
Emmanuel Macron calls PM Modi : ਪਹਿਲਗਾਮ ਹਮਲੇ ਦੀ ਨਿੰਦਾ ਕਰਦਿਆਂ 'ਸੰਵੇਦਨਾ ਪ੍ਰਗਟ ਕੀਤੀ
'France stands with India...' President Macron calls Prime Minister Modi Latest News in Punjabi : ਪੈਰਿਸ, ਪਹਿਲਗਾਮ ਵਿਚ ਹੋਏ ਅਤਿਵਾਦੀ ਹਮਲੇ ਨੇ ਪੂਰੀ ਦੁਨੀਆਂ ਨੂੰ ਹਿਲਾ ਕੇ ਰੱਖ ਦਿਤਾ ਹੈ। ਕਈ ਦੇਸ਼ਾਂ ਦੇ ਪ੍ਰਤੀਨਿਧੀਆਂ ਨੇ ਇਸ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਦੌਰਾਨ, ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਵੀ ਪਹਿਲਗਾਮ ਹਮਲੇ ਦੀ ਆਲੋਚਨਾ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਭਰੋਸਾ ਦਿਤਾ ਕਿ ਫ਼ਰਾਂਸ ਭਾਰਤ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।
ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਵੀ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ 'ਤੇ ਇਸ ਗੱਲਬਾਤ ਬਾਰੇ ਜਾਣਕਾਰੀ ਦਿਤੀ ਹੈ। ਉਨ੍ਹਾਂ ਦਸਿਆ ‘ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕੀਤੀ। ਇਸ ਦੁੱਖ ਦੀ ਘੜੀ ਵਿਚ ਫ਼ਰਾਂਸ ਭਾਰਤ ਅਤੇ ਇਸ ਦੇ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।’
ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਬੀਤੀ ਰਾਤ ਪੋਸਟ ਕੀਤਾ, ਲਿਖਿਆ ‘ਮੈਂ ਹੁਣੇ ਹੀ ਅਪਣੇ ਹਮਰੁਤਬਾ ਨਰਿੰਦਰ ਮੋਦੀ ਨਾਲ ਮੰਗਲਵਾਰ ਨੂੰ ਹੋਏ ਕਾਇਰਤਾਪੂਰਨ ਅਤਿਵਾਦੀ ਹਮਲੇ ਬਾਰੇ ਗੱਲ ਕੀਤੀ ਹੈ ਜਿਸ ਵਿਚ ਦਰਜਨਾਂ ਨਿਰਦੋਸ਼ ਨਾਗਰਿਕਾਂ ਦੀ ਮੌਤ ਹੋ ਗਈ ਸੀ। ਇਸ ਦੁੱਖ ਦੀ ਘੜੀ ਵਿਚ ਫ਼ਰਾਂਸ ਭਾਰਤ ਅਤੇ ਇਸ ਦੇ ਲੋਕਾਂ ਦੇ ਨਾਲ ਖੜ੍ਹਾ ਹੈ। ਜਿੱਥੇ ਵੀ ਲੋੜ ਹੋਵੇਗੀ, ਫ਼ਰਾਂਸ ਅਪਣੇ ਸਹਿਯੋਗੀਆਂ ਨਾਲ ਮਿਲ ਕੇ ਅਤਿਵਾਦ ਨਾਲ ਲੜਨਾ ਜਾਰੀ ਰੱਖੇਗਾ।’
ਇਮੈਨੁਅਲ ਮੈਕਰੋਨ ਦੀ ਇਸ ਪੋਸਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਪਹਿਲਗਾਮ ਅਤਿਵਾਦੀ ਹਮਲੇ ਵਿਚ ਸੈਲਾਨੀਆਂ ਦੀ ਬੇਰਹਿਮੀ ਨਾਲ ਹੋਈ ਹੱਤਿਆ 'ਤੇ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਅਜਿਹਾ ਕਾਇਰਤਾਪੂਰਨ ਹਮਲਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੁਸ਼ਕਲ ਸਮੇਂ ਵਿਚ ਭਾਰਤ ਦਾ ਸਮਰਥਨ ਕਰਨ ਲਈ ਉਨ੍ਹਾਂ ਦਾ ਧਨਵਾਦ ਕੀਤਾ। ਨਾਲ ਹੀ, ਪ੍ਰਧਾਨ ਮੰਤਰੀ ਮੋਦੀ ਨੇ ਅਪਰਾਧੀਆਂ ਵਿਰੁਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿਤਾ ਹੈ।
ਤੁਹਾਨੂੰ ਦੱਸ ਦਈਏ ਕਿ ਮੰਗਲਵਾਰ ਦੁਪਹਿਰ ਨੂੰ ਅਤਿਵਾਦੀਆਂ ਨੇ ਪਹਿਲਗਾਮ ਦੀ ਬੈਸਰਨ ਘਾਟੀ ਵਿਚ 26 ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਸੀ। ਮ੍ਰਿਤਕਾਂ ਵਿਚ 25 ਭਾਰਤੀ ਨਾਗਰਿਕ ਅਤੇ 1 ਨੇਪਾਲੀ ਨਾਗਰਿਕ ਸ਼ਾਮਲ ਹੈ।