
ਅਫ਼ਗ਼ਾਨਿਸਤਾਨ ਦੇ ਸ਼ਹਿਰ ਜਲਾਲਾਬਾਦ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਲਈ ਜਾ ਰਹੇ ਕਾਫ਼ਲੇ 'ਤੇ ਅਤਿਵਾਦੀਆਂ ਵਲੋਂ ਕੀਤੇ.......
ਅੰਮ੍ਰਿਤਸਰ : ਅਫ਼ਗ਼ਾਨਿਸਤਾਨ ਦੇ ਸ਼ਹਿਰ ਜਲਾਲਾਬਾਦ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਲਈ ਜਾ ਰਹੇ ਕਾਫ਼ਲੇ 'ਤੇ ਅਤਿਵਾਦੀਆਂ ਵਲੋਂ ਕੀਤੇ ਗਏ ਹਮਲੇ ਦੌਰਾਨ 20 ਵਿਅਕਤੀਆਂ ਨੂੰ ਮਾਰ ਦੇਣ ਜਿਨ੍ਹਾਂ ਵਿਚੋਂ ਜ਼ਿਆਦਾਤਰ ਸਿੱਖ ਸਨ, ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਖੇਧੀ ਕੀਤੀ ਹੈ। ਇਸ ਹਮਲੇ ਦੇ ਰੋਸ ਵਜੋਂ ਸ਼੍ਰੋ੍ਰਮਣੀ ਕਮੇਟੀ ਦੇ ਸਾਰੇ ਅਦਾਰੇ ਬੰਦ ਰਹੇ ਅਤੇ ਅਤੇ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਨੂੰ ਮੁਲਤਵੀ ਕਰ ਦਿਤਾ ਗਿਆ।
ਉਨ੍ਹਾਂ ਕਿਹਾ ਕਿ ਇਸ ਹਮਲੇ ਦੌਰਾਨ ਸਿੱਖ ਆਗੂ ਅਵਤਾਰ ਸਿੰਘ ਖ਼ਾਲਸਾ ਨੂੰ ਮਾਰ ਦੇਣ ਤੋਂ ਸਪੱਸ਼ਟ ਹੈ ਕਿ ਇਹ ਹਮਲਾ ਸਾਜ਼ਸ਼ ਤਹਿਤ ਕੀਤਾ ਗਿਆ ਹੈ ਕਿਉਂਕਿ ਅਵਤਾਰ ਸਿੰਘ ਅਕਤੂਬਰ ਵਿਚ ਹੋਣ ਵਾਲੀਆਂ ਸੰਸਦੀ ਚੋਣਾਂ ਲੜਨ ਜਾ ਰਹੇ ਸਨ। ਉਨ੍ਹਾਂ ਇਸ ਹਮਲੇ ਦੌਰਾਨ ਚਲਾਣਾ ਕਰ ਗਏ ਸਿੱਖਾਂ ਦੇ ਪਰਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮੁਸ਼ਕਲ ਸਮੇਂ ਉਨ੍ਹਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਉਹ ਅੱਜ ਹੀ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਮਿਲਣਗੇ ਅਤੇ ਅਫ਼ਗ਼ਾਨਿਸਤਾਨ 'ਚ ਵਸਦੇ ਸਿੱਖਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਕਹਿਣਗੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦਸਿਆ ਕਿ ਇਸ ਘਟਨਾ ਦੇ ਰੋਸ ਵਜੋਂ ਲੌਂਗੋਵਾਲ ਦੇ ਆਦੇਸ਼ਾਂ 'ਤੇ ਸ਼੍ਰੋਮਣੀ ਕਮੇਟੀ ਦਫ਼ਤਰ ਬੰਦ ਕਰ ਦਿਤੇ ਗਏ ਹਨ ਅਤੇ ਇਸ ਦੇ ਨਾਲ ਹੀ ਭਲਕੇ ਹੋਣ ਵਾਲੀ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਵੀ ਮੁਲਤਵੀ ਕਰ ਦਿਤੀ ਗਈ ਹੈ।