਂ ਦਾ ਹਿੱਸਾ ਹੈ, ਜਿਸ ਵਿਚ ਉਨ੍ਹਾਂ ਨੇ ਇਮੀਗ੍ਰੇਸ਼ਨ ਨੂੰ ਅਪਣੀ ਤਰਜੀਹ ਬਣਾਇਆ ਸੀ। ਇਹ ਇਮੀਗ੍ਰੇਸ਼ਨ ਛਾਪਾ ਪੂਰੇ ਦੇਸ਼ ਵਿਚ ਲਾਗੂ ਕੀਤਾ ਜਾਵੇਗਾ ਅਤੇ ਸ਼ਿਕਾਗੋ ਇਕ ਪ੍ਰਮੁੱਖ ਸਥਾਨ ਹੋਵੇਗਾ ਜਿੱਥੇ ਇਸ ਨੂੰ ਲਾਂਚ ਕੀਤਾ ਜਾਵੇਗਾ। ਟਰੰਪ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲਾਗੂ ਕਰਨ ਲਈ ਵੱਖ-ਵੱਖ ਸ਼ਹਿਰਾਂ ਵਿੱਚ ਗ੍ਰਿਫਤਾਰੀ ਮੁਹਿੰਮ ਚਲਾਉਣ ਦੀ ਯੋਜਨਾ ਬਣਾਈ ਹੈ। ਹਾਲਾਂਕਿ ਸ਼ਿਕਾਗੋ ’ਤੇ ਕੋਈ ਖ਼ਾਸ ਫ਼ੋਕਸ ਨਹੀਂ ਹੋਵੇਗਾ ਪਰ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਨਿਊਯਾਰਕ, ਮਿਆਮੀ ਅਤੇ ਹੋਰ ਵੱਡੇ ਸ਼ਹਿਰਾਂ ’ਚ ਵੀ ਗ੍ਰਿਫ਼ਤਾਰੀਆਂ ਕੀਤੀਆਂ ਜਾਣਗੀਆਂ। ਟਰੰਪ ਦੇ ਇਮੀਗ੍ਰੇਸ਼ਨ ਮੁਖੀ ਟੌਮ ਹੋਮਨ ਨੇ ਸ਼ਿਕਾਗੋ ਵਿਚ ਇਕ ਸਮਾਗਮ ਵਿਚ ਕਿਹਾ ਕਿ ਪ੍ਰਸ਼ਾਸਨ ਇਥੋਂ ਸ਼ੁਰੂਆਤ ਕਰੇਗਾ।
ਉਨ੍ਹਾਂ ਸ਼ਿਕਾਗੋ ਦੇ ਮੇਅਰ ਨੂੰ ਚਿਤਾਵਨੀ ਦਿਤੀ ਕਿ ਜੇਕਰ ਉਨ੍ਹਾਂ ਨੇ ਮਦਦ ਨਾ ਕੀਤੀ ਤਾਂ ਜੇਕਰ ਉਨ੍ਹਾਂ ਨੇ ਇਸ ਪ੍ਰਕਿਰਿਆ ਵਿਚ ਦਖ਼ਲਅੰਦਾਜ਼ੀ ਕੀਤੀ ਤਾਂ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਜੇਕਰ ਉਹ ਜਾਣਬੁੱਝ ਕੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੁਕਾਉਂਦੇ ਹਨ ਤਾਂ ਉਨ੍ਹਾਂ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਮੀਗ੍ਰੇਸ਼ਨ ਟਰੰਪ ਦੀ ਚੋਣ ਮੁਹਿੰਮ ਦਾ ਸੱਭ ਤੋਂ ਮਹੱਤਵਪੂਰਨ ਹਿੱਸਾ ਸੀ। ਉਨ੍ਹਾਂ ਵਾਰ-ਵਾਰ ਕਿਹਾ ਸੀ ਕਿ ਰਾਸ਼ਟਰਪਤੀ ਬਣਨ ਤੋਂ ਬਾਅਦ ਉਹ ਅਮਰੀਕਾ ’ਚ ਹੁਣ ਤਕ ਦੇ ਸੱਭ ਤੋਂ ਵੱਡੇ ਘਰੇਲੂ ਦੇਸ਼ ਨਿਕਾਲੇ ਦੀ ਕਾਰਵਾਈ ਸ਼ੁਰੂ ਕਰਨਗੇ। ਜਨਵਰੀ 2024 ਵਿਚ, ਉਸ ਨੇ ਐਲਾਨ ਕੀਤਾ ਸੀ ਕਿ ਉਸ ਦੀ ਸਰਕਾਰ ਪਹਿਲੇ ਦਿਨ ਤੋਂ ਇਮੀਗ੍ਰੇਸ਼ਨ ਨਿਯਮਾਂ ਨੂੰ ਲਾਗੂ ਕਰਨ ਲਈ ਸਖ਼ਤ ਕਦਮ ਚੁੱਕੇਗੀ।
ਇਹ ਛਾਪੇਮਾਰੀ ਦੇਸ਼ ਭਰ ’ਚ ਪ੍ਰਵਾਸੀਆਂ ’ਤੇ ਸ਼ਿਕੰਜਾ ਵਧਾਉਣ ਦੀ ਕੋਸ਼ਿਸ਼ ਦਾ ਹਿੱਸਾ ਹੈ। ਟਰੰਪ ਪ੍ਰਸ਼ਾਸਨ ਨੇ ਪਹਿਲਾਂ ਵੀ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਸਖ਼ਤ ਕਰਨ ਲਈ ਕਈ ਕਦਮ ਚੁੱਕੇ ਸਨ ਅਤੇ ਹੁਣ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਮੁਹਿੰਮ ਉਨ੍ਹਾਂ ਦੇ ਪਹਿਲੇ ਕਾਰਜਕਾਲ ਤੋਂ ਵੀ ਜ਼ਿਆਦਾ ਪ੍ਰਭਾਵਸ਼ਾਲੀ ਸਾਬਤ ਹੋਵੇਗੀ। ਇਸ ਯੋਜਨਾ ਤਹਿਤ ਟਰੰਪ ਪ੍ਰਸ਼ਾਸਨ ਸੈਂਕਚੂਰੀ ਖੇਤਰਾਂ ਨੂੰ ਵੀ ਨਿਸ਼ਾਨਾ ਬਣਾਏਗਾ, ਜਿਥੇ ਗ਼ੈਰ-ਕਾਨੂੰਨੀ ਪ੍ਰਵਾਸੀ ਰਹਿੰਦੇ ਹਨ ਅਤੇ ਸਥਾਨਕ ਅਧਿਕਾਰੀ ਇਨ੍ਹਾਂ ਮਾਮਲਿਆਂ ਵਿਚ ਸਹਿਯੋਗ ਨਹੀਂ ਕਰਦੇ ਹਨ। (ਏਜੰਸੀ)