
ਇਸ ਪਾਵਨ ਸਰੂਪ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੰਗਤਾਂ 5 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਦਰਸ਼ਨ ਕਰ ਸਕਣਗੀਆਂ।
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਾਲ ਘੱਲੂਘਾਰਾ ਹਫ਼ਤੇ ਦੌਰਾਨ ਇਸ ਪਾਵਨ ਸਰੂਪ ਦੇ ਸੰਗਤ ਨੂੰ 37 ਸਾਲ ਬਾਅਦ ਪਹਿਲੀ ਵਾਰ ਦਰਸ਼ਨ ਕਰਵਾਏ ਗਏ ਸਨ, ਜਿਸ ਦੀ ਲਗਾਤਾਰਤਾ ਵਿਚ ਇਸ ਵਾਰ ਵੀ ਜਾਰੀ ਰੱਖੀ ਗਈ ਹੈ।
Guru Granth Sahib ‘saroop’ Injured in 1984
ਇਸ ਪਾਵਨ ਸਰੂਪ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੰਗਤਾਂ 5 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਦਰਸ਼ਨ ਕਰ ਸਕਣਗੀਆਂ। ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਨਾਲ ਇਸ ਵਿਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਈ ਜਾ ਰਹੀ ਹੈ। ਅੱਜ ਇਹ ਪਾਵਨ ਸਰੂਪ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੇਵਾ ਨਿਭਾਈ, ਜਦਕਿ ਇਸ ਬਾਰੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਜਾਣਕਾਰੀ ਦਿੱਤੀ।
Guru Granth Sahib ‘saroop’ Injured in 1984
ਗਿਆਨੀ ਗੁਰਮੁੱਖ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਜ਼ਖ਼ਮੀ ਪਾਵਨ ਸਰੂਪ ਸਿੱਖ ਕੌਮ ’ਤੇ ਹੋਏ ਜ਼ੁਲਮਾਂ ਦੀ ਮੂੰਹ ਬੋਲਦੀ ਤਸਵੀਰ ਹੈ, ਜਿਸ ਨੂੰ ਦੇਖ ਕੇ ਹਰ ਮਨੁੱਖ ਦਾ ਹਿਰਦਾ ਪੀੜਾ ਨਾਲ ਭਰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਿੱਖਾਂ ’ਤੇ ਹੋਏ ਇਸ ਅੱਤਿਆਚਾਰ ਨੂੰ ਕਦੇ ਵੀ ਭੁਲਾ ਨਹੀਂ ਸਕਦੀ।
Guru Granth Sahib ‘saroop’ Injured in 1984
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੂਨ 1984 ਵਿਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਫ਼ੌਜੀ ਹਮਲਾ ਕਰਕੇ ਸਿੱਖ ਕੌਮ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਦੀ ਸਰਕਾਰ ਵੱਲੋਂ ਕੀਤੇ ਗਏ ਵਹਿਸ਼ੀਆਣਾ ਹਮਲੇ ਤੋਂ ਆਉਣ ਵਾਲੀਆਂ ਪੀੜ੍ਹੀਆਂ ਦਾ ਜਾਣੂ ਕਰਵਾਉਣਾ ਜ਼ਰੂਰੀ ਹੈ, ਜਿਸ ਤਹਿਤ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।