
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਿੱਖਿਆ ਸੰਸਥਾਵਾਂ ਦੇ ਡਾਇਰੈਕਟਰ ਡਾ. ਤੇਜਿੰਦਰ ਕੌਰ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਡਾ. ਤੇਜਿੰਦਰ ਕੌਰ ਕਾਫੀ ਲੰਬੇ ਸਮੇਂ ਇਸ ਅਹੁਦੇ ’ਤੇ ਤਾਇਨਾਤ ਸਨ। ਰੋਜ਼ਾਨਾ ਸਪੋਕਸਮੈਨ ਨੇ ਉਹਨਾਂ ਦੇ ਅਸਤੀਫ਼ੇ ਦਾ ਕਾਰਨ ਜਾਣਨ ਲਈ ਉਹਨਾਂ ਨਾਲ ਫੋਨ ’ਤੇ ਸੰਪਰਕ ਕੀਤਾ ਅਤੇ ਜਦੋਂ ਉਹਨਾਂ ਕੋਲੋਂ ਅਸਤੀਫ਼ੇ ਦਾ ਕਾਰਨ ਪੁੱਛਿਆ ਗਿਆ ਤਾਂ ਉਹਨਾਂ ਨੇ ਕੋਈ ਵੀ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।
ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਇਲਾਕਿਆਂ ਵਿਚ ਵਿਦਿਅਕ ਅਦਾਰੇ ਚਲਾਏ ਜਾ ਰਹੇ ਹਨ। ਪੰਜਾਬ ਤੋਂ ਇਲਾਵਾ ਹਰਿਆਣਾ ਵਿਚ ਵੀ ਇਹ ਵਿਦਿਅਕ ਸੰਸਥਾਵਾਂ ਸਥਾਪਤ ਹਨ। ਤੇਜਿੰਦਰ ਕੌਰ ਧਾਲੀਵਾਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਰਹਿਣ ਦੇ ਨਾਲ-ਨਾਲ ਪੀਪੀਐਸਈ ਦੇ ਮੈਂਬਰ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਤੇਜਿੰਦਰ ਕੌਰ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਿੰਸੀਪਲ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ।