
ਸ਼੍ਰੋਮਣੀ ਕਮੇਟੀ ਵਲੋਂ ਸ਼ਿਲਾਂਗ ਗਏ ਵਫ਼ਦ ਨੇ ਅੱਜ ਮੇਘਾਲਿਆ ਦੇ ਗ੍ਰਹਿ ਮੰਤਰੀ ਜੇਮਸ ਸੰਗਮਾ ਨਾਲ ਮੁਲਾਕਾਤ ਕਰ ਕੇ ਸੂਬੇ ਅੰਦਰ ਵਸਦੇ ਸਿੱਖਾਂ ਦੀ ਜਾਨ-ਮਾਲ ਦੀ ....
ਅੰਮ੍ਰਿਤਸਰ, ਸ਼੍ਰੋਮਣੀ ਕਮੇਟੀ ਵਲੋਂ ਸ਼ਿਲਾਂਗ ਗਏ ਵਫ਼ਦ ਨੇ ਅੱਜ ਮੇਘਾਲਿਆ ਦੇ ਗ੍ਰਹਿ ਮੰਤਰੀ ਜੇਮਸ ਸੰਗਮਾ ਨਾਲ ਮੁਲਾਕਾਤ ਕਰ ਕੇ ਸੂਬੇ ਅੰਦਰ ਵਸਦੇ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਕਰਨ ਲਈ ਕਿਹਾ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲ੍ਹਾ,
ਅੰਤ੍ਰਿੰਗ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਕੁਲਵੰਤ ਸਿੰਘ ਮੰਨਣ ਅਤੇ ਵਧੀਕ ਸਕੱਤਰ ਬਿਜੈ ਸਿੰਘ ਨੇ ਗ੍ਰਹਿ ਮੰਤਰੀ ਜੇਮਸ ਸੰਗਮਾ ਨੂੰ ਦਸਿਆ ਕਿ ਸਥਾਨਕ ਸਿੱਖਾਂ 'ਤੇ ਕੀਤੇ ਗਏ ਹਮਲੇ ਕਾਰਨ ਸਿੱਖਾਂ ਵਿਚ ਗੁੱਸੇ ਅਤੇ ਰੋਸ ਦੀ ਲਹਿਰ ਹੈ ਅਤੇ ਸਿੱਖਾਂ ਦੀ ਮੰਗ ਹੈ ਕਿ ਹਮਲਾਕਾਰੀਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੇਘਾਲਿਆ ਦੇ ਗ੍ਰਹਿ ਮੰਤਰੀ ਰਾਹੀਂ ਸੂਬੇ ਦੇ ਮੁੱਖ ਮੰਤਰੀ ਕੋਨਾਰਡ ਸੰਗਮਾ ਨਾਲ ਵੀ ਟੈਲੀਫ਼ੋਨ 'ਤੇ ਗੱਲਬਾਤ ਕੀਤੀ ਅਤੇ ਉਥੇ ਵਸਦੇ ਸਿੱਖਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕਣ ਲਈ ਕਿਹਾ।
ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਵਫ਼ਦ ਨੂੰ ਜਾਣਕਾਰੀ ਦਿਤੀ ਕਿ ਸਮੁੱਚੇ ਮਾਮਲੇ ਸਬੰਧੀ ਉਨ੍ਹਾਂ ਨੇ ਕੈਬਨਿਟ ਪੱਧਰ ਦੀ ਇਕ ਕਮੇਟੀ ਬਣਾ ਦਿਤੀ ਹੈ, ਜੋ ਸਾਰੇ ਘਟਨਾਕ੍ਰਮ ਦੀ ਜਾਂਚ ਕਰੇਗੀ ਅਤੇ ਜੋ ਵੀ ਦੋਸ਼ੀ ਪਾਏ ਗਏ ਉਨ੍ਹਾਂ ਵਿਰੁਧ ਕਾਰਵਾਈ ਜ਼ਰੂਰ ਹੋਵੇਗੀ। ਇਸੇ ਦੌਰਾਨ ਵਫ਼ਦ ਮੈਂਬਰਾਂ ਨੇ ਮੁੱਖ ਮੰਤਰੀ ਕੋਨਾਰਡ ਸੰਗਮਾ ਨੂੰ ਸਿੱਖਾਂ ਦੀ ਸਮੱਸਿਆਵਾਂ ਹੱਲ ਕਰਨ ਬਾਰੇ ਵੀ ਕਿਹਾ।