
ਵਾਤਾਵਰਣ ਵਿਰੋਧੀ ਪ੍ਰੋਜੈਕਟਾਂ ਅਤੇ ਮਾਈਨਿੰਗ ਦਾ ਵਿਰੋਧ
ਮੈਲਬੌਰਨ (ਪਰਮਵੀਰ ਸਿੰਘ ਆਹਲੂਵਾਲੀਆ): ਤਾਪਮਾਨ ਵਿਚ ਆਲਮੀ ਪੱਧਰ ’ਤੇ ਆ ਰਹੀ ਤਬਦੀਲੀ ਕਾਰਨ ਦੁਨੀਆ ਦੇ ਹਰ ਕੋਨੇ ਵਿਚ ਰਹਿਣ ਵਾਲੇ ਵਾਤਾਵਰਣ ਪ੍ਰੇਮੀ ਚਿੰਤਾ ਵਿਚ ਪਏ ਹੋਏ ਹਨ ਜਦਕਿ ਸਰਕਾਰਾਂ ਇਸ ਮਾਮਲੇ ਵਿਚ ਘੇਸਲ ਵੱਟੀ ਬੈਠੀਆਂ ਹਨ। ਇਸੇ ਚਿੰਤਾ ਦੇ ਚਲਦਿਆਂ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਵਿਚ ਵੀ ਵਾਤਾਵਰਣ ਪ੍ਰੇਮੀਆਂ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਜ਼ੋਰਦਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਨ੍ਹਾਂ ਵੱਲੋਂ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਵਾਲੇ ਪ੍ਰੋਜੈਕਟਾਂ ਅਤੇ ਮਾਈਨਿੰਗ ਦਾ ਵਿਰੋਧ ਕੀਤਾ ਜਾ ਰਿਹਾ ਹੈ।
Climate protesters clash with police in Melbourne
ਪ੍ਰਦਰਸ਼ਨਕਾਰੀਆਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਵੱਲੋਂ ਕਈ ਥਾਵਾਂ ’ਤੇ ਸਖ਼ਤੀ ਵਰਤੀ ਜਾ ਰਹੀ ਹੈ। ਪੁਲਿਸ ਦੀ ਇਸ ਸਖ਼ਤੀ ਕਾਰਨ ਕੁੱਝ ਪ੍ਰਦਰਸ਼ਨਕਾਰੀ ਜ਼ਖ਼ਮੀ ਵੀ ਹੋ ਚੁੱਕੇ ਹਨ। ਇਸ ਦੇ ਬਾਵਜੂਦ ਵੀ ਪ੍ਰਦਰਸ਼ਨਕਾਰੀਆਂ ਵੱਲੋਂ ਅਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਜਦੋਂ ਪੁਲਿਸ ਨੇ ਭੀੜ ਨੂੰ ਕਾਬੂ ਤੋਂ ਬਾਹਰ ਹੁੰਦੇ ਦੇਖਿਆਂ ਤਾਂ ਉਸ ਨੇ ਪ੍ਰਦਰਸ਼ਨਕਾਰੀਆਂ ’ਤੇ ਮਿਰਚੀ ਸਪਰੇਅ ਕਰ ਦਿੱਤਾ, ਜਿਸ ਕਾਰਨ ਪ੍ਰਦਰਸ਼ਨ ਕਰ ਰਹੇ ਲੋਕਾਂ ਵਿਚ ਭਾਜੜ ਮਚ ਗਈ ਅਤੇ ਕਈ ਜ਼ਖ਼ਮੀ ਹੋ ਗਏ।
Climate protesters clash with police in Melbourne
ਕੁੱਝ ਥਾਵਾਂ ’ਤੇ ਪੁਲਿਸ ਮੁਲਾਜ਼ਮਾਂ ਵੱਲੋਂ ਮੀਡੀਆ ਨਾਲ ਵੀ ਬਦਸਲੂਕੀ ਕੀਤੇ ਜਾਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ, ਜਿਸ ਦਾ ਮੈਲਬੌਰਨ ਦੇ ਸਮੂਹ ਮੀਡੀਆ ਵੱਲੋਂ ਇਤਰਾਜ਼ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਦੌਰਾਨ ਕੁੱਝ ਲੋਕ ਅਪਣੀਆਂ ਮੰਗਾਂ ਮਨਵਾਉਣ ਅਤੇ ਰੋਸ ਜ਼ਾਹਿਰ ਕਰਨ ਲਈ ਸੜਕਾਂ ’ਤੇ ਬੈਠ ਗਏ ਪਰ ਪੁਲਿਸ ਨੇ ਸਾਰਿਆਂ ਨੂੰ ਚੁੱਕ ਕੇ ਗੱਡੀਆਂ ਵਿਚ ਲੱਦ ਲਿਆ। ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਸੜਕਾਂ ’ਤੇ ਇਕ ਦੂਜੇ ਦਾ ਹੱਥ ਫੜ ਕੇ ਇਕ ਚੇਨ ਬਣਾ ਕੇ ਖੜ੍ਹੇ ਹੋ ਗਏ ਪਰ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਲੋਕਾਂ ਨਾਲ ਧੱਕਾ ਮੁੱਕੀ ਕੀਤੀ ਅਤੇ ਉਨ੍ਹਾਂ ਨੂੰ ਸੜਕਾਂ ਤੋਂ ਹਟਾਉਣ ਦਾ ਯਤਨ ਕੀਤਾ।
Climate protesters clash with police in Melbourne
ਇਸ ਦੌਰਾਨ ਵਾਤਾਵਰਣ ਵਿਰੁੱਧ ਕੀਤੇ ਜਾ ਰਹੇ ਕੰਮਾਂ ਖ਼ਿਲਾਫ਼ ਪ੍ਰਦਰਸ਼ਨਕਾਰੀਆਂ ਨੇ ਜਮ ਕੇ ਨਾਅਰੇਬਾਜ਼ੀ ਕੀਤੀ। ਦੱਸ ਦਈਏ ਕਿ ਵਾਤਾਵਰਣ ਵਿਚ ਲਗਾਤਾਰ ਆ ਰਹੇ ਵਿਗਾੜ ਨੂੰ ਲੈ ਕੇ ਇਕੱਲੇ ਆਸਟ੍ਰੇਲੀਆ ਵਿਚ ਨਹੀਂ ਬਲਕਿ ਸਮੁੱਚੇ ਵਿਸ਼ਵ ਦੇ ਵਾਤਾਵਰਣ ਪ੍ਰੇਮੀਆਂ ਵੱਲੋਂ ਚਿੰਤਾ ਜਤਾਈ ਜਾ ਰਹੀ ਹੈ। ਸਰਕਾਰਾਂ ’ਤੇ ਇਸ ਦਿਸ਼ਾ ਵਿਚ ਠੋਸ ਕਦਮ ਉਠਾਉਣ ਦਾ ਦਬਾਅ ਪਾਇਆ ਜਾ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਆਸਟ੍ਰੇਲੀਆ ਸਰਕਾਰ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਨੂੰ ਪੂਰਾ ਕਰਦੀ ਹੈ ਜਾਂ ਨਹੀਂ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।