
ਕਿਹਾ -ਭਾਰਤ ਨੇ ਸ਼ੇਖ ਹਸੀਨਾ ਨੂੰ ਸਰਣ ਦੇ ਕੇ ਸਹੀ ਨਹੀਂ ਕੀਤਾ
Sheikh Hasina : ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ.ਐੱਨ.ਪੀ.) ਦੇ ਜਨਰਲ ਸਕੱਤਰ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ ਨੇ ਮੰਗਲਵਾਰ ਨੂੰ ਭਾਰਤ ਨੂੰ ਅਪੀਲ ਕੀਤੀ ਕਿ ਉਹ ਮੁਕੱਦਮੇ ਦਾ ਸਾਹਮਣਾ ਕਰਨ ਲਈ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਹਵਾਲਗੀ ਕਰੇ ਕਿਉਂਕਿ ਉਨ੍ਹਾਂ ’ਤੇ ਦੇਸ਼ ’ਚ ਵਿਦਿਆਰਥੀਆਂ ਦੀ ਅਗਵਾਈ ਵਾਲੀ ਕ੍ਰਾਂਤੀ ’ਚ ਵਿਘਨ ਪਾਉਣ ਦੀ ਸਾਜ਼ਸ਼ ਰਚਣ ਦਾ ਦੋਸ਼ ਹੈ।
ਹਸੀਨਾ (76) ਨੇ ਬੰਗਲਾਦੇਸ਼ ਵਿਚ ਸਰਕਾਰੀ ਨੌਕਰੀਆਂ ਵਿਚ ਵਿਵਾਦਪੂਰਨ ਰਾਖਵਾਂਕਰਨ ਪ੍ਰਣਾਲੀ ਨੂੰ ਲੈ ਕੇ ਅਪਣੀ ਸਰਕਾਰ ਦੇ ਵੱਡੇ ਪੱਧਰ ’ਤੇ ਵਿਦਿਆਰਥੀਆਂ ਅਤੇ ਹੋਰ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ 5 ਅਗੱਸਤ ਨੂੰ ਅਸਤੀਫਾ ਦੇ ਦਿਤਾ ਸੀ ਅਤੇ ਭਾਰਤ ਚਲੀ ਗਈ ਸੀ।
ਡੇਲੀ ਸਟਾਰ ਅਖਬਾਰ ਨੇ ਫਖਰੁਲ ਦੇ ਹਵਾਲੇ ਨਾਲ ਕਿਹਾ, ‘‘ਅਸੀਂ ਮੰਗ ਕਰਦੇ ਹਾਂ ਕਿ ਤੁਸੀਂ ਉਸ ਨੂੰ ਕਾਨੂੰਨੀ ਤੌਰ ’ਤੇ ਬੰਗਲਾਦੇਸ਼ ਸਰਕਾਰ ਦੇ ਹਵਾਲੇ ਕਰ ਦਿਉ। ਇਸ ਦੇਸ਼ ਦੇ ਲੋਕਾਂ ਨੇ ਉਨ੍ਹਾਂ ’ਤੇ ਮੁਕੱਦਮਾ ਚਲਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ’ਤੇ ਮੁਕੱਦਮਾ ਚਲਾਇਆ ਜਾਵੇ।’’ ਭਾਰਤ ਨੇ ਕਿਹਾ ਹੈ ਕਿ ਉਹ ਲੋਕਤੰਤਰੀ, ਸਥਿਰ, ਸ਼ਾਂਤੀਪੂਰਨ ਅਤੇ ਪ੍ਰਗਤੀਸ਼ੀਲ ਬੰਗਲਾਦੇਸ਼ ਦਾ ਸਮਰਥਨ ਕਰਦਾ ਹੈ।