
ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਲੋਕ ਸਭਾ ਵਿਚ ਸਿਫ਼ਰ ਕਾਲ ਸਮੇਂ ਕੇਂਦਰ ਸਰਕਾਰ...............
ਨਵੀਂ ਦਿੱਲੀ : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਲੋਕ ਸਭਾ ਵਿਚ ਸਿਫ਼ਰ ਕਾਲ ਸਮੇਂ ਕੇਂਦਰ ਸਰਕਾਰ ਨੂੰ ਪਿਛਲੇ ਤਕਰੀਬਨ ਢਾਈ ਵਰ੍ਹੇ ਪਹਿਲਾਂ ਬਹੁਤ ਹੀ ਦੁਖਦਾਈ ਤੇ ਨਿੰਦਣਯੋਗ ਘਟਨਾਕ੍ਰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਨਾਲ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਛੇੜਛਾੜ ਕੀਤੀ ਗਈ ਅਤੇ ਨਿਰਾਦਰ ਵੀ ਕੀਤਾ। ਇਸ ਘਟਨਾ ਨੇ ਸਿੱਖਾਂ ਦੇ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿਤਾ। ਉਨ੍ਹਾਂ ਕਿਹਾ ਕਿ ਹੈਰਾਨੀ ਇਸ ਗੱਲ ਦੀ ਹੁੰਦੀ ਹੈ ਕਿ ਇਸ ਘਟਨਾ ਨਾਲ ਸਬੰਧਤ ਕਿਸੇ ਵੀ ਦੋਸ਼ੀ ਦੀ ਪਹਿਚਾਣ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਉਸ ਸਮੇਂ ਭਾਵੇਂ ਬਾਦਲ ਸਰਕਾਰ ਨੇ ਇਮਾਨਦਾਰੀ ਨਾਲ ਦੋਸ਼ੀਆਂ ਦੀ ਭਾਲ ਕੀਤੀ ਗਈ ਅਤੇ ਅਸਲੀ ਦੋਸ਼ੀਆਂ ਦੀ ਪਹਿਚਾਣ ਲਈ ਕੇਸ ਨੂੰ ਸੀ.ਬੀ.ਆਈ ਦੇ ਹਵਾਲੇ ਵੀ ਕੀਤਾ ਗਿਆ ਅਤੇ ਅਕਾਲੀ ਦਲ ਪ੍ਰਧਾਨ ਮੰਤਰੀ ਅਤੇ ਕਾਨੂੰਨ ਮੰਤਰੀ ਨੂੰ ਵੀ ਮਿਲਿਆ ਸੀ, ਪ੍ਰੰਤੂ ਅਜੇ ਤਕ ਕੋਈ ਕਾਰਵਾਈ ਸਾਹਮਣੇ ਨਹੀਂ ਆਈ। ਚੰਦੂਮਾਜਰਾ ਨੇ ਮੰਗ ਕੀਤੀ ਕਿ ਸੀ.ਬੀ.ਆਈ. ਦੀ ਜਾਂਚ ਤੁਰਤ ਹੋਵੇ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖ਼ਤ ਸਜ਼ਾ ਦਿਵਾਈ ਜਾਵੇ।