ਪੰਥਕ ਅਕਾਲੀ ਲਹਿਰ ਸ਼੍ਰੋਮਣੀ ਕਮੇਟੀ ਚੋਣਾਂ 'ਚ ਉਮੀਦਵਾਰ ਥੋਪੇਗੀ ਨਹੀਂ, ਬਲਕਿ ਸੰਗਤ ਵਲੋਂ ਚੁਣੇ ਨੁਮਾਇੰਦਿਆਂ ਨੂੰ ਮੈਦਾਨ 'ਚ ਉਤਾਰੇਗੀ : ਬਾਬਾ ਬੇਦੀ
ਘੱਗਾ/ਪਾਤੜਾਂ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ ਨੇ ਇਥੇ ਘੱਗਾ ਵਿਖੇ ਪੰਥਕ ਅਕਾਲੀ ਲਹਿਰ ਵਲੋਂ ਕਰਵਾਈ ਜ਼ਿਲ੍ਹਾ ਪਧਰੀ ਪੰਥਕ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਮੁੱਚੇ ਗੁਰੂ ਨਾਨਕ ਨਾਮ ਲੇਵਾ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬਾਦਲ ਪਰਵਾਰ ਕੋਲੋਂ ਆਜ਼ਾਦ ਕਰਵਾਉਣ ਲਈ ਇਕਮੁਠ ਹੋਵੇ।
ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸਿਆਸੀ ਸੋਚ ਤੋਂ ਉਪਰ ਉਠ ਕੇ ਸਾਰੇ ਸਿੱਖਾਂ ਨੂੰ ਅਪਣੀਆਂ ਪੰਥਕ ਅਤੇ ਧਾਰਮਕ ਸੰਸਥਾਵਾਂ ਨੂੰ ਆਜ਼ਾਦ ਕਰਵਾਉਣ ਲਈ ਲਾਮਬੰਦ ਹੋਣਾ ਚਾਹੀਦਾ ਹੈ। ਘੱਗਾ ਦੀ ਦਾਣਾ ਮੰਡੀ 'ਚ ਠਾਠਾਂ ਮਾਰਦੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸਿੱਖ ਪੰਥ ਨੂੰ ਚੁਫ਼ੇਰਿਉਂ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ 'ਮੀਰੀ-ਪੀਰੀ' ਦੇ ਪ੍ਰਤੀਕ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਹੀ ਹੋ ਸਕਦਾ ਹੈ ਪਰ ਜਦੋਂ ਤਕ ਸ਼੍ਰੋਮਣੀ ਕਮੇਟੀ 'ਤੇ ਅਕਾਲੀ ਦਲ ਬਾਦਲ ਦਾ ਕਬਜ਼ਾ ਹੈ ਉਦੋਂ ਤਕ ਅਕਾਲ ਤਖ਼ਤ ਸਾਹਿਬ ਵੀ 'ਮੀਰੀ-ਪੀਰੀ' ਦੇ ਗੁਰੂ ਸਿਧਾਂਤ ਦੀ ਬਜਾਇ ਪ੍ਰਕਾਸ਼ ਸਿੰਘ ਬਾਦਲ ਦੀ ਮਰਜ਼ੀ ਅਨੁਸਾਰ ਫ਼ੈਸਲੇ ਲੈਣ ਲਈ ਮਜਬੂਰ ਰਹੇਗਾ।
ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ 'ਤੇ ਵਰ੍ਹਦਿਆਂ ਆਖਿਆ ਕਿ ਪਹਿਲਾਂ ਬਾਦਲ ਨੇ ਅਪਣੇ ਪਰਵਾਰ ਅਤੇ ਰਿਸ਼ਤੇਦਾਰਾਂ ਖ਼ਾਤਰ ਸ਼੍ਰੋਮਣੀ ਅਕਾਲੀ ਦਲ ਵਰਗੀ ਪੰਥਕ ਪਾਰਟੀ ਦਾ ਭੋਗ ਪਾਇਆ ਅਤੇ ਵੱਡੇ ਟਕਸਾਲੀ ਅਕਾਲੀ ਆਗੂਆਂ ਨੂੰ ਸਿਆਸੀ ਤੌਰ 'ਤੇ ਖ਼ਤਮ ਕੀਤਾ ਅਤੇ ਹੁਣ ਅਪਣੇ ਪਰਵਾਰ ਦੇ ਕਾਰੋਬਾਰਾਂ ਨੂੰ ਪ੍ਰਫੁੱਲਤ ਕਰਨ ਲਈ ਪੰਥਕ ਸੰਸਥਾਵਾਂ ਦੇ ਧਨ ਨੂੰ ਲੁੱਟ ਕੇ ਨਰੈਣੂ ਮਹੰਤ ਨੂੰ ਵੀ ਮਾਤ ਪਾ ਰਿਹਾ ਹੈ।
