ਕਿਹਾ, ਜੇਕਰ ਉਹ ਸਾਨੂੰ ਨੁਕਸਾਨ ਪਹੁੰਚਾਉਂਦੇ ਹਨ ਤਾਂ ਅਸੀਂ ਕਰਾਂਗੇ ਕਾਰਵਾਈ
ਚੀਨ ਨੇ ਅਮਰੀਕਾ ਨਾਲ ਵਪਾਰਕ ਸਮਝੌਤੇ ਕਰਨ ਵਾਲਿਆਂ ਦੇਸ਼ਾਂ ਨੂੰ ਚੇਤਾਵਨੀ ਦਿਤੀ ਹੈ। ਚੀਨ ਦੇ ਵਣਜ ਮੰਤਰਾਲੇ ਨੇ ਕਿਹਾ ਹੈ ਕਿ ਉਹ ਉਨ੍ਹਾਂ ਦੇਸ਼ਾਂ ਦਾ ਵਿਰੋਧ ਕਰਦਾ ਹੈ ਜੋ ਅਮਰੀਕਾ ਨਾਲ ਅਜਿਹੇ ਵਪਾਰਕ ਸਮਝੌਤੇ ਕਰ ਰਹੇ ਹਨ, ਜੋ ਚੀਨ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਅਜਿਹੇ ਕਿਸੇ ਵੀ ਕਦਮ ਨਾਲ ਚੀਨ ਦੇ ਹਿੱਤ ਪ੍ਰਭਾਵਿਤ ਹੁੰਦੇ ਹਨ, ਤਾਂ ਉਹ ਸਖ਼ਤ ਜਵਾਬੀ ਕਾਰਵਾਈ ਲਈ ਪੂਰੀ ਤਰ੍ਹਾਂ ਤਿਆਰ ਹੈ।
ਇਹ ਬਿਆਨ ਉਨ੍ਹਾਂ ਰਿਪੋਰਟਾਂ ਤੋਂ ਬਾਅਦ ਆਇਆ ਹੈ ਜਿਨ੍ਹਾਂ ਵਿਚ ਦਾਅਵਾ ਕੀਤਾ ਗਿਆ ਸੀ ਕਿ ਅਮਰੀਕਾ ਕੁਝ ਦੇਸ਼ਾਂ ’ਤੇ ਚੀਨ ਨਾਲ ਵਪਾਰ ਸੀਮਤ ਕਰਨ ਲਈ ਦਬਾਅ ਪਾ ਸਕਦਾ ਹੈ ਅਤੇ ਬਦਲੇ ਵਿਚ ਉਨ੍ਹਾਂ ਨੂੰ ਟੈਰਿਫ਼ ਰਿਆਇਤਾਂ ਦਿਤੀਆਂ ਜਾ ਸਕਦੀਆਂ ਹਨ। ਇਹ ਧਿਆਨ ਦੇਣ ਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਟੈਰਿਫ਼ ਲਗਾਉਣ ਦੇ ਐਲਾਨ ਤੋਂ ਬਾਅਦ ਅਮਰੀਕਾ ਤੇ ਚੀਨ ਵਿਚਕਾਰ ਵਪਾਰ ਯੁੱਧ ਦੀ ਸਥਿਤੀ ਪੈਦਾ ਹੋ ਗਈ ਹੈ।
ਚੀਨ ਨੇ ਇਹ ਵੀ ਚੇਤਾਵਨੀ ਦਿਤੀ ਹੈ ਕਿ ਤੁਸ਼ਟੀਕਰਨ ਦੀ ਨੀਤੀ ਰਾਹੀਂ ਸ਼ਾਂਤੀ ਸੰਭਵ ਨਹੀਂ ਹੈ ਅਤੇ ਉਹ ਅਮਰੀਕਾ ਦੀਆਂ ਇਕਪਾਸੜ ਨੀਤੀਆਂ ਦਾ ਮੁਕਾਬਲਾ ਕਰਨ ਲਈ ਦੂਜੇ ਦੇਸ਼ਾਂ ਨਾਲ ਮਿਲ ਕੇ ਕਦਮ ਚੁੱਕਣ ਲਈ ਤਿਆਰ ਹੈ।
                    
                