
ਡੇਰਾ ਪ੍ਰੇਮੀ ਵਲੋਂ ਦਸਮ ਪਾਤਸ਼ਾਹ ਵਿਰੁਧ ਮਨਘੜਤ ਬਿਆਨਬਾਜ਼ੀ ਕਰਨ ਦਾ ਮਾਮਲਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੇ ਸੌਦਾ ਸਾਧ ਦੇ ਇਕ ਚੇਲੇ ਵਲੋਂ ਗੁਰਮੀਤ ਰਾਮ ਰਹੀਮ ਦੀ ਤੁਲਨਾ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਨੂੰ ਬੇਹੱਦ ਘਟੀਆ ਸੋਚ ਦਾ ਪ੍ਰਗਟਾਵਾ ਕਰਾਰ ਦਿੰਦਿਆਂ ਆਖਿਆ ਕਿ ਅਜਿਹੀਆਂ ਬੇਤੁਕੀਆਂ ਅਤੇ ਮਨਘੜਤ ਗੱਲਾਂ ਕਰ ਕੇ ਕੁੱਝ ਸ਼ਰਾਰਤੀ ਅਨਸਰ ਜਾਣ-ਬੁਝ ਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ।
Pic-1
ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਕਿਸੇ ਦੁਨਿਆਵੀ ਵਿਅਕਤੀ ਦੀ ਤੁਲਨਾ ਕਰਨਾ ਬੀਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ। ਇਸ ਨਾਲ ਵਿਸ਼ਵ ਭਰ ਵਿਚ ਵਸੇ ਘੱਟਗਿਣਤੀ ਸਿੱਖਾਂ ਅੰਦਰ ਰੋਸ ਤੇ ਰੋਹ ਪੈਦਾ ਹੋਇਆ ਹੈ। ਡਾ. ਰੂਪ ਸਿੰਘ ਨੇ ਆਖਿਆ ਕਿ ਸੋਸ਼ਲ ਮੀਡੀਆ ਦੀ ਅਜ਼ਾਦੀ ਦਾ ਹਰਗਿਜ ਇਹ ਮਤਲਬ ਨਹੀਂ ਹੈ ਕਿ ਜੋ ਮਰਜ਼ੀ ਬਿਆਨ ਕਰ ਕੇ ਲੋਕਾਂ ਵਿਚ ਫੈਲਾਇਆ ਜਾਵੇ। ਉਨ੍ਹਾਂ ਆਖਿਆ ਕਿ ਸਾਈਬਰ ਕਰਾਈਮ ਵਿਭਾਗ ਦੀ ਅਣਗਹਿਲੀ ਅਜਿਹੀਆਂ ਘਟਨਾਵਾਂ ਵਿਚ ਵਾਧਾ ਕਰਨ ਦਾ ਕਾਰਨ ਬਣ ਰਹੀ ਹੈ। ਮੁੱਖ ਸਕੱਤਰ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਸੰਜੀਦਾ ਹੈ ਅਤੇ ਇਸ ਦੇ ਦੋਸ਼ੀ ਵਿਰੁਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
SGPC
ਉਨ੍ਹਾਂ ਦਸਿਆ ਕਿ ਇਸ ਸਬੰਧ ਵਿਚ ਪੰਜਾਬ ਸਰਕਾਰ ਅਤੇ ਪੰਜਾਬ ਦੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਦੋਸ਼ੀ ਵਿਰੁਧ ਧਾਰਾ 295-ਏ ਅਨੁਸਾਰ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਡਾ. ਰੂਪ ਸਿੰਘ ਨੇ ਇਹ ਵੀ ਆਖਿਆ ਕਿ ਮੌਜੂਦਾ ਸਮੇਂ ਚੋਣਾਂ ਦੇ ਮਾਹੌਲ ਵਿਚ ਅਜਿਹੇ ਸ਼ਰਾਰਤੀ ਅਨਸਰਾਂ ਵਲੋਂ ਧਾਰਮਕ ਭਾਵਨਾਵਾਂ ਨਾਲ ਖਿਲਵਾੜ ਕਰਨਾ ਸਵਾਲ ਪੈਦਾ ਕਰਦਾ ਹੈ ਜਿਸ ਲਈ ਪੰਜਾਬ ਦੀ ਸਰਕਾਰ ਨੂੰ ਅੱਗੇ ਤੋਂ ਸੁਚੇਤ ਰਹਿਣ ਦੇ ਨਾਲ ਨਾਲ ਉਕਤ ਦੋਸ਼ੀ ਵਿਰੁਧ ਤੁਰਤ ਕਾਰਵਾਈ ਕਰਨੀ ਚਾਹੀਦੀ ਹੈ।