
ਸੋਮ ਪ੍ਰਕਾਸ਼ ਨੇ ਅਪਣੀ ਜਿੱਤ ਦੇ ਨਾਲ-ਨਾਲ ਮੰਤਰੀ ਬਣਨ 'ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ
ਅੰਮ੍ਰਿਤਸਰ : ਹੁਸ਼ਿਆਰਪੁਰ ਤੋਂ ਭਾਰਤੀ ਜਨਤਾ ਪਾਰਟੀ ਦੀ ਟਿਕਟ 'ਤੇ ਚੋਣ ਲੜ ਕੇ ਮੈਂਬਰ ਪਾਰਲੀਮੈਂਟ ਬਣੇ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ ਤੇ ਸਰੱਬਤ ਦੇ ਭਲੇ ਦੀ ਕਾਮਨਾ ਕੀਤੀ। ਅਪਣੇ ਪਰਵਾਰਕ ਮੈਂਬਰਾਂ ਅਤੇ ਸਥਾਨਕ ਭਾਜਪਾ ਆਗੂਆਂ ਨਾਲ ਸ੍ਰੀ ਦਰਬਾਰ ਸਾਹਿਬ ਪੁੱਜਣ 'ਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਅਪਣੀ ਜਿੱਤ ਦੇ ਨਾਲ ਨਾਲ ਮੰਤਰੀ ਬਣਨ 'ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ।
Som Parkash
ਇਸ ਮੌਕੇ ਕਿਸੇ ਤਰ੍ਹਾਂ ਦੀ ਸਿਆਸੀ ਗੱਲ ਕਰਨ ਤੋਂ ਇਨਕਾਰ ਕਰਦਿਆਂ ਸੋਮ ਪ੍ਰਕਾਸ਼ ਨੇ ਕਿਹਾ ਕਿ ਅੱਜ ਉਹ ਸਿਰਫ਼ ਦਰਸ਼ਨ ਕਰਨ ਆਏ ਹਨ, ਅੱਜ ਕੋਈ ਸਿਆਸੀ ਗੱਲ ਨਹੀਂ ਕਰਨਗੇ। ਉਨ੍ਹਾਂ ਨਾਲ ਹੀ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਮੰਤਰੀ ਬਣਾਇਆ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮੁਹਿੰਦਰ ਸਿੰਘ ਆਹਲੀ ਨੇ ਸ੍ਰੀ ਸੋਮ ਪ੍ਰਕਾਸ਼ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਤੇ ਸਿਰੋਪਾਉ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਪੰਜਾਬ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼ਵੇਤ ਮਲਿਕ, ਰਾਜਿੰਦਰ ਮੋਹਨ ਸਿੰਘ ਛੀਨਾ ਵੀ ਹਾਜ਼ਰ ਸਨ।