
ਪੰਜਾਬ ਸਰਕਾਰ ਅਤੇ ਐਸਜੀਪੀਸੀ ਨੇ 550ਵੇਂ ਪ੍ਰਕਾਸ਼ ਪੁਰਬ ਲਈ ਆਪਸੀ ਤਾਲਮੇਲ ਨਾ ਬਣਾਉਣ ਦੇ ਦੋਸ਼ ਲਗਾਏ
ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੂਬਾ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵਿਚਕਾਰ ਭਾਰੀ ਤਾਲਮੇਲ ਦੀ ਕਮੀ ਸਾਹਮਣੇ ਆਈ ਹੈ। ਦੋਵੇਂ ਇਕ-ਦੂਜੇ 'ਤੇ ਆਪਸੀ ਤਾਲਮੇਲ ਨਾ ਬਣਾਉਣ ਦਾ ਦੋਸ਼ ਲਗਾ ਰਹੀਆਂ ਹਨ, ਜਿਸ ਕਾਰਨ ਇਹ ਮਾਮਲਾ ਸਿਆਸਤ ਦੀ ਭੇਟ ਚੜ੍ਹਦਾ ਨਜ਼ਰ ਆ ਰਿਹਾ ਹੈ। ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਅਗਵਾਈ ਹੇਠ ਹੋਈ ਤਾਲਮੇਲ ਕਮੇਟੀ ਦੀ ਮੀਟਿੰਗ 'ਚ ਸਰਕਾਰ ਵੱਲੋਂ ਸਹਿਯੋਗ ਨਾ ਕਰਨ ਦਾ ਦੋਸ਼ ਲਗਾਇਆ ਗਿਆ ਸੀ।
Captain Amarinder Singh
ਐਸਜੀਪੀਸੀ ਵੱਲੋਂ ਸੂਬਾ ਸਰਕਾਰ 'ਤੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਤਿਹਾਸਕ ਦਿਹਾੜੇ ਦੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕਣ ਲਈ ਧਾਰਮਕ ਸੰਸਥਾਵਾਂ ਨਾਲ ਤਾਲਮੇਲ ਲਈ ਪਹਿਲਾਂ ਹੀ ਮੰਤਰੀਆਂ ਦਾ ਸਮੂਹ ਬਣਾਇਆ ਹੋਇਆ ਹੈ। ਤਾਲਮੇਲ ਕਮੇਟੀ ਦੀ ਮੀਟਿੰਗ ਵਿਚ ਸੂਬਾ ਸਰਕਾਰ ’ਤੇ ਹਿੱਸਾ ਨਾ ਲੈਣ ਦੇ ਸ਼੍ਰੋਮਣੀ ਕਮੇਟੀ ਵਲੋਂ ਲਾਏ ਦੋਸ਼ਾਂ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀਆਂ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ. ਸੋਨੀ ’ਤੇ ਆਧਾਰਤ ਮੰਤਰੀਆਂ ਦੇ ਸਮੂਹ ਨੂੰ ਪਹਿਲਾਂ ਨਿਰਦੇਸ਼ ਦਿੱਤੇ ਹੋਏ ਹਨ ਕਿ ਉਹ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਨਾਲ ਸਾਰੇ ਮਾਮਲਿਆਂ ’ਤੇ ਚਰਚਾ ਕਰਨ।
SGPC
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਾਂਝਾ ਸਮਾਗਮ ਕਰਨ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ’ਤੇ ਮਾਮਲੇ ਵਿਚ ਸੂਬਾ ਸਰਕਾਰ ’ਤੇ ਇਹ ਦੋਸ਼ ਲਾਉਣਾ ਕਿ ਉਹ ਸਾਂਝਾ ਸਮਾਗਮ ਕਰਵਾਉਣ ਵਿਚ ਕੋਈ ਦਿਲਚਸਪੀ ਨਹੀਂ ਦਿਖਾ ਰਹੀ ਹੈ, ਸਰਾਸਰ ਗ਼ਲਤ ਹੈ। ਸਗੋਂ ਸ਼੍ਰੋਮਣੀ ਕਮੇਟੀ ਸੂਬਾ ਸਰਕਾਰ ਨਾਲ ਇਸ ਇਤਿਹਾਸਕ ਦਿਹਾੜੇ ਨੂੰ ਸਾਂਝੇ ਮੰਚ ’ਤੇ ਮਨਾਉਣ ਤੋਂ ਭੱਜ ਰਹੀ ਹੈ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਦਿਆਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਅਜਿਹਾ ਇਤਿਹਾਸਕ ਦਿਹਾੜਾ ਸ਼੍ਰੋਮਣੀ ਕਮੇਟੀ ਨਾਲ ਸਾਂਝੇ ਤੌਰ ’ਤੇ ਮਨਾਇਆ ਜਾਵੇ ਅਤੇ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਵੀ ਇਸ ਮਾਮਲੇ ’ਤੇ ਖੁੱਲੇ ਵਿਚਾਰ ਰੱਖਣ ਲਈ ਕਿਹਾ।
Gobind Singh Longowal
ਮੁੱਖ ਮੰਤਰੀ ਨੇ ਯਾਦ ਦਿਵਾਉਦਿਆਂ ਕਿਹਾ ਕਿ ਚੰਡੀਗੜ੍ਹ ਵਿਚ 27 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠਲੇ ਵਫ਼ਦ ਨਾਲ ਕੀਤੀ ਮੀਟਿੰਗ ਵਿਚ ਉਨ੍ਹਾਂ ਅਪੀਲ ਕੀਤੀ ਸੀ ਕਿ ਸਮਾਗਮ ਮਨਾਉਣ ਲਈ ਵੱਖ-ਵੱਖ ਮਾਮਲਿਆਂ ’ਤੇ ਸਾਂਝੀ ਰਾਏ ਬਣਾਈ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਅਪੀਲ ਦੁਹਰਾਉਂਦਿਆਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੱਦਾ ਦਿੰਦੇ ਹਨ ਕਿ ਅਗਲੇ ਦਿਨਾਂ ਵਿਚ ਸੱਦੀ ਜਾਣ ਵਾਲੀ ਰਾਜ ਪਧਰੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਹੋਣ ਤਾਂ ਜੋ ਆਪਸੀ ਗੱਲਬਾਤ ਨਾਲ ਸਾਰੇ ਜੁੜੇ ਹੋਏ ਮਾਮਲਿਆਂ ’ਤੇ ਵਿਚਾਰ ਕੀਤਾ ਜਾ ਸਕੇ।
Nagar Kirtan
ਮੁੱਖ ਮੰਤਰੀ ਨੇ ਇਨ੍ਹਾਂ ਜਸ਼ਨਾਂ ਨੂੰ ਮਨਾਉਣ ਵਾਲੇ ਸਮਾਗਮਾਂ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੂਰਨ ਸਾਥ ਤੇ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਉਦਿਆਂ ਕਿਹਾ ਕਿ ਅਜਿਹੇ ਮੌਕੇ ਜ਼ਿੰਦਗੀ ਵਿਚ ਇਕ ਵਾਰ ਹੀ ਮਿਲਦੇ ਹਨ ਜਿਸ ਕਾਰਨ ਸਾਨੂੰ ਰਾਜਸੀ, ਸਮਾਜਕ ਤੇ ਧਾਰਮਕ ਪੱਧਰ ਤੋਂ ਉਪਰ ਉਠ ਕੇ ਰਲ-ਮਿਲ ਕੇ ਅਜਿਹੇ ਸੁਭਾਗੇ ਪਲ ਮਨਾਉਣੇ ਚਾਹੀਦੇ ਹਨ। ਉਨ੍ਹਾਂ ਐਸ.ਜੀ.ਜੀ.ਪੀ. ਨੂੰ ਅਪੀਲ ਕੀਤੀ ਕਿ ਉਹ ਪਹਿਲੇ ਸਿੱਖ ਗੁਰੂ ਵਲੋਂ ਆਲਮੀ ਪਿਆਰ, ਧਾਰਮਕ ਸ਼ਹਿਣਸ਼ੀਲਾ ਤੇ ਸਦਭਾਵਨਾ ਦੇ ਦਿੱਤੇ ਸੰਦੇਸ਼ ਨੂੰ ਫ਼ੈਲਾਉਂਦੇ ਹੋਏ ਵੱਡਾ ਦਿਲ ਦਿਖਾਉਣ ਅਤੇ ਏਕਤਾ ਦਾ ਪ੍ਰਦਰਸ਼ਨ ਕਰਨ।