
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੱਲਕੇ ਬੇਅਦਬੀ ਮਾਮਲੇ ’ਚ ਡੇਰਾ ਪੈਰੋਕਾਰਾਂ ਨੂੰ ਸਜ਼ਾਵਾਂ ’ਤੇ ਦਿੱਤਾ ਪ੍ਰਤੀਕਰਮ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ’ਚ ਵਾਪਰੇ ਬੇਅਦਬੀ ਮਾਮਲਿਆਂ ਵਿਚ ਦੋਸ਼ੀ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਵਕਾਲਤ ਕਰਦਿਆਂ ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ’ਚ ਸਾਲ 2015 ਵਿਚ ਹੋਈ ਬੇਅਦਬੀ ਦੀ ਘਟਨਾ ਦੇ ਦੋਸ਼ੀ ਡੇਰਾ ਪ੍ਰੇਮੀਆਂ ਨੂੰ ਅਦਾਲਤ ਵੱਲੋਂ ਸਜ਼ਾ ਦੇਣ ਦਾ ਸਵਾਗਤ ਕੀਤਾ ਹੈ।
Harjinder Singh Dhami
ਉਂਝ ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੇ ਸੰਗੀਨ ਜ਼ੁਰਮ ’ਚ ਸ਼ਾਮਲ ਲੋਕਾਂ ਨੂੰ ਉਮਰ ਕੈਦ ਵਰਗੀਆਂ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ, ਤਾਂ ਜੋ ਅਜਿਹਾ ਕਰਨ ਦੀ ਕਿਸੇ ਦੀ ਹਿੰਮਤ ਨਾ ਪਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਮੱਲਕੇ ’ਚ ਹੋਈ ਬੇਅਦਬੀ ਮਾਮਲੇ ਵਿਚ ਡੇਰਾ ਸਿਰਸਾ ਨਾਲ ਸਬੰਧਤ ਲੋਕਾਂ ਦੀ ਭੂਮਿਕਾ ਸਪੱਸ਼ਟ ਹੋਈ ਹੈ ਅਤੇ ਇਸੇ ਤਰ੍ਹਾਂ ਹੀ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਬੇਅਦਬੀ ਵਿਚ ਵੀ ਸਿੱਟ ਦੀ ਰਿਪੋਰਟ ਨੇ ਡੇਰਾ ਸਿਰਸਾ ਮੁਖੀ ਅਤੇ ਉਸ ਦੇ ਪੈਰੋਕਾਰਾਂ ਨੂੰ ਨੰਗਾ ਕੀਤਾ ਹੈ।
Harjinder Singh Dhami
ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਅਨੁਸਾਰ ਡੇਰਾ ਸਿਰਸਾ ਮੁਖੀ ਖਿਲਾਫ ਵੀ ਕਰੜੀ ਕਾਰਵਾਈ ਹੋਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਨੂੰ ਡੇਰਾ ਮੁਖੀ ਨੂੰ ਗ੍ਰਿਫ਼ਤਾਰ ਕਰਨ ਲਈ ਲੋੜੀਂਦੀ ਪ੍ਰਕਿਰਿਆ ਪੂਰੀ ਕਰਕੇ ਕਾਰਵਾਈ ਅੱਗੇ ਵਧਾਉਣੀ ਚਾਹੀਦੀ ਹੈ ਤਾਂ ਜੋ ਸਿੱਖ ਸੰਗਤਾਂ ਨੂੰ ਇਨਸਾਫ ਮਿਲ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰਾਂ ਤੋਂ ਮੰਗ ਕੀਤੀ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਵਿਚ ਇਨਸਾਫ ਜਲਦ ਮਿਲਣਾ ਚਾਹੀਦਾ ਹੈ ਅਤੇ ਸਜ਼ਾਵਾਂ ਵੀ ਮਿਸਾਲੀ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੇਅਦਬੀ ਮਾਮਲਿਆਂ ਵਿਚ ਉਮਰ ਕੈਦ ਦੀ ਸਜ਼ਾ ਦਾ ਪ੍ਰਬੰਧ ਕੀਤਾ ਜਾਵੇ।