
ਕੇਸ ਦੀ ਸੁਣਵਾਈ ਦੌਰਾਨ ਰਘੁਬੀਰ ਸਿੰਘ ਨੇ ਇਸ ਪਟੀਸ਼ਨ ਨੂੰ ਵਾਪਸ ਲੈਣ ਦੀ ਬੇਨਤੀ ਕੀਤੀ
Giani Raghbir Singh: ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ, ਜਿਨ੍ਹਾਂ ਨੂੰ ਇਸ ਸਾਲ ਮਾਰਚ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ, ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਆਪਣੀ ਪਟੀਸ਼ਨ ਵਿੱਚ, ਉਨ੍ਹਾਂ ਨੇ ਖ਼ਦਸ਼ਾ ਪ੍ਰਗਟ ਕੀਤਾ ਹੈ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਪੂਰਵ ਸੂਚਨਾ ਅਤੇ ਮੌਕੇ ਦੇ ਹੈੱਡ ਗ੍ਰੰਥੀ ਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰ ਚੱਲ ਰਹੇ ਰਾਜਨੀਤਿਕ ਟਕਰਾਅ ਦਾ ਸ਼ਿਕਾਰ ਹੋ ਰਹੇ ਹਨ।
ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸਕੱਤਰ ਅਤੇ ਮੈਨੇਜਰ ਨੂੰ ਉਨ੍ਹਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਅਨੁਚਿਤ ਜਾਂ ਪੱਖਪਾਤੀ ਕਾਰਵਾਈ ਕਰਨ ਤੋਂ ਰੋਕਿਆ ਜਾਵੇ।
ਕੇਸ ਦੀ ਸੁਣਵਾਈ ਦੌਰਾਨ ਰਘਬੀਰ ਸਿੰਘ ਨੇ ਇਸ ਪਟੀਸ਼ਨ ਨੂੰ ਵਾਪਸ ਲੈਣ ਦੀ ਬੇਨਤੀ ਕੀਤੀ, ਜਿਸ ਤੋਂ ਬਾਅਦ ਹਾਈ ਕੋਰਟ ਨੇ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਨਾਲ ਉਨ੍ਹਾਂ ਨੂੰ ਪਟੀਸ਼ਨ ਵਾਪਸ ਲੈਣ ਦੀ ਆਜ਼ਾਦੀ ਮਿਲ ਗਈ।