ਗੁਰਦਵਾਰਾ ਨਾਨਕ ਦਰਬਾਰ ਲਾਸਾਲ ਅਤੇ ਗੁਰਦਵਾਰਾ ਨਾਨਕ ਦਰਬਾਰ ਮੌਂਟੀਰੀਅਲ ਦੀ ਪ੍ਰਬੰਧਕ ਕਮੇਟੀ ਨੇ ਬਰਗਾੜੀ ਮੋਰਚੇ ਦੀ ਹਮਾਇਤ ਕੀਤੀ ਹੈ......
ਤਰਨਤਾਰਨ : ਗੁਰਦਵਾਰਾ ਨਾਨਕ ਦਰਬਾਰ ਲਾਸਾਲ ਅਤੇ ਗੁਰਦਵਾਰਾ ਨਾਨਕ ਦਰਬਾਰ ਮੌਂਟੀਰੀਅਲ ਦੀ ਪ੍ਰਬੰਧਕ ਕਮੇਟੀ ਨੇ ਬਰਗਾੜੀ ਮੋਰਚੇ ਦੀ ਹਮਾਇਤ ਕੀਤੀ ਹੈ। ਅੱਜ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੀ ਇਕ ਮੀਟਿੰਗ ਪ੍ਰਧਾਨ ਸੰਤੋਖ ਸਿੰਘ ਖੇਲਾ ਦੀ ਅਗਵਾਈ ਹੇਠ ਹੋਈ। ਇਸ ਵਿਚ ਫ਼ੈਸਲਾ ਕੀਤਾ ਗਿਆ ਕਿ ਸਰਬੱਤ ਖ਼ਾਲਸਾ ਵਲੋਂ ਥਾਪੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚਲਦੇ ਇਨਸਾਫ਼ ਮੋਰਚੇ ਦੀ ਹਮਾਇਤ ਕੀਤੀ ਜਾਵੇ।
ਇਸ ਮੌਕੇ ਦੋਹਾਂ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਖੇਲਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ, ਬਹਿਬਲ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਿਚ ਸਰਕਾਰ ਜਾਣ ਬੁੱਝ ਕੇ ਦੇਰੀ ਕਰ ਰਹੀ ਹੈ। ਅਫ਼ਗ਼ਾਨਿਸਤਾਨ ਵਿਚ ਹੋਏ ਹਮਲੇ ਬਾਰੇ ਖੇਲਾ ਨੇ ਕਿਹਾ ਕਿ ਇਸ ਹਮਲੇ ਦੀ ਜਿੰਨੀ ਨਿਖੇਧੀ ਕੀਤੀ ਜਾਵੇ, ਘੱਟ ਹੈ। ਉਨ੍ਹਾਂ ਅਫ਼ਗ਼ਾਨ ਸਰਕਾਰ ਕੋਲੋਂ ਮੰਗ ਕੀਤੀ ਕਿ ਅਫ਼ਗ਼ਾਨਿਸਤਾਨ ਵਿਚ ਵਸਦੇ ਸਿੱਖਾਂ ਦੀ ਸੁਰੱਖਿਆ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ।