
ਬੇਅਦਬੀ ਅਤੇ ਗੋਲੀਕਾਂਡ ਦੇ ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰਾਂ ਅਤੇ ਸਿੱਖ ਜਥੇਬੰਦੀਆਂ ਵਲੋਂ ਭਲਕੇ 6 ਅਪ੍ਰੈਲ ਨੂੰ ਸਿੱਖ ਸੰਗਤ ਦਾ ਵੱਡਾ ਇਕੱਠ ਕੀਤਾ ਜਾਵੇਗਾ।
ਚੰਡੀਗੜ੍ਹ: ਬੇਅਦਬੀ ਅਤੇ ਗੋਲੀਕਾਂਡ ਮਾਮਲੇ ਦੇ ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰਾਂ ਅਤੇ ਸਿੱਖ ਜਥੇਬੰਦੀਆਂ ਵਲੋਂ ਭਲਕੇ 6 ਅਪ੍ਰੈਲ ਨੂੰ ਸਿੱਖ ਸੰਗਤ ਦਾ ਵੱਡਾ ਇਕੱਠ ਕੀਤਾ ਜਾਵੇਗਾ। ਇਸ ਦੌਰਾਨ ਰਾਸ਼ਟਰੀ ਰਾਜ ਮਾਰਗ ਨੰਬਰ 54 ਦੀ ਆਵਾਜਾਈ ਨੂੰ ਮੁਕੰਮਲ ਠੱਪ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਦਰਅਸਲ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਦੇ ਇਨਸਾਫ ਲਈ ਬਹਿਬਲ ਕਲਾਂ ਵਿਖੇ ਮੋਰਚਾ ਲਗਾਇਆ ਗਿਆ ਹੈ।
ਇਸ ਦੇ ਚਲਦਿਆਂ ਆਗੂਆਂ ਨੇ ਸਰਕਾਰ ਨੂੰ 31 ਮਾਰਚ ਤੱਕ ਦਾ ਅਲਟੀਮੇਟਮ ਦਿੱਤਾ ਸੀ ਪਰ ਇਸ ਦੇ ਬਾਵਜੂਦ ਦੋਸ਼ੀਆਂ ਖਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਇਸ ਦੌਰਾਨ ਮੋਰਚੇ ਵਲੋਂ ਸੰਗਤਾਂ ਨੂੰ 6 ਅਪ੍ਰੈਲ ਨੂੰ ਬਹਿਬਲ ਕਲਾਂ ਇਨਸਾਫ ਮੋਰਚੇ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ 6 ਅਪ੍ਰੈਲ ਨੂੰ ਸੰਗਤਾਂ ਦਾ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਇਨਸਾਫ ਲਈ ਸੰਗਤਾਂ ਦੇ ਸਹਿਯੋਗ ਨਾਲ ਪ੍ਰੋਗਰਾਮ ਉਲੀਕੇ ਜਾਣਗੇ। ਉਹਨਾਂ ਕਿਹਾ ਕਿ ਸੰਗਤਾਂ ਵਲੋਂ ਅਣਮਿੱਥੇ ਸਮੇਂ ਤੱਕ ਰੋਡ ਜਾਮ ਕੀਤਾ ਜਾਵੇਗਾ।
ਨਵਜੋਤ ਸਿੱਧੂ ਨੇ ਕੀਤਾ ਟਵੀਟ
ਇਸ ਮੌਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੀ ਧਰਨੇ ਵਿਚ ਸ਼ਾਮਲ ਹੋਣਗੇ। ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਲਿਖਿਆ, “ਸੁਖਰਾਜ ਦੀ ਇਨਸਾਫ਼ ਦੀ ਲੜਾਈ ਵਿਚ ਸਮਰਥਨ ਕਰਨ ਲਈ ਭਲਕੇ ਬਰਗਾੜੀ ਵਿਖੇ ਹੋ ਰਹੇ ਧਰਨੇ ਵਿਚ ਸ਼ਾਮਲ ਹੋਵਾਂਗਾ”।
ਇਸ ਤੋਂ ਪਹਿਲਾਂ ਵੀ ਨਵਜੋਤ ਸਿੱਧੂ ਬਹਿਬਲ ਕਲਾਂ ਇਨਸਾਫ ਮੋਰਚੇ ਵਿਚ ਸ਼ਾਮਲ ਹੋਏ ਸੀ। ਇਸ ਮੌਕੇ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ, ਕਸਬਿਆਂ ਤੋਂ ਇਲਾਵਾ ਗੁਆਂਢੀ ਸੂਬਿਆਂ ਤੋਂ ਵੀ ਭਾਰੀ ਗਿਣਤੀ ਵਿਚ ਸਿੱਖ ਸੰਗਤਾਂ ਅਤੇ ਪੰਥਦਰਦੀ ਮੋਰਚੇ ਵਿਚ ਸ਼ਮੂਲੀਅਤ ਕਰਨਗੇ।