ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮਨਾਈ ਸ਼ਹੀਦੀ ਸਾਕਾ ਸ਼ਤਾਬਦੀ
Published : Oct 30, 2022, 4:34 pm IST
Updated : Oct 30, 2022, 4:53 pm IST
SHARE ARTICLE
Shaheedi Saka centenary celebrated at Gurdwara Sri Panja Sahib
Shaheedi Saka centenary celebrated at Gurdwara Sri Panja Sahib

ਦੇਸ਼ ਵੰਡ ਮਗਰੋਂ ਸ੍ਰੀ ਪੰਜਾ ਸਾਹਿਬ ਸਮੇਤ ਬਹੁਤ ਸਾਰੇ ਗੁਰਧਾਮ ਪਾਕਿਸਤਾਨ ਵਿਚ ਰਹਿ ਗਏ, ਜਿਨ੍ਹਾਂ ਪ੍ਰਤੀ ਸਿੱਖ ਕੌਮ ਅੰਦਰ ਗਹਿਰਾ ਸਤਿਕਾਰ ਅਤੇ ਸ਼ਰਧਾ ਹੈ।

 

ਅੰਮ੍ਰਿਤਸਰ: 100 ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਦਾ ਮੁੱਖ ਸਮਾਗਮ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਇਆ, ਜਿਸ ਵਿਚ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਕਰਤ ਕੀਤੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਕੀਤੇ ਗਏ ਇਸ ਸ਼ਤਾਬਦੀ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦ ਕੌਮੀ ਅਕੀਦਿਆਂ ਨੂੰ ਪ੍ਰਣਾਏ ਹੋਏ ਸਨ, ਜਿਨ੍ਹਾਂ ਨੇ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੇਸ਼ ਵੰਡ ਮਗਰੋਂ ਸ੍ਰੀ ਪੰਜਾ ਸਾਹਿਬ ਸਮੇਤ ਬਹੁਤ ਸਾਰੇ ਗੁਰਧਾਮ ਪਾਕਿਸਤਾਨ ਵਿਚ ਰਹਿ ਗਏ, ਜਿਨ੍ਹਾਂ ਪ੍ਰਤੀ ਸਿੱਖ ਕੌਮ ਅੰਦਰ ਗਹਿਰਾ ਸਤਿਕਾਰ ਅਤੇ ਸ਼ਰਧਾ ਹੈ। 

ਇਨ੍ਹਾਂ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖਾਂ ਨੂੰ ਖੁੱਲ੍ਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖਾਂ ਨੂੰ ਮੌਕੇ ’ਤੇ ਵੀਜ਼ੇ ਦੇਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਆਪਣੇ ਗੁਰਧਾਮਾਂ ’ਤੇ ਆ ਕੇ ਨਤਮਸਤਕ ਹੋ ਸਕਣ। ਉਨ੍ਹਾਂ ਕਿਹਾ ਕਿ ਸਿੱਖ ਦੋਹਾਂ ਦੇਸ਼ਾਂ ਦੇ ਸੁਖਾਵੇਂ ਸਬੰਧ ਲੋਚਦੇ ਹਨ, ਕਿਉਂਕਿ ਜਦੋਂ ਵੀ ਦੇਸ਼ਾਂ ਦੇ ਸਬੰਧਾਂ ’ਚ ਕੁੜੱਤਣ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਸਿੱਖ ਜਥਿਆਂ ਦੇ ਆਉਣ-ਜਾਣ ’ਤੇ ਪ੍ਰਭਾਵ ਪੈਂਦਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਜਥਿਆਂ ਰਾਹੀਂ ਪਾਕਿਸਤਾਨ ਆਉਣ ਵਾਲੇ ਸ਼ਰਧਾਲੂਆਂ ਲਈ ਚਲਦੀ ਰੇਲ ਸੇਵਾ ਦਾ ਵੀ ਬੀਤੇ ਸਮੇਂ ਤੋਂ ਬੰਦ ਹੋਣਾ ਠੀਕ ਨਹੀਂ ਹੈ। ਕਿਉਂਕਿ ਰੇਲ ਸੇਵਾ ਦੇ ਬੰਦ ਹੋਣ ਨਾਲ ਆਮ ਸ਼ਰਧਾਲੂਆਂ ’ਤੇ ਆਰਥਿਕ ਬੋਝ ਬਣਿਆ ਹੋਇਆ ਹੈ। ਉਨ੍ਹਾਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਕਿਹਾ ਕਿ ਇਸ ਪਾਸੇ ਧਿਆਨ ਦਿੱਤਾ ਜਾਵੇ ਅਤੇ ਅਰਸੇ ਤੋਂ ਚਲਦੀ ਰੇਲ ਸੇਵਾ ਮੁੜ ਬਹਾਲ ਕੀਤੀ ਜਾਵੇ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਸੰਬੋਧਨ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਸਿੱਖ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਸਰਕਾਰਾਂ ਅਤੇ ਸੰਗਤ ਨੂੰ ਖਾਸ ਧਿਆਨ ਦੇਣ ਲਈ ਵੀ ਆਖਿਆ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦਾਂ ਦੀ ਸ਼ਤਾਬਦੀ ਮੌਕੇ ਸਿੱਖ ਸੰਗਤਾਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਵੀ ਕੀਤੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਇਹ ਸੰਘਰਸ਼ਮਈ ਇਤਿਹਾਸ ਅਮੁੱਲਾ ਹੈ, ਜਿਸ ਨੂੰ ਸੰਗਤਾਂ ਯੁੱਗਾਂ ਤੱਕ ਯਾਦ ਰੱਖਣਗੀਆਂ। ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹਨ ਅਤੇ ਇਤਿਹਾਸ ਕੌਮ ਲਈ ਪ੍ਰੇਰਣਾ ਸਰੋਤ ਹੁੰਦਾ ਹੈ। ਸਾਕਾ ਸ੍ਰੀ ਪੰਜਾ ਸਾਹਿਬ ਸਿੱਖੀ ਜਜ਼ਬੇ ਦੀ ਅਹਿਮ ਮਿਸਾਲ ਹੈ, ਜਿਸ ਨੇ ਆਪਣਾ ਪ੍ਰਭਾਵ ਹਮੇਸ਼ਾ ਬਣਾਈ ਰੱਖਣਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਕਰਮ ਸਿੰਘ ਤੇ ਸ਼ਹੀਦ ਭਾਈ ਪ੍ਰਤਾਪ ਸਿੰਘ ਸਮੇਤ ਸਿੱਖ ਸ਼ਹੀਦਾਂ ਦੀਆਂ 100 ਸਾਲ ਪਹਿਲਾਂ ਪਾਈਆਂ ਪੈੜਾਂ ਕੌਮ ਦੀ ਤਰਜ਼ਮਾਨੀ ਕਰਦੀਆਂ ਰਹਿਣਗੀਆਂ। 

ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖਾਂ ਦੇ ਪਾਕਿਸਤਾਨ ’ਚ ਰਹਿ ਗਏ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦਿਦਾਰਿਆਂ ਲਈ ਸਰਕਾਰਾਂ ਨੂੰ ਫਰਾਖਦਿਲੀ ਵਿਖਾਉਣੀ ਚਾਹੀਦੀ ਹੈ। ਉਨ੍ਹਾਂ ਹਾਜ਼ਰ ਓਕਾਫ ਬੋਰਡ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਰਧਾਲੂਆਂ ਨੂੰ ਵੀਜ਼ਿਆਂ ਸਮੇਂ ਆਉਂਦੀ ਸਮੱਸਿਆ ਵੱਲ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਸ਼ਤਾਬਦੀ ਮਨਾਉਣ ਸਮੇਂ ਸ਼੍ਰੋਮਣੀ ਕਮੇਟੀ ਦੇ ਕਈ ਅਹਿਮ ਵਿਅਕਤੀਆਂ ਦੇ ਵੀਜ਼ੇ ਕੱਟ ਦਿੱਤੇ ਗਏ, ਜਿਸ ਨਾਲ ਵੱਡੀ ਪ੍ਰੇਸ਼ਾਨੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਸ਼ਰਧਾਲੂਆਂ ਅਤੇ ਖਾਸ ਕਰ ਪ੍ਰਚਾਰਕ ਸ਼੍ਰੇਣੀ ਨੂੰ ਲੰਮੇ ਸਮੇਂ ਦੇ ਵੀਜ਼ਿਆਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ ਤਾਂ ਜੋ ਪਾਕਿਸਤਾਨ ’ਚ ਸਥਿਤ ਗੁਰਧਾਮਾਂ ਅੰਦਰ ਰਾਗੀ ਜਥੇ ਆਦਿ ਸਮੇਂ-ਸਮੇਂ ਹਾਜ਼ਰੀਆਂ ਭਰਦੇ ਰਹਿਣ। ਐਡਵੋਕੇਟ ਧਾਮੀ ਨੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਆਉਣ ਵਾਲੀ ਸੰਗਤ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਵੀ ਅਪੀਲ ਕੀਤੀ। 

ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਮੀਰ ਸਿੰਘ ਅਤੇ ਓਕਾਫ ਬੋਰਡ ਦੇ ਐਡੀਸ਼ਨਲ ਸਕੱਤਰ ਰਾਣਾ ਸ਼ਾਹਿਦ ਸਲੀਮ ਨੇ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾ ਭੇਟ ਕੀਤੀ ਅਤੇ ਆਈਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਨੂੰ ਜੀ-ਆਇਆਂ ਕਿਹਾ। ਰਾਣਾ ਸ਼ਾਹਿਦ ਸਲੀਮ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੇ ਦੋਵੇਂ ਸ਼ਹੀਦ ਅਹਿਮ ਹਨ ਅਤੇ ਇਸ ਸਾਕੇ ਦਾ ਦਿਨ ਮਨਾਉਣ ਦੇ ਨਾਲ-ਨਾਲ ਇਤਿਹਾਸ ’ਤੇ ਅਮਲ ਵੀ ਕਰਨਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਦੋਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਬੇਹੱਦ ਆਦਰਯੋਗ ਹਨ। ਰਾਣਾ ਸ਼ਾਹਿਦ ਸਲੀਮ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਘਟਗਿਣਤੀਆਂ ਦੀ ਕਦਰ ਕਰਦੀ ਹੈ ਅਤੇ ਉਨ੍ਹਾਂ ਦੇ ਮਾਮਲਿਆਂ ਨੂੰ ਵਿਸ਼ੇਸ਼ ਤਵੱਜੋਂ ਵੀ ਦਿੰਦੀ ਹੈ। ਉਨ੍ਹਾਂ ਆਖਿਆ ਕਿ ਮੁਲਕ ਅੰਦਰ ਹਰ ਧਰਮ ਦੇ ਲੋਕ ਬਰਾਬਰ ਹਨ ਅਤੇ ਸਭ ਦੇ ਧਾਰਮਿਕ ਅਕੀਦੇ ਅਤੇ ਅਸਥਾਨ ਸਤਿਕਾਰਯੋਗ ਹਨ। ਹਰ ਧਰਮ ਪ੍ਰਤੀ ਮੁਲਕ ਸੰਵੇਦਨਸ਼ੀਲ ਹੈ। ਪਾਕਿਸਤਾਨ ਕਮੇਟੀ ਦੇ ਪ੍ਰਧਾਨ ਸ. ਅਮੀਰ ਸਿੰਘ ਨੇ ਜਿਥੇ ਸਾਕੇ ਦਾ ਇਤਿਹਾਸ ਸਾਂਝਾ ਕੀਤਾ, ਉਥੇ ਹੀ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਦਿੱਲੀ ਦੇ ਪ੍ਰਮੁੱਖ ਸਿੱਖ ਆਗੂ ਸ. ਪਰਮਜੀਤ ਸਿੰਘ ਸਰਨਾ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਇਸੇ ਦੌਰਾਨ ਪਾਕਿਸਤਾਨ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪਾਕਿਸਤਾਨ ਗੁਰਦੁਆਰਾ ਕਮੇਟੀ ਅਤੇ ਓਕਾਫ ਬੋਰਡ ਦੇ ਅਧਿਕਾਰੀਆਂ ਨੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਢੁੱਕਵੀਂ ਯਾਦਗਾਰ ਬਣਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਯਾਦਗਾਰ ਦੀ ਵਿਉਂਤਬੰਦੀ ਸਿੱਖ ਇਤਿਹਾਸ ਅਨੁਸਾਰ ਹੋਵੇਗੀ। ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਇਕ ਵਿਸ਼ਾਲ ਸਰਾਂ ਅਤੇ ਇਸ ਦੇ ਨਾਲ ਹੀ ਇਕ ਆਧੁਨਿਕ ਜਿਊਜ਼ੀਅਮ ਸਥਾਪਤ ਕਰਨ ਦਾ ਵਿਚਾਰ ਵੀ ਓਕਾਫ ਬੋਰਡ ਦੇ ਅਧਿਕਾਰੀਆਂ ਨੇ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਵਿਚ ਸ਼੍ਰੋਮਣੀ ਕਮੇਟੀ ਲੋੜੀਂਦਾ ਸਹਿਯੋਗ ਜ਼ਰੂਰ ਦੇਵੇਗੀ।

SHARE ARTICLE

ਏਜੰਸੀ

Advertisement

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM

Police ਨੇ ਠੋਕੇ Mani Bouncer ਦਾ ਕਤਲ ਕਰਨ ਵਾਲੇ ਸ਼ੂਟਰ.. Encounter ਦੀਆਂ ਸਿੱਧੀਆਂ ਤਸਵੀਰਾਂ!

09 May 2024 3:56 PM

Captain Amarinder ਦੀ ਚਾਚੀ ਕਰੇਗੀ Preneet Kaur ਖਿਲਾਫ਼ ਪ੍ਰਚਾਰ! ਕਹਿੰਦੇ, 'ਇਨ੍ਹਾਂ ਨੇ ਮੇਰੇ ਨਾਲ ਮਾੜੀ ਕੀਤੀ !'

09 May 2024 3:19 PM

?Debate Live : 'ਹਰਨਾਮ ਸਿੰਘ ਧੂੰਮਾ ਖੁਦ ਵੀ ਵਿਆਹ ਕਰਵਾਉਣ ਤੇ ਪੰਥ ਨੂੰ ਵਧਾਉਣ ਲਈ 2-4 ਬੱਚੇ ਪੈਦਾ ਕਰਨ'..

09 May 2024 11:16 AM

Big Breaking : ਸਪੋਕਸਮੈਨ ਦੀ ਖ਼ਬਰ 'ਤੇ ਲੱਗੀ ਮੋਹਰ, ਫਿਰੋਜ਼ਪੁਰ ਤੋਂ ਕੈਪਟਨ ਦੇ ਖ਼ਾਸ ਰਾਣਾ ਸੋਢੀ ਨੂੰ ਮਿਲੀ ਟਿਕਟ

09 May 2024 10:02 AM
Advertisement