
ਭਾਈ ਲੌਂਗੋਵਾਲ ਨੇ ਪਾਕਿ ਪ੍ਰਧਾਨ ਮੰਤਰੀ, ਲਹਿੰਦੇ ਪੰਜਾਬ ਦੇ ਗਵਰਨਰ, ਮੁੱਖ ਮੰਤਰੀ, ਔਕਾਫ਼ ਬੋਰਡ ਦੇ ਚੇਅਰਮੈਨ ਤੇ ਪਾਕਿ ਕਮੇਟੀ ਦੇ ਪ੍ਰਧਾਨ ਨੂੰ ਦਿਤਾ ਸੱਦਾ
ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 25 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖ਼ਾਨ, ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ, ਮੁੱਖ ਮੰਤਰੀ ਸਰਦਾਰ ਉਸਮਾਨ ਅਹਿਮਦ ਖ਼ਾਨ ਬੁਜ਼ਦਾਰ, ਔਕਾਫ਼ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਅਤੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਨੂੰ ਪੱਤਰ ਲਿਖਿਆ ਹੈ।
Nagar Kirtan
ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਸਬੰਧੀ ਵੀਜ਼ਾ ਪ੍ਰਕਿਰਿਆ ਲਈ ਪਹਿਲੀ ਸੂਚੀ ਪਾਕਿਸਤਾਨ ਸਰਕਾਰ ਨੂੰ ਭੇਜ ਦਿਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਸਜਾਏ ਜਾ ਰਹੇ ਇਸ ਇਤਿਹਾਸਕ ਨਗਰ ਕੀਰਤਨ ਲਈ ਤਿਆਰੀਆਂ ਜਾਰੀ ਹਨ, ਜਿਸ ਦੇ ਚਲਦਿਆਂ ਜਿਥੇ ਪਾਕਿਸਤਾਨ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਭੇਜਿਆ ਗਿਆ ਹੈ, ਉਥੇ ਹੀ ਸ਼ਰਧਾਲੂਆਂ ਦੇ ਵੀਜ਼ਿਆਂ ਲਈ ਵੀ ਕਾਰਵਾਈ ਆਰੰਭੀ ਗਈ ਹੈ।
Gobind Singh Longowal and others
ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ, ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਤੇ ਮੈਂਬਰ ਸਾਹਿਬਾਨ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ, ਚੀਫ਼ ਖ਼ਾਲਸਾ ਦੀਵਾਨ, ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਨੁਮਇੰਦੇ ਸ਼ਾਮਲ ਹੋਣਗੇ।
SGPC
ਸ਼੍ਰੋਮਣੀ ਕਮੇਟੀ ਪ੍ਰਧਾਨ ਅਨੁਸਾਰ ਸ੍ਰੀ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਤੋਂ ਪਹਿਲਾਂ ਅਗਾਊਂ ਪ੍ਰਬੰਧਾਂ ਲਈ ਇਕ ਵਫ਼ਦ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਰਾਗੀ ਜਥੇ, ਨਿਸ਼ਾਨਚੀ, ਨਗਾਰਚੀ ਵੀ ਭੇਜੇ ਜਾਣਗੇ। ਵਿਸ਼ੇਸ਼ ਤੌਰ 'ਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਨਗਾਰਾ ਸ੍ਰੀ ਨਨਕਾਣਾ ਸਾਹਿਬ ਲਿਜਾਇਆ ਜਾਵੇਗਾ। ਉਨ੍ਹਾਂ ਪਾਕਿਸਤਾਨ 'ਚ ਵੱਸਣ ਵਾਲੇ ਸਿੱਖਾਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਗਰ ਕੀਰਤਨ 'ਚ ਸ਼ਾਮਲ ਹੋਣ ਦਾ ਸੱਦਾ ਵੀ ਦਿਤਾ।