
ਅਕਾਲ ਤਖ਼ਤ ਦਾ ਸਥਾਪਨਾ ਦਿਵਸ ਅੱਜ ਸ਼੍ਰੋਮਣੀ ਕਮੇਟੀ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ........
ਅੰਮ੍ਰਿਤਸਰ : ਅਕਾਲ ਤਖ਼ਤ ਦਾ ਸਥਾਪਨਾ ਦਿਵਸ ਅੱਜ ਸ਼੍ਰੋਮਣੀ ਕਮੇਟੀ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਅਕਾਲ ਤਖ਼ਤ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਸੱਚਖੰਡ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਅਕਾਲ ਤਖ਼ਤ ਦੀ ਸਿਰਜਣਾ ਕਰਵਾ ਕੇ ਸਿੱਖ ਕੌਮ ਦੀ ਨਿਆਰੀ ਹੋਂਦ ਹਸਤੀ ਨੂੰ ਦੁਨੀਆਂ ਸਾਹਮਣੇ ਪੇਸ਼ ਕੀਤਾ। ਇਹ ਤਖ਼ਤ ਮੀਰੀ-ਪੀਰੀ ਦੇ ਵਿਲੱਖਣ ਸਿਧਾਂਤ ਦਾ ਪ੍ਰਤੀਕ ਹੈ ਅਤੇ ਇਸ ਦੀ ਸ਼ਾਨ ਦੁਨੀਆਵੀਂ ਤਖ਼ਤਾਂ ਤੋਂ ਕਿਤੇ ਉਚੀਆਂ ਹਨ। ਅਕਾਲ ਤਖ਼ਤ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਮੂਹ ਸਿੱਖ ਅਕਾਲ ਤਖ਼ਤ ਨੂੰ ਸਮਰਪਤ ਹੋ ਕੇ ਇਥੋਂ ਜਾਰੀ ਹਰ ਆਦੇਸ਼ ਤੇ ਸੰਦੇਸ਼ ਦੀ ਪਾਲਣਾ ਕਰੇ।