
ਸ਼ੇਰਪੁਰ ਖੁਰਦ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ਦਾ ਮਾਮਲਾ
ਅੰਮ੍ਰਿਤਸਰ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਗਰਾਉਂ ਨੇੜਲੇ ਪਿੰਡ ਸ਼ੇਰਪੁਰ ਖੁਰਦ ਦੇ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਕਤ ਦੋਵਾਂ ਸਖ਼ਸ਼ੀਅਤਾਂ ਨੇ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਉਪਕਰਨਾਂ ਨੂੰ ਲਗਾਤਾਰ ਚੱਲਦੇ ਰੱਖਣਾ ਠੀਕ ਨਹੀਂ ਹੈ
Gobind Singh Longowal
ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵੀ ਅਜਿਹੀ ਅਣਗਹਿਲੀ ਦਾ ਨਤੀਜਾ ਹੈ ਅਤੇ ਜੇਕਰ ਪ੍ਰਬੰਧਕੀ ਸੂਝ-ਬੂਝ ਦਿਖਾਈ ਜਾਵੇ ਤਾਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਰੁਕ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਵਾਪਰਨ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਹਨ, ਜਿਨ੍ਹਾਂ ਦੀ ਰੋਕ ਲਈ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਿਜਲੀ ਉਪਕਰਨ ਲੋੜ ਅਨੁਸਾਰ ਚਲਾਉਣ ਦੀਆਂ ਅਪੀਲਾਂ ਦੇ ਬਾਵਜੂਦ ਵੀ ਪ੍ਰਬੰਧਕੀ ਅਣਗਹਿਲੀ ਚਿੰਤਾ ਦਾ ਵਿਸ਼ਾ ਹੈ। ਭਾਈ ਲੌਂਗੋਵਾਲ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਅਜਿਹੀਆਂ ਘਟਨਾਵਾਂ ਰੋਕਣ ਲਈ ਸਹਿਯੋਗ ਦੇਣ।