ਭਾਈ ਰਣਜੀਤ ਸਿੰਘ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਪ੍ਰਕਾਸ਼ ਸਿੰਘ ਬਾਦਲ ਦੇ ਪਰਵਾਰ ਦੀ ਨਿਜੀ ਵਪਾਰਕ ਕੰਪਨੀ ਵਾਂਗ ਕੰਮ ਕਰ ਰਹੀ ਹੈ ਅਤੇ ਗੁਰੂ ਦੀ ਗੋਲਕ ਦੇ ਪੈਸਿਆਂ ਨੂੰ ਖ਼ੁਰਦ-ਬੁਰਦ ਕਰਨ ਲਈ ਇਕ ਚਾਰਟਰਡ ਅਕਾਊਂਟੈਂਟ ਕੰਪਨੀ ਨੂੰ 7 ਲੱਖ ਰੁਪਏ ਮਹੀਨਾ ਗੁਰੂ ਦੀ ਗੋਲਕ ਵਿਚੋਂ ਹੀ ਦਿਤੇ ਜਾ ਰਹੇ ਹਨ।
ਸੰਤ ਸਮਾਜ ਦੇ ਸਰਪ੍ਰਸਤ ਬਾਬਾ ਸਰਬਜੋਤ ਸਿੰਘ ਬੇਦੀ ਨੇ ਸੰਬੋਧਨ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਰੀਝ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਨਿਰੋਲ ਪੰਥਕ ਅਤੇ ਗੁਰਮਤਿ ਪ੍ਰੰਪਰਾਵਾਂ 'ਚ ਜਲਵਾਗਰ ਹੁੰਦਾ ਦੇਖਣਾ ਹੈ। ਉਨ੍ਹਾਂ ਕਿਹਾ ਕਿ ਲਹਿਰ ਸ਼੍ਰੋਮਣੀ ਕਮੇਟੀ ਚੋਣਾਂ 'ਚ ਉਮੀਦਵਾਰ ਥੋਪੇਗੀ ਨਹੀਂ, ਬਲਕਿ ਸੰਗਤ ਦੀ ਚੋਣ ਨਾਲ ਉਮੀਦਵਾਰ ਖੜੇ ਕਰੇਗੀ।
ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵੇ ਵਾਲਿਆਂ ਸੰਬੋਧਨ ਕਰਦਿਆਂ ਕਿਹਾ ਕਿ ਹਰ ਸਿੱਖ ਅੱਜ ਬਾਦਲ ਪਰਵਾਰ ਵਲੋਂ ਪੰਥ ਦੀ ਕੀਤੀ ਦੁਰਗਤੀ ਤੋਂ ਦੁਖੀ ਹੈ ਅਤੇ ਇਸ ਸਥਿਤੀ 'ਚ ਕੌਮ ਨੂੰ ਸੁਚੱਜੀ ਅਗਵਾਈ ਕਰਨ ਦੀ ਸਮਰੱਥਾ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵਿਚ ਨਜ਼ਰ ਆ ਰਹੀ ਹੈ।
ਇਸ ਮੌਕੇ ਬਾਬਾ ਕਸ਼ਮੀਰਾ ਸਿੰਘ ਅਲਹੋਰਾਂ ਵਾਲੇ, ਬਾਬਾ ਭੋਲਾ ਸਿੰਘ ਜਥਾ ਭਿੰਡਰਾਂ, ਬਾਬਾ ਨਾਮਦੇਵ ਸਿੰਘ ਘੱਗਾ, ਸਰੂਪ ਸਿੰਘ ਸੰਧਾਂ, ਰਜਿੰਦਰ ਸਿੰਘ ਫ਼ਤਹਿਗੜ੍ਹ ਛੰਨਾ ਅਤੇ ਅੰਮ੍ਰਿਤਪਾਲ ਸਿੰਘ ਛੰਨਾ ਨੇ ਵੀ ਸੰਬੋਧਨ ਕਰਦਿਆਂ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਪੰਥਕ ਰਹੁ-ਰੀਤਾਂ ਮੁਤਾਬਕ ਚਲਾਉਣ ਲਈ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤ ਦੇ ਠਾਠਾਂ ਮਾਰਦੇ ਇਕੱਠ ਨੇ ਜੈਕਾਰਿਆਂ ਦੀ ਗੂੰਜ 'ਚ ਹੱਥ ਖੜੇ ਕਰ ਕੇ ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਵਾਰ ਨੂੰ ਭਜਾਉਣ ਦਾ ਇਰਾਦਾ ਜ਼ਾਹਰ ਕੀਤਾ।