
ਪੀੜਤਾਂ ਵਲੋਂ ਅਣਮਿੱਥੇ ਸਮੇਂ ਲਈ ਜਾਮ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੀ ਧਰਨੇ ਵਿਚ ਸ਼ਾਮਲ ਹੋਣ ਲਈ ਪਹੁੰਏ ਹਨ।
ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤਾਂ ਨੇ ਅੱਜ ਬਠਿੰਡਾ-ਕੋਟਕਪੂਰਾ ਨੈਸ਼ਨਲ ਹਾਈਵੇਅ-54 ਜਾਮ ਕੀਤਾ ਹੈ। ਪੀੜਤਾਂ ਵਲੋਂ ਅਣਮਿੱਥੇ ਸਮੇਂ ਲਈ ਜਾਮ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੀ ਧਰਨੇ ਵਿਚ ਸ਼ਾਮਲ ਹੋਣ ਲਈ ਪਹੁੰਏ ਹਨ।
ਨਵਜੋਤ ਸਿੱਧੂ ਆਪਣੀ ਕਾਂਗਰਸ ਸਰਕਾਰ ਵੇਲੇ ਵੀ ਇਹ ਮੁੱਦਾ ਉਠਾਉਂਦੇ ਰਹੇ। ਸਿੱਧੂ ਕਈ ਵਾਰ ਇੱਥੇ ਆ ਕੇ ਇਨਸਾਫ਼ ਦਾ ਭਰੋਸਾ ਦੇ ਚੁੱਕੇ ਹਨ ਪਰ ਅੱਜ ਤੱਕ ਇਸ ਮਾਮਲੇ ਵਿਚ ਕਿਸੇ ਨੂੰ ਵੀ ਸਜ਼ਾ ਨਹੀਂ ਮਿਲੀ। ਇਸ ਧਰਨੇ ਦੀ ਅਗਵਾਈ 2015 ਵਿਚ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਕਰ ਰਹੇ ਹਨ।
ਇਸ ਤੋਂ ਇਲਾਵਾ ਵੱਖ ਵੱਖ ਪੰਥਕ ਧਿਰਾਂ ਸਿਆਸੀ ਦਲਾਂ ਅਤੇ ਕਿਸਾਨ ਜਥੇਬੰਦੀਆਂ ਦੇ ਕਾਰਕੁਨ ਵੀ ਇਸ ਧਰਨੇ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਪੰਥਕ ਇਕੱਠ ਵਲੋਂ ਐਲਾਨ ਕੀਤਾ ਗਿਆ ਹੈ ਕਿ ਜਿੰਨਾ ਚਿਰ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿਚ ਇਨਸਾਫ ਨਹੀਂ ਮਿਲਦਾ ਉਦੋਂ ਤੱਕ ਨੈਸ਼ਨਲ ਹਾਈਵੇ ਨੂੰ ਜਾਮ ਰੱਖਿਆ ਜਾਵੇਗਾ। ਇਸ ਮੌਕੇ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ, ਕਸਬਿਆਂ ਤੋਂ ਇਲਾਵਾ ਗੁਆਂਢੀ ਸੂਬਿਆਂ ਤੋਂ ਵੀ ਭਾਰੀ ਗਿਣਤੀ ਵਿਚ ਸਿੱਖ ਸੰਗਤਾਂ ਅਤੇ ਪੰਥਦਰਦੀਆਂ ਨੇ ਮੋਰਚੇ ਵਿਚ ਸ਼ਮੂਲੀਅਤ ਕੀਤੀ।
ਦਰਅਸਲ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਦੇ ਇਨਸਾਫ ਲਈ ਬਹਿਬਲ ਕਲਾਂ ਵਿਖੇ ਮੋਰਚਾ ਲਗਾਇਆ ਗਿਆ ਹੈ। ਮੋਰਚੇ ਦੇ ਆਗੂਆਂ ਨੇ ਸਰਕਾਰ ਨੂੰ 31 ਮਾਰਚ ਤੱਕ ਦਾ ਅਲਟੀਮੇਟਮ ਦਿੱਤਾ ਸੀ ਪਰ ਇਸ ਦੇ ਬਾਵਜੂਦ ਦੋਸ਼ੀਆਂ ਖਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਇਸ ਮਗਰੋਂ ਮੋਰਚੇ ਵਲੋਂ ਸੰਗਤਾਂ ਨੂੰ 6 ਅਪ੍ਰੈਲ ਨੂੰ ਬਹਿਬਲ ਕਲਾਂ ਇਨਸਾਫ ਮੋਰਚੇ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਸੀ।