
ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਡੇਰਾ ਬਾਬਾ ਨਾਨਕ ਧੁੱਸੀ ਬੰਨ੍ਹ...
ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਡੇਰਾ ਬਾਬਾ ਨਾਨਕ ਧੁੱਸੀ ਬੰਨ੍ਹ ਵਿਖੇ ਮੱਸਿਆ ਦੇ ਦਿਹਾੜੇ 'ਤੇ ਕਰਤਾਰਪੁਰ (ਰਾਵੀ) ਦਰਸ਼ਨ ਅਭਿਲਾਖੀ ਸੰਸਥਾ ਵਲੋਂ ਜਥੇਦਾਰ ਗੁਰਪਤਾਪ ਸਿੰਘ ਵਡਾਲਾ ਐਮ.ਐਲ.ਏ.ਨਕੋਦਰ, ਜਥੇਦਾਰ ਗੁਰਿੰਦਰ ਸਿੰਘ ਬਾਜਵਾ ਜਨਰਲ ਸਕੱਤਰ ਅਤੇ ਜਥੇਦਾਰ ਜਸਬੀਰ ਸਿਘ ਜਫ਼ਰਵਾਲ ਦੀ ਅਗਵਾਈ ਹੇਠ ਸਥਾਨਕ ਅੰਤਰਰਾਸ਼ਟਰੀ ਸਰਹੱਦ 'ਤੇ ਖਲੋ ਕੇ ਗੁਰਦਵਾਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਸਨਮੁੱਖ ਹੋ ਕੇ 218ਵੀਂ ਅਰਦਾਸ ਕੀਤੀ ਗਈ।
ਬਾਜਵਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਸਿਆ ਕਿ ਪਿਛਲੇ ਦਿਨੀਂ ਦੋਹਾਂ ਦੇਸ਼ਾਂ ਵਿਚ ਜੋ ਤਣਾਅ ਪੈਦਾ ਹੋਇਆ ਸੀ, ਉਸ ਤਣਾਅ ਦੇ ਬਾਵਜੂਦ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਕੋਈ ਰੁਕਾਵਟ ਨਹੀਂ ਆਈ ਅਤੇ ਪਾਕਿਸਤਾਨ ਵਾਲੇ ਪਾਸੇ ਉਸਾਰੀ ਦਾ ਕੰਮ ਬੜੇ ਜ਼ੋਰਾਂ ਨਾਲ ਚਲ ਰਿਹਾ ਹੈ ਅਤੇ ਉਨ੍ਹਾਂ ਨੇ 50 ਫ਼ੀ ਸਦੀ ਦੇ ਕਰੀਬ ਕੰਮ ਮੁਕੰਮਲ ਕਰ ਲਿਆ ਹੈ ਅਤੇ ਬਾਕੀ ਦਾ ਕੰਮ ਅਗਲੇ ਦੋ ਮਹੀਨਿਆਂ ਵਿਚ ਮੁਕੰਮਲ ਹੋ ਜਾਵੇਗਾ ਪਰ ਭਾਰਤ ਵਾਲੇ ਪਾਸੇ ਅਜੇ ਜ਼ਮੀਨ ਵੀ ਐਕਵਾਇਰ ਨਹੀਂ ਕੀਤੀ ਗਈ ਅਤੇ ਨਾ ਹੀ ਕੋਈ ਉਸਾਰੀ ਦਾ ਕੰਮ ਸ਼ੁਰੂ ਹੋਇਆ ਹੈ। ਇਸ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ ਉਸਾਰੀ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇ।