‘ਮੌਤ ਦੀਆਂ ਫੈਲਾਈਆਂ ਗਈਆਂ ਅਫਵਾਹਾਂ’
ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਜੋ ਕਿ ਪਾਕਿਸਤਾਨ ਵਿੱਚ ਕੈਦ ਹਨ, ਦੀ ਮੌਤ ਦੀਆਂ ਅਫਵਾਹਾਂ ਫੈਲ ਰਹੀਆਂ ਹਨ। ਇਮਰਾਨ ਦੀਆਂ ਭੈਣਾਂ ਨੂੰ ਪਿਛਲੇ 23 ਦਿਨਾਂ ਤੋਂ ਉਨ੍ਹਾਂ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇੱਕ ਭੈਣ ਨੂੰ ਹਿਰਾਸਤ ਵਿੱਚ ਲਏ ਜਾਣ ਦੀਆਂ ਰਿਪੋਰਟਾਂ ਵੀ ਸਾਹਮਣੇ ਆਈਆਂ ਹਨ। ਇਸ ਨਾਲ ਇਮਰਾਨ ਖਾਨ ਦੀ ਮੌਤ ਦੀਆਂ ਅਫਵਾਹਾਂ ਨੂੰ ਹੋਰ ਹਵਾ ਮਿਲੀ ਹੈ। ਇਸ ਮਾਮਲੇ ਸੰਬੰਧੀ ਹੁਣ ਜੇਲ੍ਹ ਪ੍ਰਸ਼ਾਸਨ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਪੰਜਾਬ ਸੂਬੇ ਦੀ ਅਡਿਆਲਾ ਜੇਲ੍ਹ ਵਿੱਚ ਬੰਦ ਹਨ। ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਇਮਰਾਨ ਖਾਨ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਉਨ੍ਹਾਂ ਨੂੰ ਸਾਰੀਆਂ ਜ਼ਰੂਰੀ ਡਾਕਟਰੀ ਦੇਖਭਾਲ ਮਿਲ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਪਾਕਿਸਤਾਨੀ ਮੀਡੀਆ ਵਿੱਚ ਅਫਵਾਹਾਂ ਫੈਲਾਈਆਂ ਗਈਆਂ ਸਨ ਕਿ ਪੀਟੀਆਈ ਪਾਰਟੀ ਦੇ ਸੰਸਥਾਪਕ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਜੇਲ੍ਹ ਤੋਂ ਬਾਹਰ ਤਬਦੀਲ ਕਰ ਦਿੱਤਾ ਗਿਆ ਹੈ। ਅਡਿਆਲਾ ਜੇਲ੍ਹ ਪ੍ਰਸ਼ਾਸਨ ਨੇ ਇਸ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਇਮਰਾਨ ਖਾਨ ਜੇਲ੍ਹ ਵਿੱਚ ਹੀ ਹਨ। ਇਸ ਤੋਂ ਇਲਾਵਾ, ਸਿਹਤ ਸੰਬੰਧੀ ਅਪਡੇਟ ਦਿੰਦੇ ਹੋਏ, ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਇਮਰਾਨ ਖਾਨ ਪੂਰੀ ਤਰ੍ਹਾਂ ਸਿਹਤਮੰਦ ਹਨ।
