
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿ. ਹਰਨਾਮ ਸਿੰਘ ਖ਼ਾਲਸਾ ਨੇ ਸਾਰੇ ਗੁਰਪੁਰਬ ਅਤੇ ਪੰਥਕ ਦਿਹਾੜੇ ਪੰਥ ਸੰਸਥਾਵਾਂ ਵਲੋਂ ਸਾਂਝੇ ਤੌਰ 'ਤੇ...
ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿ. ਹਰਨਾਮ ਸਿੰਘ ਖ਼ਾਲਸਾ ਨੇ ਸਾਰੇ ਗੁਰਪੁਰਬ ਅਤੇ ਪੰਥਕ ਦਿਹਾੜੇ ਪੰਥ ਸੰਸਥਾਵਾਂ ਵਲੋਂ ਸਾਂਝੇ ਤੌਰ 'ਤੇ ਮਨਾਏ ਜਾਣ ਦੀ ਵਕਾਲਤ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਇਕ ਸਾਂਝੀ ਕਮੇਟੀ ਰਾਹੀਂ ਉਕਤ ਕੌਮੀ ਕਾਰਜ ਪ੍ਰਤੀ ਯਤਨਾ ਲਈ ਪਹਿਲ ਕਦਮੀ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਹੈ,
ਇਸ ਲਈ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੰਸਾਰ ਭਰ ਦੇ ਸਿਖ ਸੰਗਤਾਂ ਦੀਆਂ ਕੌਮੀ ਭਾਵਨਾਵਾਂ ਨੂੰ ਰੂਪਮਾਨ ਕਰਦਿਆਂ ਗੁਰਪੁਰਬ ਅਤੇ ਪੰਥਕ ਦਿਹਾੜੇ ਸਾਂਝੇ ਤੌਰ 'ਤੇ ਮਨਾਉਣ ਲਈ ਦਿਲੀ ਗੁਰਦਵਾਰਾ ਪ੍ਰਬੰਧਕ ਕਮੇਟੀ, ਪਾਕਿਸਤਾਨ ਗੁਰਦਵਾਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ ਅਤੇ ਸੰਤ ਸਮਾਜ ਦੇ ਸੰਤਾਂ ਮਹਾਂਪੁਰਸ਼ਾਂ ਵਿਚ ਇਕ ਰਾਏ ਪੈਦਾ ਕਰਨ ਲਈ ਯਤਨ ਕਰੇ। ਉਨ੍ਹਾਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਅਤੇ ਪਾਕਿਸਤਾਨ ਸਿੱਖ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਨੂੰ ਉਕਤ ਮੁੱਦੇ ਪ੍ਰਤੀ ਸੰਜੀਦਗੀ ਨਾਲ ਵਿਚਾਰ ਕਰਨ ਲਈ ਕਿਹਾ।