
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਅੱਜ ਇਥੇ ਗੁਰਦਵਾਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਕਈ ਅਹਿਮ ਤੇ ਸਖ਼ਤ ਫ਼ੈਸਲੇ ਲਏ ਗਏ
ਸ੍ਰੀ ਫ਼ਤਿਹਗੜ੍ਹ ਸਾਹਿਬ, 28 ਜੁਲਾਈ (ਸੁਰਜੀਤ ਸਿੰਘ ਖਮਾਣੋਂ, ਸੁਰਜੀਤ ਸਿੰਘ ਸਾਹੀ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਅੱਜ ਇਥੇ ਗੁਰਦਵਾਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਕਈ ਅਹਿਮ ਤੇ ਸਖ਼ਤ ਫ਼ੈਸਲੇ ਲਏ ਗਏ। ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸਰਾਂ ਵਿਚ ਅਨੈਤਿਕ ਹਰਕਤ ਕਰਨ ਵਾਲੇ ਮੁਅੱਤਲ ਮੁਲਾਜ਼ਮਾਂ ਨੂੰ ਕੰਮ ਤੋਂ ਵਿਹਲਾ ਕਰ ਦਿਤਾ ਗਿਆ। ਇਸ ਤੋਂ ਇਲਾਵਾ ਜਿਨ੍ਹਾਂ ਮੁਲਾਜ਼ਮਾਂ ਨੇ ਪੁਲਿਸ ਥਾਣੇ ਵਿਚ ਜਾ ਕੇ ਉਨ੍ਹਾਂ ਦੀ ਮਦਦ ਕੀਤੀ ਉਨ੍ਹਾਂ ਵਿਰੁਧ ਵੀ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੁਅੱਤਲ ਕਰ ਦਿਤਾ ਗਿਆ। ਇਕ ਵਾਇਰਲ ਹੋਈ ਵੀਡੀਉ ਵਿਚ ਸ਼ਰਾਬ ਪੀਂਦੇ ਸ਼੍ਰੋਮਣੀ ਕਮੇਟੀ ਦੇ ਦੋ ਮੁਲਾਜ਼ਮਾਂ ਨੂੰ ਵੀ ਨੌਕਰੀ ਤੋਂ ਵਿਹਲਾ ਕਰਨ ਦਾ ਫ਼ੈਸਲਾ ਲਿਆ ਗਿਆ।
ਇਕੱਤਰਤਾ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦਿਆਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਗੁਰਦੁਆਰਾ ਸੇਵਾ ਵਿਚ ਮਾੜੇ ਚਰਿੱਤਰ ਵਾਲੇ ਮੁਲਾਜ਼ਮਾਂ ਲਈ ਕੋਈ ਥਾਂ ਨਹੀਂ ਅਤੇ ਅਜਿਹੀਆਂ ਹਰਕਤਾਂ ਵਾਲੇ ਮੁਲਾਜ਼ਮਾਂ ਨੂੰ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੀ ਗੁਰੂ ਗ੍ਰੰਥ ਸਾਹਿਬ ਦੇ ਵਿਵਾਦਤ ਹੱਥ ਲਿਖਤ ਸਰੂਪ ਦੇ ਮਾਮਲੇ ਵਿਚ ਦੋਸ਼ੀ ਮੁਲਾਜ਼ਮਾਂ ਵਿਰੁਧ 'ਜਥੇਦਾਰਾਂ' ਵਲੋਂ ਕੀਤੇ ਕਾਰਵਾਈ ਕਰਨ ਦੇ ਆਦੇਸ਼ ਨੂੰ ਅਮਲ ਵਿਚ ਲਿਆਂਦਾ ਗਿਆ ਹੈ।
ਅੰਤ੍ਰਿੰਗ ਕਮੇਟੀ ਵਲੋਂ ਲਏ ਗਏ ਹੋਰ ਫ਼ੈਸਲਿਆਂ ਨੂੰ ਤਫ਼ਸੀਲ ਵਿਚ ਦਸਦਿਆਂ ਪ੍ਰੋ: ਬਡੂੰਗਰ ਨੇ ਕਿਹਾ ਕਿ ਅੰਬਾਲਾ ਵਿਚ ਸ. ਹਰਜੀਤ ਸਿੰਘ ਨੂੰ ਬੱਸ ਵਿਚੋਂ ਉਤਾਰ ਕੇ ਕੁੱਟਮਾਰ ਕਰਨ, ਪਾਤੜਾਂ ਦੀ ਅੰਮ੍ਰਿਤਧਾਰੀ ਲੜਕੀ ਸੰਦੀਪ ਕੌਰ ਨੂੰ ਇਕ ਥਾਣੇਦਾਰ ਵਲੋਂ ਗਾਲੀ ਗਲੋਚ ਕਰਨ ਅਤੇ ਜ਼ੀਰਕਪੁਰ ਵਿਚ ਸਿੱਖ ਡਰਾਈਵਰ ਨੂੰ ਬੱਸ ਵਿਚੋਂ ਉਤਾਰ ਕੇ ਕੁੱਟਣ ਦੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਅਜਿਹੀਆਂ ਸਿੱਖ ਵਿਰੋਧੀ ਘਟਨਾਵਾਂ ਨੂੰ ਰੋਕਣ ਲਈ ਕੇਂਦਰ ਸਮੇਤ ਸੂਬਿਆਂ ਦੀਆਂ ਸਰਕਾਰਾਂ ਨੂੰ ਸਖ਼ਤ ਕਦਮ ਚੁਕਣੇ ਚਾਹੀਦੇ ਹਨ। ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਬਲਦੇਵ ਸਿੰਘ ਸੜਕਨਾਮਾ ਦੀ ਪੁਸਤਕ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਇਤਿਹਾਸ ਬਾਰੇ ਗ਼ਲਤ ਟਿਪਣੀਆਂ ਕਰਨ ਦੀਆਂ ਮਿਲੀਆਂ ਰੀਪੋਰਟਾਂ ਨੂੰ ਦੁਖਦਾਈ ਦਸਦਿਆਂ ਕਿਹਾ ਕਿ ਇਸ ਪੁਸਤਕ ਨੂੰ ਵਾਚਣ ਲਈ ਇਕ 3 ਮੈਂਬਰੀ ਕਮੇਟੀ ਦਾ ਗਠਨ ਕਰ ਦਿਤਾ ਗਿਆ ਹੈ।
ਉਨ੍ਹਾਂ ਹੋਰ ਦਸਿਆ ਕਿ ਵਾਤਾਵਰਣ ਦੀ ਸ਼ੁਧਤਾ ਲਈ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਅੱਗੇ ਵਧਾਉਂਦਿਆਂ ਸੁਲਤਾਨਪੁਰ ਲੋਧੀ ਵਿਖੇ ਇਕ ਨਰਸਰੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਇਕੱਤਰਤਾ ਦੌਰਾਨ ਲਏ ਇਕ ਹੋਰ ਅਹਿਮ ਫ਼ੈਸਲੇ ਬਾਰੇ ਦਸਿਆ ਕਿ ਧਰਮੀ ਫ਼ੌਜੀਆਂ ਦੀਆਂ ਪੁੱਜੀਆਂ ਮੰਗਾਂ ਨੂੰ ਵਿਚਾਰਨ ਲਈ ਬਣਾਈ ਗਈ ਸਬ ਕਮੇਟੀ ਦੀ ਰੀਪੋਰਟ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਉਨ੍ਹਾਂ ਮੋਟੇ ਤੌਰ 'ਤੇ ਧਰਮੀ ਫ਼ੌਜੀਆਂ ਦੀਆਂ ਮੰਨੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਜਿਥੇ ਧਰਮੀ ਫ਼ੌਜੀਆਂ ਦੀ ਇਕ ਯਾਦਗਾਰ ਸਥਾਪਤ ਕੀਤੀ ਜਾਵੇਗੀ ਉਥੇ ਹੀ ਜਿਹੜੇ ਧਰਮੀ ਫ਼ੌਜੀਆਂ ਨੂੰ ਅਜੇ ਤਕ 50,000 ਦੀ ਸਹਾਇਤਾ ਰਾਸ਼ੀ ਨਹੀਂ ਮਿਲ ਸਕੀ ਉਨ੍ਹਾਂ ਨੂੰ ਵੀ ਸਹਾਇਤਾ ਦਿਤੀ ਜਾਵੇਗੀ। ਜਿਹੜੇ ਧਰਮੀ ਫ਼ੌਜੀ ਲਾਪਤਾ ਹੋ ਗਏ ਸਨ ਉਨ੍ਹਾਂ ਬਾਰੇ ਸਹੀ ਜਾਣਕਾਰੀ ਲੈਣ ਉਪਰੰਤ ਸ਼ਹੀਦ ਧਰਮੀ ਫ਼ੌਜੀਆਂ ਵਾਲੀਆਂ ਸਹੂਲਤਾਂ ਦਿਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਅਸਥਾਨ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਧਰਮੀ ਫ਼ੌਜੀਆਂ ਅਤੇ ਉਨ੍ਹਾਂ ਦੇ ਪਰਵਾਰਾਂ ਨੂੰ ਸਨਮਾਨਤ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ।
ਪ੍ਰੋ. ਬਡੂੰਗਰ ਨੇ ਇਹ ਵੀ ਦਸਿਆ ਕਿ ਇਕੱਤਰਤਾ ਦੌਰਾਨ ਮੁੱਖ ਸਕੱਤਰ ਸ. ਹਰਚਰਨ ਸਿੰਘ ਵਲੋਂ ਸਵੈ-ਇੱਛਤ ਤੌਰ 'ਤੇ ਸੇਵਾ ਤਿਆਗਣ ਦੀ ਕੀਤੀ ਬੇਨਤੀ ਨੂੰ ਪ੍ਰਵਾਨ ਕਰ ਲਿਆ ਗਿਆ ਹੈ ਅਤੇ 31 ਜੁਲਾਈ ਨੂੰ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰ ਦਿਤੀਆਂ ਜਾਣਗੀਆਂ। ਉਨ੍ਹਾਂ ਮੁੱਖ ਸਕੱਤਰ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ।