ਅਫ਼ਗ਼ਾਨਿਸਤਾਨ ਵਿਖੇ ਅਤਿਵਾਦੀ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ 'ਚ ਸ਼੍ਰੋਮਣੀ ਕਮੇਟੀ ਵਲੋਂ ਗੁਰਦਵਾਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ..........
ਅੰਮ੍ਰਿਤਸਰ : ਅਫ਼ਗ਼ਾਨਿਸਤਾਨ ਵਿਖੇ ਅਤਿਵਾਦੀ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ 'ਚ ਸ਼੍ਰੋਮਣੀ ਕਮੇਟੀ ਵਲੋਂ ਗੁਰਦਵਾਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਛੜੀਆਂ ਰੂਹਾਂ ਦੀ ਆਤਮਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੇ ਇਸ ਹਮਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਮਾਰੇ ਗਏ ਸਿੱਖਾਂ ਦੇ ਪਰਵਾਰਾਂ ਅਤੇ ਜ਼ਖ਼ਮੀਆਂ ਦੀ ਸਹਾਇਤਾ ਲਈ ਕੌਮ ਨੂੰ ਇਕਜੁਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੇਸ਼ੱਕ ਸਿੱਖ ਸੰਸਥਾਵਾਂ ਅਪਣਾ ਰੋਲ ਬਾਖ਼ੂਬੀ ਨਿਭਾ ਰਹੀਆਂ ਹਨ ।
ਪਰ ਵਿਦੇਸ਼ਾਂ ਵਿਚ ਰਹਿੰਦੇ ਸਿੱਖਾਂ ਨੂੰ ਵੀ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਪੀੜਤ ਪਰਵਾਰਾਂ ਦੀ ਸਾਰ ਲੈਣਾ ਸ਼੍ਰੋਮਣੀ ਕਮੇਟੀ ਦਾ ਫ਼ਰਜ਼ ਹੈ ਅਤੇ ਉਹ ਇਸ ਤੋਂ ਪਿੱਛੇ ਨਹੀਂ ਹਟੇਗੀ।
ਲੌਂਗੋਵਾਲ ਨੇ ਮਾਰੇ ਗਏ ਸਿੱਖਾਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਮੁਫ਼ਤ ਵਿਦਿਆ ਦਾ ਪ੍ਰਬੰਧ ਕਰਨ ਦੀ ਵਚਨਬਧਤਾ ਦੁਹਰਾਈ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਐਲਾਨ ਕੀਤੀ ਗਈ ਸਹਾਇਤਾ ਛੇਤੀ ਹੀ ਪੀੜਤਾਂ ਤਕ ਪਹੁੰਚਾਈ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਅਤਿਵਾਦੀ ਹਮਲੇ ਨੂੰ ਦੁਖਦਾਈ ਕਰਾਰ ਦਿਤਾ। ਇਸ ਦੌਰਾਨ ਅਫ਼ਗ਼ਾਨਿਸਤਾਨ ਤੋਂ ਦਿੱਲੀ ਆ ਕੇ ਵੱਸੇ ਭਾਈ ਹੀਰਾ ਸਿੰਘ ਜੋ ਅਪਣੇ ਸਾਥੀਆਂ ਸਮੇਤ ਸ਼ਰਧਾਂਜਲੀ ਸਮਾਗਮ ਵਿਚ ਪਹੁੰਚੇ ਹੋਏ ਸਨ, ਨੇ ਕਿਹਾ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪੀੜਤਾਂ ਦੀ ਮਦਦ ਲਈ ਜੋ ਫ਼ਰਜ਼ ਨਿਭਾਇਆ ਹੈ, ਉਹ ਅਫ਼ਗਾਨੀ ਸਿੱਖਾਂ ਲਈ ਸਦਮੇ ਵਿਚੋਂ ਬਾਹਰ ਨਿਕਲਣ ਲਈ ਢਾਰਸ ਬਣੇਗਾ।