
ਬੇਅਦਬੀ ਦੀ ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਜਲੰਧਰ: ਫਿਲੌਰ ਅਧੀਨ ਪੈਂਦੇ ਪਿੰਡ ਮਨਸੂਰਪੁਰ 'ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਸ਼ਰਾਰਤੀ ਅਨਸਰਾਂ ਨੇ ਪਿੰਡ ਵਿਚ ਸਥਿਤ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਗੋਲਕ ਤੋੜਨ ਦੀ ਕੋਸ਼ਿਸ਼ ਕੀਤੀ ਅਤੇ ਨਸ਼ੀਲੇ ਪਦਾਰਥਾਂ ਦੇ ਪੈਕੇਟ ਗੁਰਦੁਆਰਾ ਸਾਹਿਬ ਦੀ ਹਜ਼ੂਰੀ ਵਿਚ ਸੁੱਟੇ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਬੇਅਦਬੀ ਦੀ ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸੂਚਨਾ ਮਿਲਦੇ ਹੀ ਫਿਲੌਰ ਤਹਿਸੀਲ ਦੇ ਉੱਚ ਪੁਲਿਸ ਅਧਿਕਾਰੀ ਅਤੇ ਭਾਰੀ ਪੁਲਿਸ ਫੋਰਸ ਮੌਕੇ ’ਤੇ ਪਹੁੰਚ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਲੁਟੇਰਿਆਂ ਨੇ ਸ਼ਰਾਬ ਪੀਤੀ ਹੋਈ ਸੀ। ਉਹਨਾਂ ਦਾ ਕਹਿਣਾ ਹੈ ਕਿ ਸੰਗਤ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਜਾ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਜਦੋਂ ਬਦਮਾਸ਼ ਗੁਰੂਘਰ ਵਿਚ ਭੰਨਤੋੜ ਕਰ ਰਹੇ ਸਨ ਤਾਂ ਗੁਰੂ ਘਰ ਦਾ ਸੇਵਾਦਾਰ ਉੱਥੇ ਪਹੁੰਚ ਗਿਆ। ਇਸ ਦੌਰਾਨ ਲੁਟੇਰਿਆਂ ਨੇ ਸੇਵਾਦਾਰ ’ਤੇ ਵੀ ਹਮਲਾ ਕੀਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਰੌਲਾ ਪੈਣ ’ਤੇ ਪਿੰਡ ਵਾਸੀਆਂ ਨੇ ਦੋਵਾਂ ਨੂੰ ਕਾਬੂ ਕਰ ਲਿਆ। ਪਿੰਡ ਵਿਚ ਵਾਪਰੀ ਬੇਅਦਬੀ ਦੀ ਘਟਨਾ ਦੀ ਚਾਰੇ ਪਾਸੇ ਨਿੰਦਾ ਹੋ ਰਹੀ ਹੈ। ਕਈ ਸਿਆਸੀ ਆਗੂਆਂ ਨੇ ਵੀ ਇਸ ਘਟਨਾ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ।
ਇਸ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸਖ਼ਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਨੇ ਆਪਣੇ ਟਵਿੱਟਰ ਹੈਂਡਲ 'ਤੇ ਕਿਹਾ ਹੈ ਕਿ ਜਲੰਧਰ ਦੇ ਮਨਸੂਰਪੁਰ ਗੁਰੂਘਰ 'ਚ ਹੋਈ ਬੇਅਦਬੀ ਦੀ ਘਟਨਾ ਹੈਰਾਨ ਕਰਨ ਵਾਲੀ ਹੈ। ਸ਼੍ਰੋਮਣੀ ਕਮੇਟੀ ਇਸ ਦੀ ਸਖ਼ਤ ਨਿਖੇਧੀ ਕਰਦੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇ।