
ਕੈਨੇਡਾ ਸਰਕਾਰ ਵੱਲੋਂ ਆਪਣੀ ਵੈੱਬਸਾਈਟ 'ਤੇ ਜਾਰੀ ਕੀਤੀ ਐਡਵਾਇਜ਼ਰੀ ਆਖਰੀ ਵਾਰ 27 ਸਤੰਬਰ ਨੂੰ ਅਪਡੇਟ ਕੀਤੀ ਗਈ,
ਓਟਵਾ: ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਸੂਬੇ, ਗੁਜਰਾਤ, ਪੰਜਾਬ ਅਤੇ ਰਾਜਸਥਾਨ ਦੀ ਯਾਤਰਾ ਕਰਨ ਤੋਂ ਗ਼ੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਇਸ ਸੰਬੰਧੀ ਇੱਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ, ਜਿਸ 'ਚ ਕਿਹਾ ਗਿਆ ਹੈ ਕਿ ਅਣਕਿਆਸੀ ਸੁਰੱਖਿਆ ਸਥਿਤੀ ਅਤੇ ਬਾਰੂਦੀ ਸੁਰੰਗਾਂ ਅਤੇ ਹਥਿਆਰਾਂ ਦੀ ਮੌਜੂਦਗੀ ਕਾਰਨ ਗੁਜਰਾਤ, ਪੰਜਾਬ ਅਤੇ ਰਾਜਸਥਾਨ ਸੂਬਿਆਂ ਵਿੱਚ ਜਾਣ ਵਾਲੇ ਸਾਰੇ ਨਾਗਰਿਕਾਂ ਨੂੰ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੇ 10 ਕਿਲੋਮੀਟਰ ਦੇ ਅੰਦਰ ਦੇ ਖੇਤਰਾਂ ਵਿੱਚ ਯਾਤਰਾ ਕਰਨ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ।
ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
ਕੈਨੇਡਾ ਸਰਕਾਰ ਵੱਲੋਂ ਆਪਣੀ ਵੈੱਬਸਾਈਟ 'ਤੇ ਜਾਰੀ ਕੀਤੀ ਐਡਵਾਇਜ਼ਰੀ ਆਖਰੀ ਵਾਰ 27 ਸਤੰਬਰ ਨੂੰ ਅਪਡੇਟ ਕੀਤੀ ਗਈ, ਜਿਸ 'ਚ ਨਾਗਰਿਕਾਂ ਨੂੰ 'ਦੇਸ਼ ਭਰ ਵਿੱਚ ਅੱਤਵਾਦੀ ਹਮਲਿਆਂ ਦੇ ਖ਼ਤਰਿਆਂ' ਕਾਰਨ ਭਾਰਤ ਵਿੱਚ ਉੱਚ-ਪੱਧਰੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਹਾਲਾਂਕਿ, ਇਸ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੀ ਯਾਤਰਾ ਕਰਨਾ ਸ਼ਾਮਲ ਨਹੀਂ ਹੈ। ਐਡਵਾਇਜ਼ਰੀ ਵਿੱਚ ਲੋਕਾਂ ਨੂੰ 'ਅੱਤਵਾਦ ਅਤੇ ਕੱਟੜਵਾਦ ਦੇ ਖ਼ਤਰੇ ਕਾਰਨ ਅਸਾਮ ਅਤੇ ਮਣੀਪੁਰ ਦੀ ਗ਼ੈਰ-ਜ਼ਰੂਰੀ ਯਾਤਰਾ ਤੋਂ ਵੀ ਬਚਣ ਦੀ ਅਪੀਲ ਕੀਤੀ ਹੈ।
ਪਹਿਲਾਂ ਭਾਰਤ ਨੇ ਜਾਰੀ ਕੀਤੀ ਸੀ ਐਡਵਾਇਜ਼ਰੀ
ਇਸ ਤੋਂ ਪਹਿਲਾਂ ਭਾਰਤ ਵੱਲੋਂ 23 ਸਤੰਬਰ ਨੂੰ ਕੈਨੇਡਾ ਵਿੱਚ ਵਸਦੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਉੱਥੇ ਵਧ ਰਹੇ ਅਪਰਾਧਾਂ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਚੌਕਸ ਰਹਿਣ ਲਈ ਇੱਕ ਐਡਵਾਇਜ਼ਰੀ ਜਾਰੀ ਕੀਤੀ ਗਈ ਸੀ। ਵਿਦੇਸ਼ ਮੰਤਰਾਲੇ (MEA) ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਕੈਨੇਡਾ ਵਿੱਚ ਭਾਰਤੀ ਨੁਮਾਇੰਦਿਆਂ ਨੇ ਇਨ੍ਹਾਂ ਘਟਨਾਵਾਂ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਚੁੱਕਿਆ ਹੈ ਅਤੇ ਇਨ੍ਹਾਂ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ।