
ਵਰਲਡ ਯੂਨੀਵਰਸਟੀ ਵਿਖੇ ਖੁੱਲ੍ਹੇਗਾ ਆਈ.ਏ.ਐਸ., ਆਈ.ਪੀ.ਐਸ. ਦੀ ਤਿਆਰੀ ਲਈ ਕੋਚਿੰਗ ਸੈਂਟਰ : ਭਾਈ ਲੌਂਗੋਵਾਲ
ਸੁਲਤਾਨਪੁਰ ਲੋਧੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਕੋਚਿੰਗ ਸੈਂਟਰ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਕਈ ਹੋਰ ਅਹਿਮ ਫ਼ੈਸਲੇ ਵੀ ਲਏ ਗਏ।
Gobind Singh Longowal
ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਈ.ਏ.ਐਸ., ਆਈ.ਪੀ.ਐਸ. ਅਤੇ ਪੀ.ਸੀ.ਐਸ. ਦੀ ਤਿਆਰੀ ਲਈ ਇਕ ਕੇਂਦਰ ਖੋਲ੍ਹਿਆ ਜਾਵੇਗਾ ਜਿਸ ਵਿਚ ਸਿੱਖ ਵਿਦਿਆਰਥੀਆਂ ਦੀ ਇਨ੍ਹਾਂ ਮੁਕਾਬਲਾ ਪ੍ਰੀਖਿਆਵਾਂ ਲਈ ਫ਼ਰੀ ਤਿਆਰੀ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਨੌਜੁਆਨੀ ਨੂੰ ਸਿੱਖ ਮਾਰਸ਼ਲ ਆਰਟ ਨਾਲ ਜੋੜਨ ਲਈ ਇਥੇ ਹੀ ਗਤਕਾ ਅਕੈਡਮੀ ਵੀ ਖੋਲ੍ਹੀ ਜਾਵੇਗੀ। ਕੋਚਿੰਗ ਸੈਂਟਰ ਅਤੇ ਗਤਕਾ ਅਕੈਡਮੀ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪਟਿਆਲਾ ਦਾ ਵਿਸ਼ੇਸ਼ ਸਹਿਯੋਗ ਹੋਵੇਗਾ।
SGPC
ਉਨ੍ਹਾਂ ਇਹ ਵੀ ਦਸਿਆ ਕਿ ਜੂਨ 1984 ਦੇ ਫ਼ੌਜੀ ਹਮਲੇ ਦੌਰਾਨ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਸ੍ਰੀ ਅੰਮ੍ਰਿਤਸਰ ਦੇ ਚੋਰੀ ਕੀਤੇ ਗਏ ਸਾਹਿਤਕ ਖ਼ਜ਼ਾਨੇ ਦੀ ਵਾਪਸੀ ਬਾਰੇ ਛਪੀਆਂ ਖ਼ਬਰਾਂ ਦੇ ਸਬੰਧ ਵਿਚ 13 ਜੂਨ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਮੌਜੂਦਾ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ ਬੁਲਾਈ ਗਈ ਹੈ ਜੋ ਇਸ ਮਾਮਲੇ ਬਾਰੇ ਤੱਥ ਪੜਚੋਲ ਕਰੇਗੀ। ਇਸ ਮਗਰੋਂ ਅਗਲੀ ਕਾਰਵਾਈ ਹੋਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਅਨੁਸਾਰ ਇਕੱਤਰਤਾ ਵਿਚ ਯੂ.ਪੀ.ਐਸ.ਸੀ. ਦੇ ਇਮਤਿਹਾਨ ਵਿਚੋਂ 44ਵਾਂ ਰੈਂਕ ਹਾਸਲ ਕਰ ਕੇ ਆਈ.ਏ.ਐਸ. ਬਣਨ ਵਾਲੀ ਨਾਨੋਵਾਲ ਖ਼ੁਰਦ (ਗੁਰਦਾਸਪੁਰ) ਦੀ ਲੜਕੀ ਅੰਮ੍ਰਿਤਪਾਲ ਕੌਰ ਨੂੰ 1 ਲੱਖ ਰੁਪਏ ਸਨਮਾਨ ਵਜੋਂ ਦੇਣ ਦਾ ਫ਼ੈਸਲਾ ਕੀਤਾ ਗਿਆ।
Gobind Singh Longowal
ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਗ ਲੱਗਣ ਕਾਰਨ ਦੁਕਾਨਾਂ ਸੜਨ ਦੀ ਜੋ ਮੰਦਭਾਗੀ ਘਟਨਾ ਵਾਪਰੀ ਹੈ, ਦੇ ਪ੍ਰਭਾਵਤ ਦੁਕਾਨਦਾਰਾਂ ਨਾਲ ਸ਼੍ਰੋਮਣੀ ਕਮੇਟੀ ਹਮਦਰਦੀ ਰੱਖਦੀ ਹੈ। ਉਨ੍ਹਾਂ ਦਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਇਕ ਸਬ-ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਦੀ ਰੀਪੋਰਟ ਅਨੁਸਾਰ ਦੁਕਾਨਦਾਰਾਂ ਦੀ ਸਹਾਇਤਾ ਕੀਤੀ ਜਾਵੇਗੀ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਖਦੇਵ ਸਿੰਘ ਬਾਠ, ਪ੍ਰਸਿੱਧ ਸਿੱਖ ਇਤਿਹਾਸਕਾਰ ਡਾ. ਕਿਰਪਾਲ ਸਿੰਘ ਅਤੇ ਫ਼ੈਡਰੇਸ਼ਨ ਦੇ ਮੋਢੀ ਡਾ. ਸੰਤੋਖ ਸਿੰਘ ਭੋਪਾਲ ਦੇ ਅਕਾਲ ਚਲਾਣੇ ਸਬੰਧੀ ਸ਼ੋਕ ਮਤੇ ਵੀ ਪੜ੍ਹੇ ਗਏ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਨੂੰ ਵੀ ਵਿਚਾਰਿਆ ਗਿਆ।