
Guru Granth Sahib Prakash Purab: ਵੱਡੀ ਗਿਣਤੀ 'ਚ ਸੰਗਤ ਸ਼ਾਮਲ
Guru Granth Sahib Prakash Purab 2024: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ।
Guru Granth Sahib Prakash Purab 2024
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਗੁਰਬਾਣੀ ਮਨੁੱਖਤਾ ਨੂੰ ਕਰਤਾ ਪੁਰਖ ਨਾਲ ਜੁੜਨ ਤੇ ਉੱਤਮ ਜੀਵਨ ਜੀਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਸਾਂਝੀਵਾਲਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੀ ਹੈ।
Guru Granth Sahib Prakash Purab 2024
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰ ਕੇ ਮਨੁੱਖਤਾ ਨੂੰ ਸਰਬਸਾਂਝਾ ਪਾਵਨ ਗ੍ਰੰਥ ਬਖ਼ਸ਼ਿਸ਼ ਕੀਤਾ ਜਿਸ ਦਾ ਸਥਾਨ ਪੂਰੀ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਤੇ ਨਿਰਾਲਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।
Guru Granth Sahib Prakash Purab 2024
ਇਸ ਸਬੰਧ ਵਿਚ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦਸਿਆ ਕਿ ਹਰ ਸਾਲ ਦੀ ਤਰ੍ਹਾਂ ਪਹਿਲੇ ਪ੍ਰਕਾਸ਼ ਪੁਰਬ ਮੌਕੇ 4 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤਕ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਨੂੰ 40 ਟਨ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ। ਇਹ ਫੁੱਲ ਪੰਜ ਟਰੱਕਾਂ ’ਚ ਭਰ ਕੇ ਲਿਆਂਦੇ ਗਏ ਹਨ। ਇਹ ਵਿਲੱਖਣ ਸਜਾਵਟ ਯਕੀਨੀ ਤੌਰ ’ਤੇ ਸੰਗਤ ਲਈ ਖਿੱਚ ਦਾ ਕੇਂਦਰ ਬਣੀ ਰਹੇਗੀ। ਹਰ ਸਾਲ ਸੰਗਤ ਹੀ ਫੁੱਲਾਂ ਦੀ ਸੇਵਾ ਕਰਦੀ ਹੈ। ਇਸ ਵਾਰ ਇਹ ਫੁੱਲ ਮਲੇਸ਼ੀਆ, ਥਾਈਲੈਂਡ, ਹਾਲੈਂਡ ਦੇ ਨਾਲ-ਨਾਲ ਬੈਂਗਲੋਰ, ਕੋਲਕਾਤਾ, ਮੁੰਬਈ, ਪੁਣੇ ਜਿਹੇ ਸ਼ਹਿਰਾਂ ਤੋਂ ਲਿਆਂਦੇ ਗਏ ਹਨ।
ਉਨ੍ਹਾਂ ਦਸਿਆ ਕਿ ਇਸ ਮੁਬਾਰਕ ਮੌਕੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ੂਬਸੂਰਤ ਦੀਪਮਾਲਾ ਵੀ ਸੰਗਤ ਲਈ ਵਿਸ਼ੇਸ਼ ਤੌਰ ’ਤੇ ਖਿੱਚ ਦਾ ਕੇਂਦਰ ਹੋਵੇਗੀ।