
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ
ਅੰਮ੍ਰਿਤਸਰ, 30 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ): ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰ੍ਰਥੀ ਗਿਆਨੀ ਜਗਤਾਰ ਸਿੰਘ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ । ਪਾਵਨ ਹੁਕਮਨਾਮੇ ਮਗਰੋਂ ਸਿੰਘ ਸਾਹਿਬ ਗਿ ਜਗਤਾਰ ਸਿੰਘ ਨੇ ਮੀਰੀ ਪੀਰੀ ਦਿਹਾੜੇ ਦਾ ਇਤਿਹਾਸ ਸਾਂਝਾ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਸਿੱਖ ਕੌਮ ਨੂੰ ਸ਼ਸਤਰ ਨਾਲ ਜੋੜਿਆ ਸੀ। ਸ਼ਸਤਰ ਸਾਨੂੰ ਸਵੈ-ਰੱਖਿਆ ਪ੍ਰਦਾਨ ਕਰਦਾ ਹੈ।
Miri Piri Diwas
ਸਾਹਮਣੇ ਆਈ ਜਾਣਕਾਰੀ ਅਨੁਸਾਰ ਹਾਲ ਹੀ ਵਿਚ ਚੀਨ ਦੀ ਸਰਹੱਦ 'ਤੇ ਅੰਮ੍ਰਿਤਧਾਰੀ ਗੁਰਸਿੱਖ ਨੇ ਜਿਸ ਤਰ੍ਹਾਂ ਅਪਣੀ ਕਿਰਪਾਨ ਨਾਲ ਦੁਸ਼ਮਣ ਦਾ ਸਾਹਮਣਾ ਕੀਤਾ, ਉਹ ਸ਼ਸਤਰ ਦੀ ਮਹਾਨਤਾ ਨੂੰ ਬਾਖ਼ੂਬੀ ਦਰਸਾਉਂਦਾ ਹੈ। ਸਮਾਗਮ ਦੌਰਾਨ ਗਿ. ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ। ਇਸ ਮੌਕੇ 'ਜਥੇਦਾਰ' ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਉ ਦਿਤੇ ਗਏ। ਸਮਾਗਮ ਦੌਰਾਨ ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਭੁਪਿੰਦਰ ਸਿੰਘ ਅਸੰਧ, ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਪ੍ਰੀਤ ਸਿੰਘ ਝੱਬਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਆਦਿ ਮੌਜੂਦ ਸਨ।