20 ਦਸੰਬਰ ਦੇ ਰੋਸ ਮਾਰਚ ਵਿਚ ਵੱਡੀ ਤਾਦਾਦ ਵਿਚ ਸਿੱਖ ਹੋਣ ਸ਼ਾਮਲ
Panthak News: ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੇ ਪੱਖਪਾਤੀ ਰਵਈਏ ਕਾਰਨ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਸ਼ੁਰੂ ਕਰ ਦਿਤੀ ਹੈ ਕਿਉਂਕਿ ਭਾਈ ਰਾਜੋਆਣਾ ਦੀ ਫਾਂਸੀ ਨੂੰ ਰੱਦ ਕਰਨ ਦੀ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਅਪੀਲ ਨੂੰ 11 ਸਾਲ 8 ਮਹੀਨੇ ਬਾਅਦ ਵੀ ਰਾਸ਼ਟਰਪਤੀ ਵਲੋਂ ਹੁੰਗਾਰਾ ਨਾ ਦੇਣਾ ਸਿੱਖਾਂ ਨੂੰ ਪਰਲੇ ਦਰਜੇ ਦਾ ਸ਼ਹਿਰੀ ਹੋਣ ਦਾ ਅਹਿਸਾਸ ਕਰਵਾਉਂਦਾ ਹੈ।
ਅਜ ਇਥੇ ਜਾਰੀ ਇਕ ਬਿਆਨ ਵਿਚ ਇਹ ਪ੍ਰਗਟਾਵਾ ਸ਼੍ਰੋਮਣੀ ਇਸਤਰੀ ਅਕਾਲੀ ਦਲ ਦਿੱਲੀ ਸਟੇਟ ਦੀ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਮੈਂਬਰ ਬੀਬੀ ਰਣਜੀਤ ਕੌਰ ਨੇ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਬੰਦੀਆਂ ਦਾ ਮਸਲਾ ਚੁਕਣ ਲਈ ਸ਼੍ਰੋਮਣੀ ਕਮੇਟੀ ਅਤੇ ਇਨਸਾਫ਼ ਪਸੰਦ ਲੋਕਾਂ ਵਲੋਂ 20 ਦਸੰਬਰ ਨੂੂੰ ਗੁਰਦਵਾਰਾ ਬੰਗਲਾ ਸਾਹਿਬ ਤੋਂ ਰਾਸ਼ਟਰਪਤੀ ਭਵਨ ਤਕ ਰੋਸ ਮਾਰਚ ਉਲੀਕਿਆ ਗਿਆ ਹੈ। ਰੋਸ ਮਾਰਚ ਦੀ ਤਿਆਰੀ ਲਈ 7 ਦਸੰਬਰ ਨੂੰ ਦਿੱਲੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਇਕਾਈ ਦੀ ਮੀਟਿੰਗ ਰੱਖੀ ਗਈ ਹੈ, ਵਿਚ ਵੱਡੀ ਤਾਦਾਦ ਵਿਚ ਐਗ਼ਜ਼ੈਕਟਿਵ ਮੈਂਬਰ ਤੇ ਹੋਰ ਅਹੁਦੇਦਾਰ ਸ਼ਾਮਲ ਹੋਣਗੇ।