
ਸਿੱਖ ਕੌਮ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ.......
ਅੰਮ੍ਰਿਤਸਰ : ਸਿੱਖ ਕੌਮ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੂੰ 'ਸ਼੍ਰੋਮਣੀ ਪੰਥ ਰਤਨ' ਦੀ ਉਪਾਧੀ ਨਾਲ ਸਨਮਾਨਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਖ਼ਾਲਸਾ ਨੇ ਦਿਤਾ। ਸਨਮਾਨ ਦੇਣ ਸਮੇਂ ਗਿਆਨੀ ਇਕਬਾਲ ਸਿੰਘ ਨਾਲ ਭਾਈ ਰਾਜਿੰਦਰ ਸਿੰਘ ਮੁੱਖ ਗ੍ਰੰਥੀ, ਭਾਈ ਬਲਦੇਵ ਸਿੰਘ, ਭਾਈ ਦਲੀਪ ਸਿੰਘ, ਭਾਈ ਗੁਰਵਿੰਦਰ ਸਿੰਘ ਵੀ ਮੌਜੂਦ ਸਨ।
ਬਾਬਾ ਬਲਬੀਰ ਸਿੰਘ ਨੂੰ ਸਨਮਾਨ ਵਿਚ ਤਖ਼ਤ ਸਾਹਿਬ ਵਲੋਂ ਇਕ ਚਾਂਦੀ ਦੀ ਵਿਸ਼ੇਸ਼ ਤਸ਼ਤਰੀ, ਸਿਰੋਪਾਉ, ਲੋਈ ਅਤੇ ਸ੍ਰੀ ਸਾਹਿਬ ਦੇ ਕੇ ਨਿਵਾਜਿਆ ਗਿਆ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਤੋਂ ਵੀ ਬਾਬਾ ਬਲਬੀਰ ਸਿੰਘ ਨੂੰ 'ਸ਼੍ਰੋਮਣੀ ਸੇਵਾ ਰਤਨ' ਦਾ ਸਨਮਾਨ ਮਿਲ ਚੁਕਾ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਅੱਜ ਹੋਏ ਸਨਮਾਨ ਸਮਾਗਮ ਦੌਰਾਨ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਸਮੁੱਚੀਆਂ ਸਿੱਖ ਜਥੇਬੰਦੀਆਂ ਵਿਚ ਤਾਲਮੇਲ ਬਣਾਉਣ ਅਤੇ ਸ਼ਤਾਬਦੀਆਂ ਦੌਰਾਨ
ਗੁਰਮਤਿ ਸਮਾਗਮਾਂ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣ ਵਿਚ ਵੱਡਮੁਲਾ ਯੋਗਦਾਨ ਪਾਇਆ ਹੈ। ਇਸ ਤੋਂ ਇਲਾਵਾ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਨਿਹੰਗ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਗੁਰਮਤਿ ਵਿਚਾਰਧਾਰਾ, ਸਿੱਖ ਸਿਧਾਂਤਾਂ ਅਤੇ ਸਿੱਖ ਇਤਿਹਾਸ ਨੂੰ ਪ੍ਰਚਾਰਨ ਤੇ ਪ੍ਰਸਾਰਨ ਵਿਚ ਵੀ ਬਾਖੂਬੀ ਭੂਮਿਕਾ ਨਿਭਾਈ ਹੈ।
ਗਿਆਨੀ ਇਕਬਾਲ ਸਿੰਘ ਨੇ ਕਿਹਾ ਕਿ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਸਿੱਖ ਮਾਰਸ਼ਲ ਆਰਟ ਗਤਕਾ ਅਤੇ ਘੋੜ ਸਵਾਰੀ ਲਈ ਸਿੱਖ ਨੌਜੁਆਨੀ ਨੂੰ ਮਾਰਗ ਦਰਸ਼ਨ ਦੇਣ ਦੇ ਨਾਲ-ਨਾਲ ਵਿਦਿਆ ਦੇ ਖੇਤਰ ਵਿਚ ਵੀ ਜ਼ਿਕਰਯੋਗ ਹਿੱਸਾ ਪਾਇਆ। ਇਨ੍ਹਾਂ ਦੀਆਂ ਪੰਥਕ ਸੇਵਾਵਾਂ ਬਦਲੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਇਨ੍ਹਾਂ ਨੂੰ ਸਨਮਾਨਤ ਕੀਤਾ ਗਿਆ ਹੈ।