
ਗੁਰਦੁਆਰਾ ਸਾਹਿਬ ਵਿਖੇ ਭਾਈ ਤਾਰੂ ਸਿੰਘ ਤੇ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਆਯੋਜਿਤ
ਮਿਲਾਨ: ਇਟਲੀ ਦੇ ਕਰੇਮੋਨਾ ਜਿਲੇ ਦੇ ਗੁਰਦੁਆਰਾ ਸ਼੍ਰੀ ਗਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਅਤੇ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ।ਇਸ ਦਿਹਾੜੇ ਨੂੰ ਸਮਰਪਿਤ ਸ਼੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਸਜਾਏ ਦੀਵਾਨਾਂ ਵਿੱਚ ਇੰਡੀਆ ਦੀ ਧਰਤੀ ਤੋਂ ਵਿਸ਼ੇਸ਼ ਪੁੱਜੇ ਕਵੀਸ਼ਰੀ ਜੱਥੇ ਭਾਈ ਸੁਖਵਿੰਦਰ ਸਿੰਘ ਚੀਮਾ ਅਤੇ ਸਾਥੀਆ ਨੇ ਕਵੀਸ਼ਰੀ ਵਾਰਾਂ ਨਾਲ ਸੰਗਤਾਂ ਨੂੰ ਸ਼ਹੀਦ ਭਾਈ ਤਾਰੂ ਸਿੰਘ ਅਤੇ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਹਨਾਂ ਸੰਗਤਾਂ ਨੂੰ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਅਤੇ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਤੋਂ ਸੇਧ ਲੈਦਿਆਂ ਸਿੱਖੀ ਸਰੂਪ ਵਿੱਚ ਪ੍ਰਪੱਕ ਰਹਿਣ ਅਤੇ ਅੰਮ੍ਰਿਤਪਾਣ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਦਾ ਸਮਾਗਮ ਵਿੱਚ ਸਹਿਯੋਗ ਕਰਨ ਤੇ ਧੰਨਵਾਦ ਕੀਤਾ
ਜਿਕਰਯੋਗ ਹੈ ਕਿ ਇਟਲੀ ਦੇ ਸਿੱਖ ਇਤਿਹਾਸ ਵਿੱਚ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਪਿਛਲੇ ਲੰਬੇ ਸਮੇਂ ਤੋਂ ਸਿੱਖ ਧਰਮ ਦੀ ਚੜ੍ਹਦੀ ਕਲਾ,ਪ੍ਰਸਾਰ ਤੇ ਪ੍ਰਚਾਰ ਲਈ ਵੱਖ ਵੱਖ ਉਪਰਾਲੇ ਕਰ ਰਹੀ ਹੈ।