
ਮੁਕੰਮਲ ਤੱਥ ਜਨਤਕ ਕਰਾਂਗੇ: ਪ੍ਰੋ. ਬਡੂੰਗਰ
ਅੰਮ੍ਰਿਤਸਰ : ਸਿੱਖ ਰੈਫ਼ਰੈਂਸ ਲਾਇਬ੍ਰੇਰੀ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਬਣਾਈ ਗਈ ਸਬ ਕਮੇਟੀ ਦੀ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਹੋਈ ਜਿਸ ਵਿਚ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸਾਬਕਾ ਸਕੱਤਰ ਸ. ਦਿਲਮੇਘ ਸਿੰਘ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ (ਕੋਆਰਡੀਨੇਟਰ) ਸ਼ਾਮਲ ਹੋਏ। ਇਕੱਤਰਤਾ ਦੌਰਾਨ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦੇ ਜੂਨ 1984 ਦੌਰਾਨ ਭਾਰਤੀ ਫ਼ੌਜ ਵਲੋਂ ਚੁੱਕੇ ਗਏ ਸਾਹਿਤਕ ਖ਼ਜ਼ਾਨੇ ਸਬੰਧੀ ਵਿਚਾਰ-ਚਰਚਾ ਕੀਤੀ ਗਈ।
Kirpal Singh Badungar
ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਦਸਿਆ ਕਿ ਫ਼ਿਲਹਾਲ ਮੁਢਲੇ ਤੌਰ 'ਤੇ ਜਾਂਚ ਆਰੰਭੀ ਗਈ ਹੈ ਅਤੇ ਇਸ ਸਬੰਧੀ ਅਗਲੀ ਇਕੱਤਰਤਾ 19 ਜੁਲਾਈ ਨੂੰ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਨੂੰ ਸਮੇਂ ਦੀ ਕੇਂਦਰ ਸਰਕਾਰ ਨੇ ਤਬਾਹ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਅਤੇ ਸ਼੍ਰੋਮਣੀ ਕਮੇਟੀ ਨੇ ਇਸ ਨੂੰ ਮੁੜ ਸਥਾਪਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ 6 ਜੂਨ ਤੋਂ ਪਹਿਲਾਂ ਅਤੇ ਬਾਅਦ ਦੀ ਸਥਿਤੀ ਬਾਰੇ ਜਾਣਨ ਲਈ ਪੜਚੋਲ ਕਰੇਗੀ ਜਿਸ ਮਗਰੋਂ ਸਿੱਖ ਜਗਤ ਨੂੰ ਨਿਰਪੱਖ ਤੱਥ ਦਸੇ ਜਾਣਗੇ।
Sikh Reference Library
ਉਨ੍ਹਾਂ ਇਹ ਵੀ ਕਿਹਾ ਕਿ ਵਿਦੇਸ਼ ਅੰਦਰ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਹੱਥ ਲਿਖਤ ਸਰੂਪ ਜਾਣ ਦੇ ਦੋਸ਼ਾਂ ਬਾਰੇ ਵੀ ਜਾਂਚ ਕੀਤੀ ਜਾਵੇਗੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਲਾਇਬ੍ਰੇਰੀ ਨਾਲ ਸਬੰਧਤ ਰਹੀਆਂ ਸ਼ਖ਼ਸੀਅਤਾਂ ਨੂੰ 19 ਜੁਲਾਈ ਦੀ ਇਕੱਤਰਤਾ ਵਿਚ ਬੁਲਾ ਕੇ ਉਨ੍ਹਾਂ ਪਾਸੋਂ ਜਾਣਕਾਰੀ ਹਾਸਲ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵੀ ਮੌਜੂਦ ਸਨ।