
ਮੈਂ ਘੱਟ ਗਿਣਤੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ ਕਰਨਾ ਚਾਹੁੰਦਾ ਹਾਂ ਪਰ ਵਿਰੋਧੀ ਧਿਰ ਅੜਿੱਕੇ ਪੈਦਾ ਕਰ ਰਹੀ ਹੈ।
Pakistan News: ਇਸਲਾਮਾਬਾਦ - ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਇਕ ਵੱਡਾ ਕਬੂਲਨਾਮਾ ਕੀਤਾ ਹੈ ਕਿ ਉਨ੍ਹਾਂ ਦੇ ਦੇਸ਼ ਵਿਚ ਘੱਟ ਗਿਣਤੀ ਸੁਰੱਖਿਅਤ ਨਹੀਂ ਹਨ। ਖਵਾਜਾ ਆਸਿਫ਼ ਨੇ ਕਿਹਾ ਕਿ ਪਾਕਿਸਤਾਨ 'ਚ ਧਰਮ ਦੇ ਨਾਂ 'ਤੇ ਹਿੰਸਾ ਨਾਲ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਦੇਸ਼ ਉਨ੍ਹਾਂ ਦੀ ਰੱਖਿਆ ਕਰਨ 'ਚ ਅਸਫ਼ਲ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ।
ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਸੋਮਵਾਰ ਨੂੰ ਨੈਸ਼ਨਲ ਅਸੈਂਬਲੀ 'ਚ ਬੋਲਦੇ ਹੋਏ ਖਵਾਜਾ ਆਸਿਫ਼ ਨੇ ਕਿਹਾ, ''ਪਾਕਿਸਤਾਨ 'ਚ ਲਗਭਗ ਹਰ ਰੋਜ਼ ਘੱਟ ਗਿਣਤੀਆਂ ਦੀ ਹੱਤਿਆ ਹੋ ਰਹੀ ਹੈ। ਉਹ ਇਸਲਾਮ ਦੇ ਪਰਛਾਵੇਂ ਹੇਠ ਸੁਰੱਖਿਅਤ ਨਹੀਂ ਹਨ। ਮੈਂ ਘੱਟ ਗਿਣਤੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ ਕਰਨਾ ਚਾਹੁੰਦਾ ਹਾਂ ਪਰ ਵਿਰੋਧੀ ਧਿਰ ਅੜਿੱਕੇ ਪੈਦਾ ਕਰ ਰਹੀ ਹੈ। ਇਸ ਕਾਰਨ ਪੂਰੀ ਦੁਨੀਆ 'ਚ ਪਾਕਿਸਤਾਨ ਦੀ ਬਦਨਾਮੀ ਹੋ ਰਹੀ ਹੈ।
ਰੱਖਿਆ ਮੰਤਰੀ ਨੇ ਕਿਹਾ ਕਿ ਸੰਵਿਧਾਨ ਦੁਆਰਾ ਸੁਰੱਖਿਆ ਦੇ ਬਾਵਜੂਦ ਇਸਲਾਮ ਨਾਲ ਜੁੜੇ ਛੋਟੇ ਸੰਪਰਦਾਵ ਵੀ ਸੁਰੱਖਿਅਤ ਨਹੀਂ ਹਨ। ਇਹ ਸ਼ਰਮਨਾਕ ਸਥਿਤੀ ਹੈ। ਉਨ੍ਹਾਂ ਘੱਟ ਗਿਣਤੀਆਂ ਦੀ ਸੁਰੱਖਿਆ ਸਬੰਧੀ ਨੈਸ਼ਨਲ ਅਸੈਂਬਲੀ ਵਿਚ ਮਤਾ ਪਾਸ ਕਰਨ ਦੀ ਗੱਲ ਕਹੀ। ਆਸਿਫ਼ ਨੇ ਕਿਹਾ ਕਿ ਇਹ ਸਮੱਸਿਆ ਕਿਸੇ ਇੱਕ ਸੂਬੇ ਵਿਚ ਨਹੀਂ ਸਗੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੋ ਰਹੀ ਹੈ। ਬਹੁਤ ਸਾਰੇ ਲੋਕ ਮਾਰੇ ਗਏ ਸਨ ਜਿਨ੍ਹਾਂ ਦਾ ਈਸ਼ਨਿੰਦਾ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਪਰ ਨਿੱਜੀ ਰੰਜਿਸ਼ ਕਾਰਨ ਉਸ ਦਾ ਕਤਲ ਕਰ ਦਿੱਤਾ ਗਿਆ।
ਰੱਖਿਆ ਮੰਤਰੀ ਨੇ ਕਿਹਾ ਕਿ ਅਹਿਮਦੀਆ ਭਾਈਚਾਰਾ ਸਭ ਤੋਂ ਵੱਧ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਨੂੰ ਨਫ਼ਰਤ ਭਰੇ ਭਾਸ਼ਣ ਤੋਂ ਲੈ ਕੇ ਹਿੰਸਕ ਹਮਲਿਆਂ ਤੱਕ ਹਰ ਚੀਜ਼ ਦਾ ਸਾਹਮਣਾ ਕਰਨਾ ਪੈਂਦਾ ਹੈ। ਦੇਸ਼ ਭਰ ਵਿੱਚ ਉਨ੍ਹਾਂ ਨੂੰ ਸਿਰਫ਼ ਉਨ੍ਹਾਂ ਦੇ ਵਿਸ਼ਵਾਸ ਲਈ ਸ਼ਿਕਾਰ ਬਣਾਇਆ ਜਾਂਦਾ ਹੈ। ਇਸੇ ਤਰ੍ਹਾਂ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਵੀ ਰੁਜ਼ਗਾਰ, ਸਿੱਖਿਆ ਅਤੇ ਕੁਫ਼ਰ ਦੇ ਨਾਂਅ 'ਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਇੱਥੇ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
(For more Punjabi news apart from Sikhs, Hindus and Muslims are being targeted in the name of religion in Pakistan - Pakistani Minister News In Punjabi , stay tuned to Rozana Spokesman)