
ਆਤਮਿਕ ਸ਼ਾਂਤੀ ਲਈ 16 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਜਾਵੇਗੀ ਸਮੂਹਿਕ ਅਰਦਾਸ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਸਾਰੀਆਂ ਸੰਗਤਾਂ ਨੂੰ 16 ਅਗਸਤ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 16 ਅਗਸਤ ਨੂੰ 1947 ਵਿਚ ਦੇਸ਼ ਦੀ ਵੰਡ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਰੀਬ 10 ਲੱਖ ਪੰਜਾਬੀਆਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਮੌਕੇ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਸਮੂਹਿਕ ਅਰਦਾਸ ਕੀਤੀ ਜਾਵੇਗੀ। ਉਹਨਾਂ ਕਿਹਾ ਕਿ 10 ਤੋਂ 16 ਅਗਸਤ ਤੱਕ ਸਮੁੱਚੀ ਸਿੱਖ ਕੌਮ ਨੂੰ ਮੂਲ ਮੰਤਰ ਅਤੇ ਜਪੁਜੀ ਸਾਹਿਬ ਜੀ ਦੇ ਪਾਠ ਕਰਨੇ ਚਾਹੀਦੇ ਹਨ ਅਤੇ ਇਸ ਸੰਘਰਸ਼ ਵਿਚ ਜਾਨਾਂ ਵਾਰਨ ਵਾਲਿਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨੀ ਚਾਹੀਦੀ ਹੈ।
ਉਹਨਾਂ ਕਿਹਾ, “ਜਿਨ੍ਹਾਂ 10 ਲੱਖ ਪੰਜਾਬੀਆਂ ਦੀਆਂ ਲਾਸ਼ਾਂ ’ਤੇ ਵਾਹਗੇ ਦੀ ਲਕੀਰ ਵਾਹੀ ਗਈ। ਆਓ 75 ਵਰ੍ਹੇ ਪਹਿਲਾਂ ਕੁਝ ਕੁ ਨੇਤਾਵਾਂ ਦੇ ਜਿਹਨ ਵਿਚੋਂ ਉੱਠੀ ਫਿਰਕੂ ਹਨੇਰੀ ਕਾਰਨ ਬੇਰਹਿਮੀ ਨਾਲ ਕਤਲ ਕੀਤੇ ਉਹਨਾਂ ਲੱਖਾਂ ਬੇਗੁਨਾਹਾਂ ਨੂੰ ਯਾਦ ਕਰਦਿਆਂ 16 ਅਗਸਤ ਨੂੰ 9 ਵਜੇ ਸਵੇਰੇ ਸ੍ਰੀ ਅਕਾਲ ਤਖਤ ਸਾਹਿਬ ਤੇ ਹੋ ਰਹੀ ਅਰਦਾਸ ਵਿਚ ਸ਼ਾਮਲ ਹੋਈਏ”।