
ਅਸੀਂ ਉਮੀਦ ਕਰਦੇ ਹਾਂ ਕਿ ਉੱਥੇ ਸਥਿਤੀ ਜਲਦੀ ਹੀ ਆਮ ਅਤੇ ਸਥਿਰ ਹੋ ਜਾਵੇਗੀ।
ਵਸ਼ਿੰਗਟਨ - ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਸੰਸਦ 'ਚ ਦਿੱਤੇ ਬਿਆਨ 'ਚ ਕਿਹਾ ਕਿ ਕੈਨੇਡਾ ਪੰਜਾਬ ਦੇ ਹਾਲਾਤ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਉਹ ਕੈਨੇਡਾ 'ਚ ਰਹਿ ਰਹੇ ਭਾਈਚਾਰੇ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਰਹਿਣਗੇ। ਇਸ ਦੇ ਨਾਲ ਹੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵਿਦੇਸ਼ੀ ਆਗੂਆਂ ਵੱਲੋਂ ਪੰਜਾਬ ਬਾਰੇ ਦਿੱਤੇ ਬਿਆਨ 'ਤੇ ਕਿਹਾ ਕਿ ਗਲਤ ਅਤੇ ਗੁੰਮਰਾਹਕੁੰਨ ਜਾਣਕਾਰੀ 'ਤੇ ਵਿਸ਼ਵਾਸ ਨਾ ਕਰੋ। ਦੱਸ ਦਈਏ ਕਿ ਪੰਜਾਬ ਪੁਲਿਸ ਨੇ 'ਵਾਰਿਸ ਪੰਜਾਬ ਦੇ' ਦੇ ਆਗੂ ਅੰਮ੍ਰਿਤਪਾਲ ਸਿੰਘ ਦੇ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਫਰਾਰ ਅੰਮ੍ਰਿਤਪਾਲ ਦੀ ਭਾਲ ਕੀਤੀ ਜਾ ਰਹੀ ਹੈ।
ਕੈਨੇਡਾ ਦੀ ਸੰਸਦ 'ਚ ਭਾਰਤੀ ਮੂਲ ਦੇ ਸੰਸਦ ਮੈਂਬਰ ਇਕਵਿੰਦਰ ਐੱਸ. ਗਹਿਰ ਦੇ ਸਵਾਲ ਦੇ ਜਵਾਬ 'ਚ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਕਿਹਾ ਕਿ ਅਸੀਂ ਪੰਜਾਬ ਦੇ ਬਦਲਦੇ ਹਾਲਾਤ ਤੋਂ ਜਾਣੂ ਹਾਂ ਅਤੇ ਅਸੀਂ ਇਸ ਪੂਰੇ ਮਾਮਲੇ 'ਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਹਾਂ। ਅਸੀਂ ਉਮੀਦ ਕਰਦੇ ਹਾਂ ਕਿ ਉੱਥੇ ਸਥਿਤੀ ਜਲਦੀ ਹੀ ਆਮ ਅਤੇ ਸਥਿਰ ਹੋ ਜਾਵੇਗੀ।
Mélanie Joly
ਜੌਲੀ ਨੇ ਕਿਹਾ ਕਿ ਕੈਨੇਡਾ ਦੇ ਲੋਕ ਹਮੇਸ਼ਾ ਸਰਕਾਰ 'ਤੇ ਭਰੋਸਾ ਕਰ ਸਕਦੇ ਹਨ ਅਤੇ ਅਸੀਂ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਕੰਮ ਕਰਨਾ ਜਾਰੀ ਰੱਖਾਂਗੇ। ਸੰਸਦ ਮੈਂਬਰ ਗਹਿਰ ਨੇ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰਨ ਦਾ ਮੁੱਦਾ ਵੀ ਉਠਾਇਆ ਅਤੇ ਵਿਦੇਸ਼ ਮੰਤਰੀ ਤੋਂ ਇਸ ਬਾਰੇ ਸਦਨ ਨੂੰ ਜਾਣੂ ਕਰਵਾਉਣ ਦੀ ਮੰਗ ਕੀਤੀ।
ਬੁੱਧਵਾਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਦਨ ਨੂੰ ਦੱਸਿਆ ਕਿ ਅਸੀਂ ਉਮੀਦ ਕਰ ਰਹੇ ਹਾਂ ਕਿ ਪੰਜਾਬ ਦੇ ਹਾਲਾਤ ਜਲਦੀ ਹੀ ਆਮ ਵਾਂਗ ਹੋ ਜਾਣਗੇ। ਦੱਸ ਦਈਏ ਕਿ ਕੈਨੇਡਾ 'ਚ ਪਿਛਲੇ ਕੁਝ ਸਮੇਂ 'ਚ ਹਿੰਦੂ ਵਿਰੋਧੀ ਘਟਨਾਵਾਂ ਵੀ ਵਧੀਆਂ ਹਨ। ਪਿਛਲੇ ਦਿਨੀਂ ਖਾਲਿਸਤਾਨ ਸਮਰਥਕਾਂ ਵੱਲੋਂ ਕਈ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਭਾਰਤੀ ਦੂਤਾਵਾਸ ਨੇ ਵੀ ਇਸ ਸਬੰਧੀ ਕੈਨੇਡਾ ਸਰਕਾਰ ਨੂੰ ਸ਼ਿਕਾਇਤ ਕੀਤੀ ਸੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।
ਦੂਜੇ ਪਾਸੇ ਅੰਮ੍ਰਿਤਪਾਲ ਮਾਮਲੇ 'ਤੇ ਵਿਦੇਸ਼ੀ ਨੇਤਾਵਾਂ ਅਤੇ ਸੰਸਦ ਮੈਂਬਰਾਂ ਵੱਲੋਂ ਦਿੱਤੇ ਗਏ ਬਿਆਨਾਂ 'ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵਿਦੇਸ਼ਾਂ 'ਚ ਰਹਿੰਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਝੂਠੀਆਂ ਅਤੇ ਗੁੰਮਰਾਹਕੁੰਨ ਸੂਚਨਾਵਾਂ 'ਤੇ ਵਿਸ਼ਵਾਸ ਨਾ ਕਰਨ, ਜੋ ਕਿ ਸੋਸ਼ਲ ਮੀਡੀਆ 'ਤੇ ਕੁਝ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਹਨ। ਪ੍ਰਸ਼ਾਸਨ ਵੱਲੋਂ ਭਗੌੜੇ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਬੰਧਤ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ’ਤੇ ਇਸ ਸਬੰਧੀ ਸਾਰੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।